ਮੋਹਾਲੀ ਨੂੰ ਵਿਸ਼ਵ ਕੱਪ ਦੀ ਮੇਜ਼ਬਾਨੀ ਨਾ ਮਿਲਣ ‘ਤੇ ਬਾਜਵਾ ਨੇ ਕਿਹਾ, ਇਸ ਲਈ ਆਮ ਆਦਮੀ ਪਾਰਟੀ ਜ਼ਿੰਮੇਵਾਰ

ਮੋਹਾਲੀ ਨੂੰ ਵਿਸ਼ਵ ਕੱਪ ਦੀ ਮੇਜ਼ਬਾਨੀ ਨਾ ਮਿਲਣ ‘ਤੇ ਬਾਜਵਾ ਨੇ ਕਿਹਾ, ਇਸ ਲਈ ਆਮ ਆਦਮੀ ਪਾਰਟੀ ਜ਼ਿੰਮੇਵਾਰ

ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ‘ਚ ਨਾਕਾਮ ਰਹੀ ਹੈ, ਜੋ ਇਸ ਸਟੇਡੀਅਮ ਨੂੰ ਮੈਚਾਂ ਦੀ ਮੇਜ਼ਬਾਨੀ ਤੋਂ ਦੂਰ ਰੱਖਣ ਦਾ ਇਕ ਹੋਰ ਕਾਰਨ ਹੈ।


ਮੋਹਾਲੀ ਨੂੰ ਵਿਸ਼ਵ ਕੱਪ ਦੀ ਮੇਜ਼ਬਾਨੀ ਨਾ ਮਿਲਣ ‘ਤੇ ਪੰਜਾਬੀ ਵਿਚ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਆਪਣਾ ਵਿਰੋਧ ਜਤਾਇਆ ਹੈ। ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੋਹਾਲੀ ਕ੍ਰਿਕਟ ਸਟੇਡੀਅਮ ਵਿੱਚ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਦੇ ਮੈਚਾਂ ਦੀ ਮੇਜ਼ਬਾਨੀ ਨਾ ਕਰਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਅਤੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ (ਪੀਸੀਏ) ਨੂੰ ਨਵੇਂ ਸਟੇਡੀਅਮ ਦੀ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਸੀ। ‘ਆਪ’ ਸਰਕਾਰ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ‘ਚ ਨਾਕਾਮ ਰਹੀ ਹੈ, ਜਿਸ ਕਾਰਨ ਇਸ ਸਟੇਡੀਅਮ ਨੂੰ ਮੈਚਾਂ ਦੀ ਮੇਜ਼ਬਾਨੀ ਤੋਂ ਦੂਰ ਰੱਖਣ ਦਾ ਇਕ ਹੋਰ ਕਾਰਨ ਹੈ। ਬੁੱਧਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਪ੍ਰਤਾਪ ਬਾਜਵਾ ਨੇ ਕਿਹਾ ਕਿ ਜਦੋਂ ਤੋਂ ‘ਆਪ’ ਸੂਬੇ ਵਿੱਚ ਸੱਤਾ ਵਿੱਚ ਆਈ ਹੈ, ਸੰਗਠਿਤ ਅਪਰਾਧਾਂ ਵਿੱਚ ਵਾਧਾ ਹੋ ਰਿਹਾ ਹੈ।

ਆਮ ਆਦਮੀ ਪਾਰਟੀ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਸੂਬੇ ਦੇ ਇਕਲੌਤੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਨੂੰ ਸੁਰੱਖਿਆ ਕਾਰਨਾਂ ਕਰਕੇ ਕ੍ਰਿਕਟ ਵਿਸ਼ਵ ਕੱਪ 2023 ਦੇ ਮੈਚਾਂ ਦੀ ਮੇਜ਼ਬਾਨੀ ਦੀ ਸੂਚੀ ਤੋਂ ਬਾਹਰ ਰੱਖਿਆ ਗਿਆ ਹੈ। ਬਾਜਵਾ ਨੇ ਕਿਹਾ ਕਿ ਮੋਹਾਲੀ ਕ੍ਰਿਕਟ ਸਟੇਡੀਅਮ ਨੂੰ ਬਾਹਰ ਰੱਖਣ ਨਾਲ ਸੂਬੇ ਦੇ ਸੈਰ-ਸਪਾਟਾ ਉਦਯੋਗ ਅਤੇ ਆਰਥਿਕਤਾ ਨੂੰ ਨੁਕਸਾਨ ਹੋਵੇਗਾ। ਉਨ੍ਹਾਂ ਬਠਿੰਡਾ ਦੇ ਸਾਬਕਾ ਕਾਰ ਡੀਲਰ ਅਮਰਜੀਤ ਮਹਿਤਾ ਦੀ ਨਵੇਂ ਪੀਸੀਏ ਮੁਖੀ ਵਜੋਂ ਨਿਯੁਕਤੀ ‘ਤੇ ਵੀ ਸਵਾਲ ਉਠਾਏ। ਬਾਜਵਾ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ‘ਤੇ ਪੰਜਾਬ ਨਾਲ ਵਿਤਕਰਾ ਕਰਨ ਅਤੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਨੂੰ ਬੇਲੋੜੀ ਤਰਜੀਹ ਦੇਣ ਲਈ ਵੀ ਹਮਲਾ ਕੀਤਾ, ਜੋ ਵਿਸ਼ਵ ਕੱਪ ਦੇ ਸ਼ੁਰੂਆਤੀ ਅਤੇ ਫਾਈਨਲ ਦੋਵਾਂ ਮੈਚਾਂ ਦੀ ਮੇਜ਼ਬਾਨੀ ਕਰੇਗਾ।

ਬਾਜਵਾ ਨੇ ਕਿਹਾ ਕਿ ਬੀਸੀਸੀਆਈ ਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਜ਼ਿਆਦਾ ਖਿਆਲ ਰੱਖਣਾ ਚਾਹੀਦਾ ਸੀ। ਮੋਹਾਲੀ ਕ੍ਰਿਕਟ ਸਟੇਡੀਅਮ ਨੂੰ ਬੇਦਖਲ ਕਰਨਾ ਸੂਬੇ ਦੇ ਖਿਲਾਫ ਪੱਖਪਾਤ ਦਾ ਸਪੱਸ਼ਟ ਮਾਮਲਾ ਹੈ। ਪੰਜਾਬ ਦੀ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਟਵੀਟ ਕੀਤਾ ਕਿ ਵਿਸ਼ਵ ਕੱਪ ਲਈ ਮੋਹਾਲੀ ਨੂੰ ਕਿਉਂ ਨਹੀਂ ਚੁਣਿਆ ਗਿਆ? ਇਸ ਤੋਂ ਪਹਿਲਾਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੇਜ਼ਬਾਨ ਸ਼ਹਿਰਾਂ ਦੀ ਸੂਚੀ ਵਿੱਚੋਂ ਮੋਹਾਲੀ ਨੂੰ ਬਾਹਰ ਕੀਤੇ ਜਾਣ ਦੀ ਨਿਖੇਧੀ ਕੀਤੀ ਸੀ। ਹੇਅਰ ਨੇ ਇਸ ਨੂੰ ਪੰਜਾਬ ਨਾਲ ਖੁੱਲ੍ਹਾ ਵਿਤਕਰਾ ਕਰਾਰ ਦਿੱਤਾ ਸੀ।