ਓਲੰਪਿਕ ‘ਚ ਹਾਕੀ ਟੀਮ ਦੀ ਵੱਡੀ ਜਿੱਤ ‘ਤੇ ਸੀਐਮ ਭਗਵੰਤ ਮਾਨ ਨੇ ਕਿਹਾ ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ

ਓਲੰਪਿਕ ‘ਚ ਹਾਕੀ ਟੀਮ ਦੀ ਵੱਡੀ ਜਿੱਤ ‘ਤੇ ਸੀਐਮ ਭਗਵੰਤ ਮਾਨ ਨੇ ਕਿਹਾ ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ

ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਰਾਹ ਪੱਧਰਾ ਕਰੇਗੀ।

ਭਗਵੰਤ ਮਾਨ ਪਹਿਲਾ ਕਈ ਵਾਰ ਇੰਟਰਵਿਊ ਵਿਚ ਕਹਿ ਚੁਕੇ ਹਨ ਕਿ ਉਹ ਖੇਡਾਂ ਦੇਖਣ ਦੇ ਬਹੁਤ ਜ਼ਿਆਦਾ ਸ਼ੋਕੀਨ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਅਨ ਟੀਮ ਨੂੰ ਹਰਾਇਆ ਹੈ।

ਉਨ੍ਹਾਂ ਕਿਹਾ ਕਿ ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 3-2 ਨਾਲ ਹਰਾਇਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਦੀ ਜਿੱਤ ਯਕੀਨੀ ਬਣਾਈ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਆਸਟ੍ਰੇਲੀਆ ਖਿਲਾਫ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਉਨ੍ਹਾਂ ਨੇ ਭਾਰਤੀ ਟੀਮ ਨੂੰ ਨਾਕ ਆਊਟ ਮੈਚਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਭਾਰਤੀ ਟੀਮ ਦੇਸ਼ ਲਈ ਤਗਮੇ ਜ਼ਰੂਰ ਜਿੱਤੇਗੀ। ਤੁਹਾਨੂੰ ਦੱਸ ਦੇਈਏ ਕਿ ਪੈਰਿਸ ਓਲੰਪਿਕ 2024 ਵਿੱਚ ਭਾਰਤੀ ਹਾਕੀ ਟੀਮ ਨੇ ਅੱਜ ਆਸਟ੍ਰੇਲੀਆ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਓਲੰਪਿਕ ਵਿੱਚ ਪਹਿਲੀ ਵਾਰ ਆਸਟਰੇਲੀਆ ਨੂੰ ਹਰਾਇਆ ਹੈ। ਇਸ ਜਿੱਤ ਨਾਲ 52 ਸਾਲਾਂ ਦਾ ਸੋਕਾ ਖਤਮ ਹੋ ਗਿਆ। ਭਾਰਤ ਨੇ ਇਸ ਤੋਂ ਪਹਿਲਾਂ 1972 ਵਿੱਚ ਓਲੰਪਿਕ ਵਿੱਚ ਆਸਟਰੇਲੀਆ ਨੂੰ ਹਰਾਇਆ ਸੀ।