ਪੰਜਾਬ ‘ਚ ਹੁਣ ਅਧਿਆਪਕ ਸਿਰਫ ਪੜ੍ਹਾਉਣਗੇ, ਸਕੂਲਾਂ ਦਾ ਪ੍ਰਬੰਧਕੀ ਕੰਮ ਅਸਟੇਟ ਮੈਨੇਜਰ ਦੇਖੇਗਾ

ਪੰਜਾਬ ‘ਚ ਹੁਣ ਅਧਿਆਪਕ ਸਿਰਫ ਪੜ੍ਹਾਉਣਗੇ, ਸਕੂਲਾਂ ਦਾ ਪ੍ਰਬੰਧਕੀ ਕੰਮ ਅਸਟੇਟ ਮੈਨੇਜਰ ਦੇਖੇਗਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਦੇ ਸਿਸਟਮ ਨੂੰ ਪੂਰੀ ਤਰ੍ਹਾਂ ਬਦਲਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ‘ਚ ਇਹ ਕਦਮ ਚੁੱਕੇ ਜਾ ਰਹੇ ਹਨ।


ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿਖਿਆ ਅਤੇ ਸਿਹਤ ਦੇ ਮੁੱਦੇ ਨੂੰ ਲੈ ਕੇ ਵਿਧਾਨਸਭਾ ਚੋਣਾਂ ਲੜੀ ਸੀ। ਪੰਜਾਬ ਦੇ ਸਕੂਲਾਂ ਵਿੱਚ ਹੁਣ ਅਧਿਆਪਕ ਸਿਰਫ਼ ਪੜ੍ਹਾਉਣ ਦਾ ਕੰਮ ਕਰਨਗੇ, ਜਦੋਂਕਿ ਪ੍ਰਬੰਧਨ ਨਾਲ ਸਬੰਧਤ ਹੋਰ ਕੰਮ ਕਰਨ ਲਈ ਅਸਟੇਟ ਮੈਨੇਜਰ ਨਿਯੁਕਤ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਜੁਲਾਈ ਵਿਚ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਇਸ ਨਾਲ ਜਿੱਥੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਸਕੂਲਾਂ ਦਾ ਕੰਮ ਵੀ ਵਧੀਆ ਚੱਲੇਗਾ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਪੜ੍ਹਾਈ ਵੀ ਕਿਸੇ ਤਰ੍ਹਾਂ ਪ੍ਰਭਾਵਿਤ ਨਹੀਂ ਹੋਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਦੇ ਸਿਸਟਮ ਨੂੰ ਪੂਰੀ ਤਰ੍ਹਾਂ ਬਦਲਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ‘ਚ ਇਹ ਕਦਮ ਚੁੱਕੇ ਜਾ ਰਹੇ ਹਨ। ਸੂਬੇ ਵਿੱਚ 20,000 ਦੇ ਕਰੀਬ ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ 12,000 ਪ੍ਰਾਇਮਰੀ ਸਕੂਲ ਹਨ। ਇਨ੍ਹਾਂ ਵਿੱਚੋਂ 30 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਪਿਛਲੇ ਕਾਫੀ ਸਮੇਂ ਤੋਂ ਇਹ ਸਿਲਸਿਲਾ ਚੱਲ ਰਿਹਾ ਸੀ ਕਿ ਕੁਝ ਅਧਿਆਪਕ ਸਕੂਲਾਂ ਦੀ ਬਜਾਏ ਵਿਭਾਗ ਦੇ ਦਫ਼ਤਰ ਵਿੱਚ ਹੀ ਆਪਣੀ ਡਿਊਟੀ ਲਗਾਉਂਦੇ ਸਨ। ਅਜਿਹੀ ਸਥਿਤੀ ਵਿੱਚ ਉਹ ਪੜ੍ਹਾਉਣ ਤੋਂ ਬਚ ਜਾਂਦੇ ਸਨ, ਜਦੋਂ ਕਿ ਜ਼ਿਆਦਾਤਰ ਸਕੂਲਾਂ ਵਿੱਚ ਪ੍ਰਿੰਸੀਪਲ ਦੀ ਅਗਵਾਈ ਵਿੱਚ ਅਧਿਆਪਕਾਂ ਦੀਆਂ ਕਮੇਟੀਆਂ ਹੀ ਸਾਰੀ ਜ਼ਿੰਮੇਵਾਰੀ ਨਿਭਾਉਂਦੀਆਂ ਸਨ, ਪਰ ਇਸ ਕਾਰਨ ਸਕੂਲਾਂ ਵਿੱਚ ਪੜ੍ਹਾਈ ਪ੍ਰਭਾਵਿਤ ਹੁੰਦੀ ਸੀ ।

ਜਦੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਇਹ ਫੈਸਲਾ ਕੀਤਾ ਗਿਆ ਕਿ ਸਕੂਲਾਂ ਵਿੱਚ ਪੜ੍ਹਾਉਣ ਦਾ ਕੰਮ ਅਧਿਆਪਕ ਹੀ ਕਰਨਗੇ। ਇਸ ਦੇ ਨਾਲ ਹੀ ਸਕੂਲਾਂ ਵਿੱਚ ਉਨ੍ਹਾਂ ਦੀ ਨਿਯੁਕਤੀ ਲਈ ਬਜਟ ਵਿੱਚ ਫੰਡਾਂ ਦੀ ਵਿਵਸਥਾ ਕੀਤੀ ਗਈ ਸੀ। ਇਸ ਤੋਂ ਬਾਅਦ ਹੁਣ ਵਿਭਾਗ ਨੇ ਉਨ੍ਹਾਂ ਦੀ ਨਿਯੁਕਤੀ ਦੀ ਤਿਆਰੀ ਕਰ ਲਈ ਹੈ। ਹਾਲਾਂਕਿ ਵਿਭਾਗ ਦੇ ਅਧਿਕਾਰੀਆਂ ਦਾ ਸਪੱਸ਼ਟ ਕਹਿਣਾ ਹੈ ਕਿ ਇਹ ਮੈਨੇਜਰ ਸਕੂਲ ਪ੍ਰਿੰਸੀਪਲ ਦੇ ਅਧੀਨ ਕੰਮ ਕਰੇਗਾ। ਸੂਤਰਾਂ ਦੀ ਮੰਨੀਏ ਤਾਂ ਹੁਣ ਇਹ ਤੈਅ ਹੋ ਰਿਹਾ ਹੈ ਕਿ ਉਹ ਛੋਟੇ ਸਕੂਲਾਂ ਦੀ ਜ਼ਿੰਮੇਵਾਰੀ ਕਿਵੇਂ ਸੰਭਾਲਣਗੇ। ਵਿਭਾਗ ਵੱਲੋਂ ਜਲਦੀ ਹੀ ਸਾਰਾ ਖਰੜਾ ਤਿਆਰ ਕਰ ਲਿਆ ਜਾਵੇਗਾ। ਉਸ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।