ਪੰਜਾਬ ਵਿੱਚ ਆਮ ਆਦਮੀ ਪਾਰਟੀ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਉਮੀਦਵਾਰਾਂ ਦਾ ਕਰੇਗੀ ਐਲਾਨ

ਪੰਜਾਬ ਵਿੱਚ ਆਮ ਆਦਮੀ ਪਾਰਟੀ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਉਮੀਦਵਾਰਾਂ ਦਾ ਕਰੇਗੀ ਐਲਾਨ

ਜਲੰਧਰ ‘ਚ ਪਾਰਟੀ ਨੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ‘ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਟਿਕਟ ਦਿੱਤੀ ਸੀ, ਪਰ ਹੁਣ ਉਹ ਭਾਜਪਾ ‘ਚ ਸ਼ਾਮਲ ਹੋ ਗਏ ਹਨ ਅਤੇ ਭਾਜਪਾ ਨੇ ਵੀ ਉਨ੍ਹਾਂ ਨੂੰ ਟਿਕਟ ਦੇ ਦਿੱਤੀ ਹੈ।

ਪੰਜਾਬ ਵਿਚ ਲੋਕਸਭਾ ਚੋਣਾਂ ਦਾ ਮਾਹੌਲ ਬਣਿਆ ਹੋਇਆ ਹੈ, ਰਾਜਨੀਤਿਕ ਪਾਰਟੀਆਂ ਲਗਾਤਾਰ ਆਪਣੇ ਉਮੀਦਵਾਰ ਐਲਾਨ ਕਰ ਰਹੀਆਂ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪਹਿਲਾਂ ਹੀ ਦੋ ਸੂਚੀਆਂ ਜਾਰੀ ਕਰ ਚੁੱਕੀ ਹੈ।

ਪੰਜਾਬ ਵਿੱਚੋਂ ਦੂਜੀ ਸੂਚੀ ਵਿੱਚ ਦੋ ਨਾਵਾਂ ਦਾ ਐਲਾਨ ਕੀਤਾ ਗਿਆ। ਇਸ ਵਿੱਚ ਹੁਸ਼ਿਆਰਪੁਰ ਤੋਂ ਡਾ. ਰਾਜਕੁਮਾਰ ਅਤੇ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਸੰਗਰੂਰ ਤੋਂ, ਸਿਹਤ ਮੰਤਰੀ ਡਾ ਬਲਬੀਰ ਸਿੰਘ ਨੂੰ ਪਟਿਆਲਾ ਤੋਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਬਠਿੰਡਾ ਤੋਂ, ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ ਤੋਂ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੂੰ ਖਡੂਰ ਸਾਹਿਬ ਤੋਂ ਟਿਕਟਾਂ ਦਿੱਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਬਸੀ ਪਠਾਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਜੋ ਕਿ ਹਾਲ ਹੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਹਨ, ਨੂੰ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਕੁਝ ਦਿਨ ਪਹਿਲਾਂ ਉਹ ਕਾਂਗਰਸ ‘ਚ ਅਨੁਸ਼ਾਸਨ ਦੀ ਘਾਟ ਦਾ ਦੋਸ਼ ਲਾਉਂਦੇ ਹੋਏ ‘ਆਪ’ ‘ਚ ਸ਼ਾਮਲ ਹੋਏ ਸਨ। ਫਰੀਦਕੋਟ ਸੀਟ ‘ਤੇ ਸਭ ਤੋਂ ਹੈਰਾਨ ਕਰਨ ਵਾਲਾ ਫੈਸਲਾ ਲਿਆ ਗਿਆ ਹੈ। ਇੱਥੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਮੰਨੇ ਜਾਂਦੇ ਪੰਜਾਬੀ ਫਿਲਮਾਂ ਦੇ ਅਦਾਕਾਰ ਕਰਮਜੀਤ ਸਿੰਘ ਅਨਮੋਲ ‘ਤੇ ਦਾਅ ਲਗਾ ਦਿਤਾ ਹੈ। ਜਲੰਧਰ ‘ਚ ਪਾਰਟੀ ਨੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ‘ਤੇ ਭਰੋਸਾ ਜਤਾਉਂਦੇ ਹੋਏ ਉਨ੍ਹਾਂ ਨੂੰ ਟਿਕਟ ਦਿੱਤੀ ਸੀ, ਪਰ ਹੁਣ ਉਹ ਭਾਜਪਾ ‘ਚ ਸ਼ਾਮਲ ਹੋ ਗਏ ਹਨ ਅਤੇ ਭਾਜਪਾ ਨੇ ਵੀ ਉਨ੍ਹਾਂ ਨੂੰ ਟਿਕਟ ਦੇ ਦਿੱਤੀ ਹੈ।