ਪੰਜਾਬ ‘ਚ ਪੰਚਾਇਤਾਂ ਭੰਗ ਕਰਨ ‘ਤੇ ਕਾਂਗਰਸ ਗੁੱਸੇ ‘ਚ, ਰਾਜਾ ਵੜਿੰਗ ਨੇ ਕਿਹਾ- ਇਸ ਨਾਲ ਵਿਕਾਸ ਕਾਰਜ ਹੋਣਗੇ ਪ੍ਰਭਾਵਿਤ

ਪੰਜਾਬ ‘ਚ ਪੰਚਾਇਤਾਂ ਭੰਗ ਕਰਨ ‘ਤੇ ਕਾਂਗਰਸ ਗੁੱਸੇ ‘ਚ, ਰਾਜਾ ਵੜਿੰਗ ਨੇ ਕਿਹਾ- ਇਸ ਨਾਲ ਵਿਕਾਸ ਕਾਰਜ ਹੋਣਗੇ ਪ੍ਰਭਾਵਿਤ

ਰਾਜਾ ਵੜਿੰਗ ਨੇ ਦੱਸਿਆ ਕਿ ਲੀਗਲ ਸੈੱਲ ਦੇ ਚੇਅਰਮੈਨ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਰਾਜਾ ਵੜਿੰਗ ਨੇ ਇਸ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸਦੇ ਨਾਲ ਹੀ ਉਮੀਦ ਪ੍ਰਗਟਾਈ ਕਿ ਅਦਾਲਤ ਵੱਲੋਂ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਜਾਵੇਗਾ।


ਭਗਵੰਤ ਮਾਨ ਸਰਕਾਰ ਵਲੋਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਿਰੋਧੀਆਂ ਪਾਰਟੀਆਂ ਨੂੰ ਪਸੰਦ ਨਹੀਂ ਆ ਰਿਹਾ ਹੈ । ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਰਾਜ ਦੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪਰ ਹੁਣ ਇਹ ਮਾਮਲਾ ਵਿਵਾਦ ਦਾ ਰੂਪ ਲੈ ਰਿਹਾ ਹੈ, ਕਿਉਂਕਿ ਪੰਜਾਬ ਦੀ ‘ਆਪ’ ਸਰਕਾਰ ਦੇ ਇਸ ਹੁਕਮ ਨੂੰ ਅਦਾਲਤ ‘ਚ ਚੁਣੌਤੀ ਦਿੱਤੀ ਗਈ ਹੈ।

ਇਸਦੇ ਨਾਲ ਹੀ ਪੰਜਾਬ ਕਾਂਗਰਸ ਪ੍ਰਧਾਨ ਨੇ ਵੀ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਦੇ ਇਸ ਫੈਸਲੇ ਨਾਲ ਵਿਕਾਸ ਕਾਰਜ ਪ੍ਰਭਾਵਿਤ ਹੋਣਗੇ। ਉਨ੍ਹਾਂ ਦੱਸਿਆ ਕਿ ਲੀਗਲ ਸੈੱਲ ਦੇ ਚੇਅਰਮੈਨ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸਦੇ ਨਾਲ ਹੀ ਉਮੀਦ ਪ੍ਰਗਟਾਈ ਕਿ ਅਦਾਲਤ ਵੱਲੋਂ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਬੀਤੇ ਸ਼ੁੱਕਰਵਾਰ ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸਦੇ ਨਾਲ ਹੀ ਉਥੇ ਪ੍ਰਬੰਧਕ ਵੀ ਨਿਯੁਕਤ ਕੀਤੇ ਗਏ ਹਨ। ਪੰਜਾਬ ਵਿੱਚ 13 ਹਜ਼ਾਰ ਤੋਂ ਵੱਧ ਪੰਚਾਇਤਾਂ ਹਨ, ਜਿਨ੍ਹਾਂ ਵਿੱਚ ਚੋਣਾਂ ਵੀ ਸੂਬਾ ਸਰਕਾਰ ਵੱਲੋਂ ਕਰਵਾਈਆਂ ਜਾਣਗੀਆਂ। ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਹੋ ਸਕਦੀਆਂ ਹਨ।

ਦੂਜੇ ਪਾਸੇ ਗਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਹੈ। ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਸੂਬਾ ਸਰਕਾਰ ਦੇ ਪੰਚਾਇਤੀ ਰਿਕਾਰਡ ਨੂੰ ਸੰਭਾਲਣ ਅਤੇ ਸੁਰੱਖਿਅਤ ਕਰਨ ਲਈ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਅਤੇ ਪੇਂਡੂ ਵਿਕਾਸ ਅਫ਼ਸਰ ਮੈਨੇਜਰ ਨਿਯੁਕਤ ਕੀਤੇ ਹਨ। ਇਸ ਲਈ ਪ੍ਰਬੰਧਕਾਂ ਨੂੰ 14 ਅਗਸਤ ਤੱਕ ਗ੍ਰਾਮ ਪੰਚਾਇਤਾਂ ਨੂੰ ਵੰਡ ਕੇ ਪ੍ਰੋਫਾਰਮਾ ਪੈੱਨ ਡਰਾਈਵ ਸਮੇਤ ਸਾਫਟ ਕਾਪੀ ਰਾਹੀਂ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।