417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਪੰਜਾਬ ਦੇ ਨੌਜਵਾਨ ਵਿਦੇਸ਼ਾਂ ਤੋਂ ਆਪਣੇ ਵਤਨ ਪਰਤ ਰਹੇ ਹਨ

417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਪੰਜਾਬ ਦੇ ਨੌਜਵਾਨ ਵਿਦੇਸ਼ਾਂ ਤੋਂ ਆਪਣੇ ਵਤਨ ਪਰਤ ਰਹੇ ਹਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਘਰ ਵਾਪਸ ਪਰਤ ਰਹੇ ਹਨ, ਕਿਉਂਕਿ ਹੁਣ ਪੰਜਾਬ ਵਿੱਚ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲਦੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਕਿਹਾ ਕਿ ਪੰਜਾਬੀ ਨੌਜਵਾਨ ਦੇਸ਼ ਵਾਪਸੀ ਕਰ ਰਹੇ ਹਨ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਹਮੇਸ਼ਾ ਆਮ ਲੋਕਾਂ ਵੱਲੋਂ ਲਿਖਿਆ ਜਾਂਦਾ ਹੈ ਅਤੇ ਪੰਜਾਬੀਆਂ ਨੇ ਵੀ ਆਮ ਘਰਾਂ ਦੇ ਨੌਜਵਾਨਾਂ ਨੂੰ ਸੱਤਾ ਸੌਂਪ ਕੇ ਸੂਬੇ ਵਿੱਚ ਵੱਡੀ ਤਬਦੀਲੀ ਲਿਆਂਦੀ ਹੈ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਰਗੇ ਸਾਧਾਰਨ ਆਗੂ ਨੇ ਲੰਬੀ ਹਲਕੇ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਹੈ। ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬ ਦੇ ਨੌਜਵਾਨਾਂ ਵਿੱਚ ਘਰ ਵਾਪਸੀ ਦੇ ਰੁਝਾਨ ਨੂੰ ਸੂਬੇ ਲਈ ਸ਼ੁਭ ਸੰਕੇਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44,667 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਕਾਰਨ ਕਈ ਨੌਜਵਾਨ ਹੁਣ ਵਿਦੇਸ਼ਾਂ ਨੂੰ ਅਲਵਿਦਾ ਕਹਿ ਕੇ ਇੱਥੇ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਘਰ ਵਾਪਸ ਪਰਤ ਰਹੇ ਹਨ ਕਿਉਂਕਿ ਹੁਣ ਪੰਜਾਬ ਵਿੱਚ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲਦੀਆਂ ਹਨ।

ਪਾਰਦਰਸ਼ੀ ਭਰਤੀ ਪ੍ਰਕਿਰਿਆ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ, ਮਾਲ ਵਿਭਾਗ, ਸਕੂਲ ਸਿੱਖਿਆ, ਸਹਿਕਾਰਤਾ, ਸਥਾਨਕ ਸਰਕਾਰਾਂ, ਸਮਾਜਿਕ ਸੁਰੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਕਰ ਅਤੇ ਆਬਕਾਰੀ, ਸਿਹਤ ਅਤੇ ਪਰਿਵਾਰ ਭਲਾਈ, ਵਿੱਤ ਵਿਭਾਗ, ਉਦਯੋਗ ਅਤੇ ਵਪਾਰ ਵਿਭਾਗ ਦੇ 417 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।