ਪੰਜਾਬ ਦੇ 117 ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਦਾ ਦਰਜਾ ਦਿੱਤਾ ਜਾ ਰਿਹਾ, ਸ਼ਾਨਦਾਰ ਇਮਾਰਤਾਂ ਦੇ ਨਾਲ-ਨਾਲ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਇਆ ਜਾਵੇਗਾ

ਪੰਜਾਬ ਦੇ 117 ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਦਾ ਦਰਜਾ ਦਿੱਤਾ ਜਾ ਰਿਹਾ, ਸ਼ਾਨਦਾਰ ਇਮਾਰਤਾਂ ਦੇ ਨਾਲ-ਨਾਲ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਇਆ ਜਾਵੇਗਾ

ਡਾਇਰੈਕਟੋਰੇਟ ਨੇ ਸਾਰੇ ਪ੍ਰਿੰਸੀਪਲਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਕੂਲ ਆਫ਼ ਐਮੀਨੈਂਸ ਦੀਆਂ ਇਮਾਰਤਾਂ ਦੇ ਡਿਜ਼ਾਈਨ ਵਿੱਚ ਆਪਣੀ ਇੱਛਾ ਅਨੁਸਾਰ ਕੋਈ ਬਦਲਾਅ ਨਹੀਂ ਕਰਨਗੇ। ਇਸ ਲਈ ਜੇਕਰ ਕਿਸੇ ਕਿਸਮ ਦੀ ਤਬਦੀਲੀ ਕਰਨੀ ਹੈ ਤਾਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਪ੍ਰਵਾਨਗੀ ਲੈਣੀ ਪਵੇਗੀ।

ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਸਿਹਤ ਅਤੇ ਸਿਖਿਆ ਦੇ ਮੁੱਦੇ ਨੂੰ ਮੁਖ ਰੱਖ ਕੇ ਵਿਧਾਨਸਭਾ ਚੋਣ ਲੜੀ ਸੀ ਅਤੇ ਵਡੀ ਜਿੱਤ ਹਾਸਿਲ ਕੀਤੀ ਸੀ। ਹੁਣ ਸੂਬੇ ਭਰ ਦੇ 117 ਸਰਕਾਰੀ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਦਾ ਦਰਜਾ ਦਿੱਤਾ ਜਾ ਰਿਹਾ ਹੈ। ਜਿਸ ਲਈ ਸ਼ਾਨਦਾਰ ਇਮਾਰਤਾਂ ਦੇ ਨਾਲ-ਨਾਲ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਤਾਂ ਜੋ ਸਕੂਲ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਲਈ ਹਰ ਮੁੱਢਲੀ ਸਹੂਲਤ ਦੇ ਨਾਲ-ਨਾਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਅਤੇ ਗਰਾਊਂਡ ਆਦਿ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਸਕੂਲਾਂ ਦੀਆਂ ਇਮਾਰਤਾਂ ਨੂੰ ਵਧੀਆ ਤਰੀਕੇ ਨਾਲ ਤਿਆਰ ਕੀਤਾ ਜਾ ਰਿਹਾ ਹੈ। ਪਰ ਸਕੂਲਾਂ ਦੇ ਪ੍ਰਿੰਸੀਪਲ ਵੀ ਆਪਣੇ ਪੱਧਰ ’ਤੇ ਇਮਾਰਤਾਂ ਦੇ ਡਿਜ਼ਾਈਨ ਵਿੱਚ ਬਦਲਾਅ ਕਰ ਰਹੇ ਹਨ। ਇਸ ਸਬੰਧੀ ਡਾਇਰੈਕਟੋਰੇਟ ਨੇ ਸਾਰੇ ਪ੍ਰਿੰਸੀਪਲਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਕੂਲ ਆਫ਼ ਐਮੀਨੈਂਸ ਦੀਆਂ ਇਮਾਰਤਾਂ ਦੇ ਡਿਜ਼ਾਈਨ ਵਿੱਚ ਆਪਣੀ ਇੱਛਾ ਅਨੁਸਾਰ ਕੋਈ ਬਦਲਾਅ ਨਹੀਂ ਕਰਨਗੇ। ਇਸ ਲਈ ਜੇਕਰ ਕਿਸੇ ਕਿਸਮ ਦੀ ਤਬਦੀਲੀ ਕਰਨੀ ਹੈ ਤਾਂ ਪਹਿਲਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਤੋਂ ਪ੍ਰਵਾਨਗੀ ਲੈਣੀ ਪਵੇਗੀ।

ਉਨ੍ਹਾਂ ਨੂੰ ਬਦਲਾਅ ਦੀਆਂ ਸੰਭਾਵਨਾਵਾਂ ਅਤੇ ਲੋੜਾਂ ਬਾਰੇ ਵੀ ਆਪਣਾ ਸਪੱਸ਼ਟੀਕਰਨ ਦੇਣਾ ਹੋਵੇਗਾ ਅਤੇ ਬਦਲਾਅ ਕਿਉਂ ਜ਼ਰੂਰੀ ਹੈ। ਠੋਸ ਅਤੇ ਸਹੀ ਪਾਏ ਜਾਣ ’ਤੇ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ। ਜਿਸ ਤੋਂ ਬਾਅਦ ਤਬਦੀਲੀਆਂ ਦੀ ਪ੍ਰਵਾਨਗੀ ਲਈ ਫਾਈਲ ਮੁੱਖ ਦਫ਼ਤਰ ਨੂੰ ਭੇਜੀ ਜਾਵੇਗੀ। ਅਜਿਹੇ ‘ਚ ਮੁੱਖ ਦਫਤਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਬਦਲਾਅ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਸਕੂਲ ਆਫ ਐਮੀਨੈਂਸ ਦੀ ਉਸਾਰੀ ਸਬੰਧੀ ਹੋਈ ਸਮੀਖਿਆ ਮੀਟਿੰਗ ਵਿੱਚ ਇਹ ਮੁੱਦਾ ਉਠਾਇਆ ਗਿਆ ਸੀ, ਜਿਸ ਵਿੱਚ ਸਕੂਲਾਂ ਦੇ ਆਰਕੀਟੈਕਟਾਂ ਦੀ ਤਰਫੋਂ ਦੱਸਿਆ ਗਿਆ ਸੀ ਕਿ ਸਕੂਲ ਮੁਖੀ ਆਪਣੇ ਪੱਧਰ ’ਤੇ ਇਮਾਰਤ ਦੇ ਡਿਜ਼ਾਈਨ ਵਿੱਚ ਸੁਧਾਰ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਹਰ ਬਲਾਕ ਵਿੱਚ ਇੱਕ ਸਕੂਲ ਆਫ ਐਮੀਨੈਂਸ ਬਣਾਇਆ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ ਵਿੱਚ ਪਹਿਲੇ ਪੜਾਅ ਵਿੱਚ ਆਦਮਪੁਰ ਸਕੂਲ ਤਿਆਰ ਕੀਤਾ ਜਾ ਰਿਹਾ ਹੈ। ਉਸ ਤੋਂ ਬਾਅਦ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਆਵੇਗਾ। ਇਸ ਦੇ ਨਾਲ ਹੀ ਵਿਭਾਗ ਵੱਲੋਂ ਸਾਰੇ ਚੁਣੇ ਗਏ ਸਕੂਲਾਂ ਦੇ ਬਾਹਰ ਸਕੂਲ ਆਫ ਐਮੀਨੈਂਸ ਦਾ ਨਾਂ ਦਰਜ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।