ਚੰਦਰਯਾਨ-3′ ਦੀ ਲਾਗਤ 615 ਕਰੋੜ, ਭਗਵੰਤ ਮਾਨ ਨੇ ਇਸ਼ਤਿਹਾਰਾਂ ‘ਤੇ ਖਰਚੇ ਦੁੱਗਣੇ ਪੈਸੇ : ਸੁਨੀਲ ਜਾਖੜ

ਚੰਦਰਯਾਨ-3′ ਦੀ ਲਾਗਤ 615 ਕਰੋੜ, ਭਗਵੰਤ ਮਾਨ ਨੇ ਇਸ਼ਤਿਹਾਰਾਂ ‘ਤੇ ਖਰਚੇ ਦੁੱਗਣੇ ਪੈਸੇ : ਸੁਨੀਲ ਜਾਖੜ

ਸੁਨੀਲ ਜਾਖੜ ਨੇ ਲਿਖਿਆ ਕਿ ਇਹ ਆਮ ਆਦਮੀ ਪਾਰਟੀ ਲੀਡਰਸ਼ਿਪ ਦੀ ਸੋਚ ਨੂੰ ਦਰਸਾਉਂਦਾ ਹੈ ਕਿ ਇਹ ਲੋਕ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਆਪਣੀ ਸਿਆਸਤ ਚਮਕਾਉਣ ਲਈ ਕਿਵੇਂ ਖਰਚ ਕਰ ਰਹੇ ਹਨ।

ਸੁਨੀਲ ਜਾਖੜ ਨੂੰ ਜਦੋ ਤੋਂ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਹੈ, ਉਹ ਪਾਰਟੀ ਨੂੰ ਲਗਾਤਾਰ ਮਜਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ 615 ਕਰੋੜ ਰੁਪਏ ਦੀ ਲਾਗਤ ਨਾਲ ਚੰਦਰਯਾਨ-3 ਮਿਸ਼ਨ ਨੂੰ ਪੂਰਾ ਕੀਤਾ ਹੈ, ਪਰ ਦੂਜੇ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ਼ਤਿਹਾਰਾਂ ‘ਤੇ ਲਗਭਗ ਦੁੱਗਣੀ ਰਕਮ ਖਰਚ ਕੀਤੀ ਹੈ।

ਸੁਨੀਲ ਜਾਖੜ ਨੇ ਲਿਖਿਆ ਕਿ ਸੂਬੇ ਦੇ ਕਿਸਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਸੁਨੀਲ ਜਾਖੜ ਨੇ ਲਿਖਿਆ ਕਿ ਇਹ ਆਮ ਆਦਮੀ ਪਾਰਟੀ ਲੀਡਰਸ਼ਿਪ ਦੀ ਸੋਚ ਨੂੰ ਦਰਸਾਉਂਦਾ ਹੈ ਕਿ ਇਹ ਲੋਕ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਆਪਣੀ ਸਿਆਸਤ ਚਮਕਾਉਣ ਲਈ ਕਿਵੇਂ ਖਰਚ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਮਾਨ ਪੰਜਾਬ ਦੇ ਖਜ਼ਾਨੇ ਦਾ ਪੈਸਾ ਦੂਜੇ ਰਾਜਾਂ ਵਿੱਚ ਆਪਣੀ ਪਾਰਟੀ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਖਰਚ ਕਰ ਰਹੇ ਹਨ। ਦੂਜੇ ਪਾਸੇ ਪੰਜਾਬ ਦੇ ਲੋਕ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਤੋਂ ਬਾਅਦ ਪਰੇਸ਼ਾਨ ਹਨ ਅਤੇ ਸਰਕਾਰ ਤੋਂ ਮੁਆਵਜ਼ੇ ਦੀ ਉਮੀਦ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪੰਜਾਬ ਦਾ ਪੈਸਾ ਦੂਜੇ ਰਾਜਾਂ ਵਿੱਚ ਪ੍ਰਚਾਰ ਲਈ ਵਰਤਣ ਨਾਲ ਪੰਜਾਬ ਦੇ ਲੋਕਾਂ ਨੂੰ ਕੀ ਫਾਇਦਾ ਹੋਵੇਗਾ?

ਇਸਤੋਂ ਇਲਾਵਾ ਓਬੀਸੀ ਮੋਰਚਾ ਦੀ ਕਾਰਜਕਾਰਨੀ ਦੀ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਵਿੱਚ ਹੋਵੇਗੀ। ਇਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਸਮੇਤ ਪਾਰਟੀ ਦੇ ਹੋਰ ਆਗੂ ਭਾਗ ਲੈਣਗੇ। ਮੀਟਿੰਗ ‘ਚ 2024 ਦੀਆਂ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਦੀ ਆਉਣ ਵਾਲੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਓ.ਬੀ.ਸੀ ਮੋਰਚਾ ਦੇ ਅਹੁਦੇਦਾਰ ਅਤੇ ਹੋਰ ਮੈਂਬਰ ਵੀ ਪੰਜਾਬ ਦੇ ਭਖਦੇ ਮਸਲਿਆਂ ਬਾਰੇ ਵਿਚਾਰ ਕਰਨਗੇ। ਭਾਜਪਾ ਆਗੂਆਂ ਵੱਲੋਂ ਮੀਟਿੰਗ ਸਬੰਧੀ ਸਾਰੇ ਆਗੂਆਂ ਤੇ ਹੋਰ ਮੈਂਬਰਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਵਿੱਚ ਵਿਚਾਰੇ ਜਾਣ ਵਾਲੇ ਵਿਸ਼ੇ ਅਤੇ ਹੋਰ ਮੁੱਦਿਆਂ ’ਤੇ ਬਣੀ ਸਹਿਮਤੀ ਬਾਰੇ ਸੀਨੀਅਰ ਆਗੂਆਂ ਨੂੰ ਰਿਪੋਰਟ ਦਿੱਤੀ ਜਾਵੇਗੀ।