‘ਆਪ’ ਤੇ ਕਾਂਗਰਸ ਨੂੰ ਪਸੰਦ ਨਹੀਂ ਆਈ ਭਾਜਪਾ ਦੀ ਜਿੱਤ, ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

‘ਆਪ’ ਤੇ ਕਾਂਗਰਸ ਨੂੰ ਪਸੰਦ ਨਹੀਂ ਆਈ ਭਾਜਪਾ ਦੀ ਜਿੱਤ, ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਵਿਚ ਤਿੰਨੋਂ ਚੋਟੀ ਦੇ ਅਹੁਦੇ ਜਿੱਤੇ ਅਤੇ ਕਾਂਗਰਸ-ਆਮ ਆਦਮੀ ਪਾਰਟੀ (ਆਪ) ਗਠਜੋੜ ਨੂੰ ਹਰਾਇਆ।

ਚੰਡੀਗੜ੍ਹ ਮੇਅਰ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੇ ਧਮਾਕੇਦਾਰ ਜਿੱਤ ਹਾਸਿਲ ਕੀਤੀ। ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਚੰਡੀਗੜ੍ਹ ਦੇ ਮੇਅਰ ਚੋਣ ਨਤੀਜਿਆਂ ਨੂੰ ਰੱਦ ਕਰਨ ਅਤੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।

ਇਸ ਤੋਂ ਕੁਝ ਘੰਟੇ ਪਹਿਲਾਂ, ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਵਿਚ ਤਿੰਨੋਂ ਚੋਟੀ ਦੇ ਅਹੁਦੇ ਜਿੱਤੇ ਅਤੇ ਕਾਂਗਰਸ-ਆਮ ਆਦਮੀ ਪਾਰਟੀ (ਆਪ) ਗਠਜੋੜ ਨੂੰ ਹਰਾਇਆ। ਗਠਜੋੜ ਨੇ ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਪ੍ਰੀਜ਼ਾਈਡਿੰਗ ਅਫ਼ਸਰ ‘ਤੇ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਸੂਤਰਾਂ ਅਨੁਸਾਰ ਇਹ ਪਟੀਸ਼ਨ ਕੌਂਸਲਰ ਕੁਲਦੀਪ ਕੁਮਾਰ ਵੱਲੋਂ ਦਾਇਰ ਕੀਤੀ ਗਈ, ਜੋ ਮੇਅਰ ਦੇ ਅਹੁਦੇ ਲਈ ਉਮੀਦਵਾਰ ਸਨ।

ਸੂਤਰਾਂ ਨੇ ਦੱਸਿਆ ਕਿ ਪਟੀਸ਼ਨਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਇਸ ਵਿੱਚ ਪੂਰੀ ਤਰ੍ਹਾਂ ਨਾਲ ਧੋਖਾਧੜੀ ਅਤੇ ਜਾਅਲਸਾਜ਼ੀ ਹੈ। ਇਸ ਤੋਂ ਪਹਿਲਾਂ ਜਿਵੇਂ ਹੀ ਨਤੀਜੇ ਐਲਾਨੇ ਗਏ, ਵਿਰੋਧੀ ਗਠਜੋੜ (ਇੰਡੀਆ) ‘ਆਪ’ ਅਤੇ ਕਾਂਗਰਸ ਦੇ ਕੌਂਸਲਰਾਂ ਨੇ ਅਗਲੇ ਪੜਾਅ – ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣਾਂ ਦਾ ਵਿਰੋਧ ਕੀਤਾ ਅਤੇ ਬਾਈਕਾਟ ਕੀਤਾ।

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਮਨੋਜ ਸੋਨਕਰ ਨੇ ਕਾਂਗਰਸ ਸਮਰਥਿਤ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਸੋਨਕਰ ਨੂੰ 16 ਵੋਟਾਂ ਮਿਲੀਆਂ, ਜਦਕਿ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ। ਸੂਤਰਾਂ ਅਨੁਸਾਰ ‘ਆਪ’ ਦੀ ਪਟੀਸ਼ਨ ਵਿੱਚ ਅਦਾਲਤ ਨੂੰ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਿਰਪੱਖ ਅਤੇ ਆਜ਼ਾਦ ਢੰਗ ਨਾਲ ਨਵੀਆਂ ਚੋਣਾਂ ਕਰਵਾਉਣ ਦੇ ਨਿਰਦੇਸ਼ ਦੇਣ ਦੀ ਵੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ‘ਆਪ’ ਨੇ ਚੋਣ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਨਾਲ ਧੋਖਾਧੜੀ ਦਾ ਦੋਸ਼ ਲਾਇਆ ਹੈ ਅਤੇ ਕਿਸੇ ਸੁਤੰਤਰ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ ਹੈ।