ਪੰਜਾਬ ਵਿੱਚ ਮੁਫਤ ਬਿਜਲੀ ਸਕੀਮ ਦਾ ਇੱਕ ਸਾਲ : ਸੀਐੱਮ ਮਾਨ ਨੇ ਕਿਹਾ- 90 ਫੀਸਦੀ ਘਰਾਂ ਦਾ ਬਿੱਲ ਜ਼ੀਰੋ

ਪੰਜਾਬ ਵਿੱਚ ਮੁਫਤ ਬਿਜਲੀ ਸਕੀਮ ਦਾ ਇੱਕ ਸਾਲ : ਸੀਐੱਮ ਮਾਨ ਨੇ ਕਿਹਾ- 90 ਫੀਸਦੀ ਘਰਾਂ ਦਾ ਬਿੱਲ ਜ਼ੀਰੋ

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਅੱਠ ਘੰਟੇ ਤੋਂ ਵੱਧ ਸਮੇਂ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੁਸ਼ ਅਤੇ ਸੰਤੁਸ਼ਟ ਕਿਸਾਨ ਵੀਡੀਓ ਸ਼ੇਅਰ ਕਰਕੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਹਨ।


ਪੰਜਾਬ ਦੇ ਸੀਐੱਮ ਭਗਵੰਤ ਮਾਨ ਲਗਾਤਾਰ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਫ਼ਤ ਬਿਜਲੀ ਦੀ ਗਰੰਟੀ ਦਾ ਇੱਕ ਸਾਲ ਪੂਰਾ ਹੋਣ ‘ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਸਰਕਾਰ ਦੇ ਇਸ ਫੈਸਲੇ ਦਾ ਵੱਡਾ ਲਾਭ ਮਿਲਿਆ ਹੈ। ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ।

ਸੀਐੱਮ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅੰਨਦਾਤਾਵਾਂ ਨੂੰ ਵੀ ਸੂਬੇ ਵਿੱਚ ਖੇਤੀ ਲਈ ਮੁਫ਼ਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਅੱਠ ਘੰਟੇ ਤੋਂ ਵੱਧ ਸਮੇਂ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੁਸ਼ ਅਤੇ ਸੰਤੁਸ਼ਟ ਕਿਸਾਨ ਵੀਡੀਓ ਸ਼ੇਅਰ ਕਰਕੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਹਨ। ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਰਾਜ ਬਿਜਲੀ ਨਿਗਮ ਨੂੰ 20,200 ਕਰੋੜ ਰੁਪਏ ਦੀ ਸਬਸਿਡੀ ਵੀ ਅਦਾ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਪਿਛਲੀਆਂ ਸਰਕਾਰਾਂ ਵਾਂਗ ਕਰਜ਼ਾ ਲੈ ਕੇ ਨਹੀਂ, ਸਗੋਂ ਲੁੱਟ-ਖਸੁੱਟ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਨਾਲ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸਾਲ 2015 ਤੋਂ ਬਾਅਦ ਪਛਵਾੜਾ ਨੇੜੇ ਖਾਣ ਵਿੱਚੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕੱਢਣ ਲਈ ਇਸ ਕੋਲੇ ਦੀ ਖਾਣ ਤੋਂ ਸਪਲਾਈ ਬੰਦ ਕਰ ਦਿੱਤੀ ਸੀ। ਸੂਬਾ ਸਰਕਾਰ ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਹੁਣ ਸੂਬੇ ਵਿੱਚ ਵਾਤਾਵਰਨ ਪੱਖੀ ਊਰਜਾ, ਸੂਰਜੀ ਅਤੇ ਪਣ-ਬਿਜਲੀ ਨੂੰ ਉਤਸ਼ਾਹਿਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।