- ਰਾਸ਼ਟਰੀ
- No Comment
ਨੂਹ ਹਿੰਸਾ ‘ਤੇ ਹਰਿਆਣਾ ਸਰਕਾਰ ਦੀ ਕਾਰਵਾਈ ਸ਼ੁਰੂ, 116 ਲੋਕ ਗ੍ਰਿਫਤਾਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸਰਕਾਰ ਹਿੰਸਾ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ੇਗੀ। ਇਸ ਦੰਗੇ ਨੂੰ ਅੰਜ਼ਾਮ ਦੇਣ ਵਾਲੇ ਹੀ ਨੁਕਸਾਨ ਦੀ ਭਰਪਾਈ ਕਰਨਗੇ।
ਹਰਿਆਣਾ ਦੇ ਨੂਹ ‘ਚ ਦੋ ਭਾਈਚਾਰਿਆਂ ਵਿਚਾਲੇ ਹੋਈ ਹਿੰਸਾ ‘ਚ ਹੁਣ ਤੱਕ ਬਹੁਤ ਨੁਕਸਾਨ ਹੋ ਚੁਕਿਆ ਹੈ। ਹਰਿਆਣਾ ਦੇ ਨੂਹ ਵਿੱਚ ਸੋਮਵਾਰ 31 ਜੁਲਾਈ ਨੂੰ ਹੋਈ ਭਿਆਨਕ ਹਿੰਸਾ ਦੇ ਮਾਮਲੇ ਵਿੱਚ ਖੱਟਰ ਸਰਕਾਰ ਨੇ ਹੁਣ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਗੁੜਗਾਓਂ ਦੇ ਨੂਹ ਅਤੇ ਸੋਹਨਾ ਵਿੱਚ ਹੋਈ ਹਿੰਸਾ ਤੋਂ ਬਾਅਦ ਹਰਿਆਣਾ ਪੁਲਿਸ ਹੁਣ ਤੱਕ 116 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਸ ਦੇ ਨਾਲ ਹੀ 60 ਤੋਂ ਵੱਧ ਲੋਕਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਸ਼ਾਂਤੀ ਬਣਾਈ ਰੱਖਣ ਲਈ ਪੈਰਾਂ ਮਿਲਿਟਰੀ ਫੌਜੀ ਬਲਾਂ ਦੀਆਂ 20 ਕੰਪਨੀਆਂ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਹਿੰਸਾ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ੇਗੀ। ਇਸ ਦੰਗੇ ਨੂੰ ਅੰਜ਼ਾਮ ਦੇਣ ਵਾਲੇ ਹੀ ਨੁਕਸਾਨ ਦੀ ਭਰਪਾਈ ਕਰਨਗੇ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ‘ਤੇ ਕੀਤੀਆਂ ਗਈਆਂ ਪੋਸਟਾਂ ਦੀ ਜਾਂਚ ਲਈ ਇੱਕ ਕਮੇਟੀ ਵੀ ਬਣਾਈ ਗਈ ਹੈ। ਇਸ ਦੇ ਨਾਲ ਹੀ ਨੂਹ ‘ਚ 5 ਅਗਸਤ ਤੱਕ ਇੰਟਰਨੈੱਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਪਲਵਲ, ਫਰੀਦਾਬਾਦ, ਸੋਹਨਾ, ਮਾਨੇਸਰ ਅਤੇ ਪਟੌਦੀ ਵਿੱਚ ਵੀ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜ ਵਿੱਚ ਫਿਰਕੂ ਹਿੰਸਾ ਦੇ ਮੱਦੇਨਜ਼ਰ ਕੇਂਦਰੀ ਬਲਾਂ ਦੀਆਂ ਚਾਰ ਹੋਰ ਕੰਪਨੀਆਂ ਦੀ ਮੰਗ ਕੀਤੀ ਅਤੇ ਕਿਹਾ ਕਿ ਆਈਆਰਬੀ (ਇੰਡੀਅਨ ਰਿਜ਼ਰਵ ਬਟਾਲੀਅਨ) ਦੀ ਇੱਕ ਬਟਾਲੀਅਨ ਨੂੰ ਵੀ ਨੂਹ ਵਿੱਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।
ਇੰਟਰਨੈੱਟ ਬੰਦ ਕਰਨ ਦੇ ਹੁਕਮਾਂ ‘ਚ ਕਿਹਾ ਗਿਆ ਸੀ ਕਿ ਹਰਿਆਣਾ ਦੇ ਨੂਹ, ਫਰੀਦਾਬਾਦ, ਪਲਵਲ ਜ਼ਿਲ੍ਹੇ ਤੋਂ ਇਲਾਵਾ ਗੁੜਗਾਓਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਾਲ ਹੋਈ ਚਰਚਾ ਅਤੇ ਸਮੀਖਿਆ ਦੌਰਾਨ ਇਹ ਗੱਲ ਧਿਆਨ ‘ਚ ਲਿਆਂਦੀ ਗਈ ਹੈ, ਕਿ ਮੌਜੂਦਾ ਸਮੇਂ ‘ਚ ਇਸ ਸਮੇਂ ਹਾਲਾਤ ਖਰਾਬ ਹਨ। ਅਜਿਹੇ ‘ਚ ਉਨ੍ਹਾਂ ਦੀ ਸਲਾਹ ‘ਤੇ ਵਿਚਾਰ ਕਰਦੇ ਹੋਏ 5 ਅਗਸਤ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।