ਪੰਜਾਬ ਸਰਕਾਰ ‘ਚ ਵੱਡੇ ਫੇਰਬਦਲ ਦੀ ਤਿਆਰੀ, ਪੰਜ ਨਵੇਂ ਚਿਹਰੇ ਅੱਜ ਚੁੱਕਣਗੇ ਸਹੁੰ

ਪੰਜਾਬ ਸਰਕਾਰ ‘ਚ ਵੱਡੇ ਫੇਰਬਦਲ ਦੀ ਤਿਆਰੀ, ਪੰਜ ਨਵੇਂ ਚਿਹਰੇ ਅੱਜ ਚੁੱਕਣਗੇ ਸਹੁੰ

ਨਵੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਮੰਡਲ ਦੇ ਨਵੇਂ ਵਿਸਥਾਰ ਸਬੰਧੀ ਪੂਰੀ ਰਿਪੋਰਟ ਪੇਸ਼ ਕੀਤੀ ਸੀ।

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਹਾਜ਼ਰੀ ਵਿੱਚ ਐਤਵਾਰ ਸ਼ਾਮ ਤੋਂ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਚਿਹਰਿਆਂ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ।

ਸਰਕਾਰ ਦੇ ਇੱਕ ਸੀਨੀਅਰ ਮੰਤਰੀ ਨੇ ਦੱਸਿਆ ਕਿ ਮੌਜੂਦਾ ਮੰਤਰੀ ਮੰਡਲ ਵਿੱਚੋਂ ਚਾਰ ਮੰਤਰੀਆਂ ਨੂੰ ਬਾਹਰ ਕੀਤਾ ਜਾ ਰਿਹਾ ਹੈ, ਜਦਕਿ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਥਾਂ ’ਤੇ ਮੰਤਰੀ ਮੰਡਲ ਵਿੱਚ ਨਵੇਂ ਚਿਹਰੇ ਵਾਲੇ ਪੰਜ ਮੰਤਰੀਆਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਦੀ ਮੰਨੀਏ ਤਾਂ ਜਿਨ੍ਹਾਂ ਚਾਰ ਮੰਤਰੀਆਂ ਨੂੰ ਕੈਬਨਿਟ ‘ਚੋਂ ਹਟਾਇਆ ਜਾ ਰਿਹਾ ਹੈ, ਉਨ੍ਹਾਂ ‘ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਹਟਾਇਆ ਜਾਣਾ ਮੰਨਿਆ ਜਾ ਰਿਹਾ ਹੈ। ਇਨ੍ਹਾਂ ਮੰਤਰੀਆਂ ਦੇ ਅਸਤੀਫ਼ੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਕੋਲ ਵੀ ਪਹੁੰਚ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਨਵੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਮੰਡਲ ਦੇ ਨਵੇਂ ਵਿਸਥਾਰ ਸਬੰਧੀ ਪੂਰੀ ਰਿਪੋਰਟ ਪੇਸ਼ ਕੀਤੀ ਸੀ। ਇਸ ਤੋਂ ਬਾਅਦ ਖੁਦ ਪਾਰਟੀ ਮੁਖੀ ਕੇਜਰੀਵਾਲ ਨੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਪੰਜ ਨਵੇਂ ਚਿਹਰਿਆਂ ਬਾਰੇ ਮੁੱਖ ਮੰਤਰੀ, ਪਾਰਟੀ ਦੇ ਹੋਰ ਸੀਨੀਅਰ ਆਗੂਆਂ ਅਤੇ ਵਰਕਰਾਂ ਤੋਂ ਫੀਡਬੈਕ ਲਈ ਹੈ।