ਪੰਜਾਬ ਨੂੰ ਬਰਬਾਦੀ ਤੋਂ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਅੱਗੇ ਲਿਆਓ : ਸੁਖਬੀਰ ਬਾਦਲ

ਪੰਜਾਬ ਨੂੰ ਬਰਬਾਦੀ ਤੋਂ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਅੱਗੇ ਲਿਆਓ : ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਕਿਹਾ ਕਿ, ਜੇਕਰ ਮੌਜੂਦਾ ਸਥਿਤੀ ‘ਤੇ ਨਜ਼ਰ ਮਾਰੀਏ ਤਾਂ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਨਾਲੋਂ ਨਸ਼ਾ 10 ਗੁਣਾ ਵੱਧ ਗਿਆ ਹੈ, ਜਦਕਿ ਅਕਾਲੀ ਸਰਕਾਰ ਸਮੇਂ ਨਸ਼ਿਆਂ ਦੀ ਵਿਕਰੀ ਅਤੇ ਤਸਕਰੀ ‘ਤੇ ਪੂਰਾ ਕੰਟਰੋਲ ਸੀ।


ਸੁਖਬੀਰ ਬਾਦਲ ਨੇ 2024 ਚੋਣਾਂ ਨੂੰ ਦੇਖਦੇ ਹੋਏ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਲੋਕਾਂ ਨੂੰ ਆਗਾਮੀ ਸਾਲ 2024 ਵਿੱਚ ਹੋਣ ਵਾਲੀਆਂ ਪ੍ਰਸਤਾਵਿਤ ਸੰਸਦੀ ਚੋਣਾਂ ਵਿੱਚ ਸ਼ੰਘਰਸ਼ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲਿਆ ਕੇ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ ਦਿੱਤਾ ਹੈ।

ਬਾਬਾ ਬਕਾਲਾ ਦੇ ਸ਼੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਰੱਖੜ ਪੁੰਨਿਆਂ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਸਪੱਸ਼ਟ ਕਿਹਾ ਕਿ ਜੇਕਰ ਪੰਜਾਬ ਨੂੰ ਬਰਬਾਦੀ ਤੋਂ ਬਚਾਉਣਾ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਅੱਗੇ ਲੈ ਕੇ ਆਉਣ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਜਿੱਤ ਦਿਵਾਉਣ।

ਸੁਖਬੀਰ ਬਾਦਲ ਨੇ ਕਿਹਾ ਕਿ, ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਧੋਖਾ ਦੇ ਕੇ ਸੱਤਾ ਹਾਸਿਲ ਕੀਤੀ ਹੈ, ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਮਜੀਠੀਆ ਦੇ ਖਿਲਾਫ ਨਸ਼ਾ ਤਸਕਰੀ ਦੇ ਝੂਠੇ ਇਲਜ਼ਾਮ ਲਗਾ ਕੇ ਸੱਤਾ ਵਿੱਚ ਆਏ ਅਤੇ ਅਣਗਿਣਤ ਵਰਕਰਾਂ ਦੇ ਖਿਲਾਫ ਝੂਠੇ ਕੇਸ ਦਰਜ ਕੀਤੇ, ਇਕ ਵੀ ਦੋਸ਼ ਸਾਬਤ ਨਹੀਂ ਹੋਇਆ।

ਉਨ੍ਹਾਂ ਕਿਹਾ ਕਿ ਜੇਕਰ ਮੌਜੂਦਾ ਸਥਿਤੀ ‘ਤੇ ਨਜ਼ਰ ਮਾਰੀਏ ਤਾਂ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਨਾਲੋਂ ਨਸ਼ਾ 10 ਗੁਣਾ ਵੱਧ ਗਿਆ ਹੈ, ਜਦਕਿ ਅਕਾਲੀ ਸਰਕਾਰ ਸਮੇਂ ਨਸ਼ਿਆਂ ਦੀ ਵਿਕਰੀ ਅਤੇ ਤਸਕਰੀ ‘ਤੇ ਪੂਰਾ ਕੰਟਰੋਲ ਸੀ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਸ਼ਬਦੀ ਜੰਗ ਲਈ ਮਾਨ ਜ਼ਿੰਮੇਵਾਰ ਹੈ।

ਦਰਅਸਲ, ਲੋਕਾਂ ਦੀ ਸ਼ਮੂਲੀਅਤ ਨੂੰ ਲੈ ਕੇ ਰਾਜਪਾਲ ਨੇ ਸੀਐਮ ਮਾਨ ਨੂੰ ਪਹਿਲਾ ਪੱਤਰ ਲਿਖ ਕੇ ਪੁੱਛਿਆ ਸੀ ਕਿ ਕਿਵੇਂ ਸਰਕਾਰ ਦੀ ਮੁਹਿੰਮ ਦੇ ਬਾਵਜੂਦ ਪੰਜਾਬ ਵਿੱਚ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ, ਜਿਸ ਤੋਂ ਖਿਝ ਕੇ ਮਾਨ ਨੇ ਰਾਜਪਾਲ ‘ਤੇ ਸਰਕਾਰ ਵਿੱਚ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਲਾਏ ਸਨ। ਬਾਦਲ ਨੇ ਕਿਹਾ ਕਿ ਮਾਨ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਨ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਫਿਰ ਵੀ ਪੰਜਾਬ ਦੇ ਲੋਕਾਂ ਵਿਰੁੱਧ ਦਮਨਕਾਰੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਹਾਈਕੋਰਟ ਦੀ ਫਟਕਾਰ ਤੋਂ ਬਾਅਦ ਹੀ ਮਾਨ ਨੇ ਅੱਜ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ। ਧਰਨੇ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ, ਵਿਰਸਾ ਸਿੰਘ ਵਲਟੋਹਾ, ਹਰਮੀਤ ਸਿੰਘ ਸੰਧੂ, ਗੁਲਜ਼ਾਰ ਸਿੰਘ ਰਣੀਕੇ ਨੇ ਵੀ ਸੰਬੋਧਨ ਕੀਤਾ।