ਭਗਵੰਤ ਮਾਨ ਨੇ 1.12 ਕਰੋੜ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਕੀਤੀ ਸਮਰਪਿਤ

ਭਗਵੰਤ ਮਾਨ ਨੇ 1.12 ਕਰੋੜ ਦੀ ਲਾਗਤ ਨਾਲ ਬਣੀ ਆਧੁਨਿਕ ਲਾਇਬ੍ਰੇਰੀ ਲੋਕਾਂ ਨੂੰ ਕੀਤੀ ਸਮਰਪਿਤ

ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀਆਂ ਦਾ ਇਸੇ ਤਰਜ਼ ‘ਤੇ ਨਵੀਨੀਕਰਨ ਕੀਤਾ ਜਾਵੇਗਾ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਵਿਚ ਨਵੀਂ ਯੌਜਨਾਵਾਂ ਦਾ ਐਲਾਨ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪ੍ਰਸਾਰ ਲਈ ਬਾਬਾ ਬੰਦਾ ਸਿੰਘ ਬਹਾਦਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦਾ ਨਵੀਨੀਕਰਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਲਾਇਬ੍ਰੇਰੀ ਵਿੱਚ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨ, ਆਰ.ਓ ਵਾਟਰ ਸਪਲਾਈ ਅਤੇ ਆਧੁਨਿਕ ਲੈਂਡਸਕੇਪਿੰਗ ਦੇ ਨਾਲ 250 ਦੇ ਕਰੀਬ ਵਿਦਿਆਰਥੀਆਂ ਦੇ ਬੈਠਣ ਦੇ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਮਾਡਲ ਲਾਇਬ੍ਰੇਰੀ ਵਜੋਂ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਸੰਗਰੂਰ ਜ਼ਿਲ੍ਹੇ ਵਿੱਚ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਸੂਬੇ ਭਰ ਦੀਆਂ ਲਾਇਬ੍ਰੇਰੀਆਂ ਦਾ ਇਸੇ ਤਰਜ਼ ‘ਤੇ ਨਵੀਨੀਕਰਨ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਆਈਏਐਸ ਅਤੇ ਪੀਸੀਐਸ ਸਮੇਤ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ।

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕੇਂਦਰ ਇਹ ਯਕੀਨੀ ਬਣਾਉਣਗੇ ਕਿ ਪੰਜਾਬੀ ਵਿਦਿਆਰਥੀ ਇਨ੍ਹਾਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਨ ਅਤੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨ ਦੇ ਇੱਕ ਸਾਲ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ 30,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹੋਰ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕੰਮ ਨੂੰ ਪੜਾਅਵਾਰ ਪੂਰਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਰੀ ਭਰਤੀ ਪਾਰਦਰਸ਼ੀ ਅਤੇ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਦੌਰਾਨ ਯੋਗ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ, ਜਿਸ ਕਾਰਨ ਹੁਣ ਤੱਕ 30,000 ਨੌਕਰੀਆਂ ਵਿੱਚੋਂ ਇੱਕ ਵੀ ਨੌਕਰੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚੋਂ 100 ਚੁਣੇ ਹੋਏ ਨੁਮਾਇੰਦਿਆਂ ਦਾ ਅੰਕੜਾ ਛੂਹ ਲਿਆ ਹੈ। ਉਨ੍ਹਾਂ ਆਸ ਪ੍ਰਗਟਾਈ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਦੇ ਨਤੀਜੇ ਵਜੋਂ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਕੇ ਉਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੰਗਲਾ ਪੰਜਾਬ ਸਿਰਜਣ ਲਈ ਸਹੀ ਜੁਗਤਬੰਦੀ ਕੀਤੀ ਹੈ।