- ਪੰਜਾਬ
- No Comment
ਅੰਮ੍ਰਿਤਸਰ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਤਲਬੀਰ ਗਿੱਲ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ
ਤਲਬੀਰ ਗਿੱਲ ਅੰਮ੍ਰਿਤਸਰ ਦੇ ਬਹੁਤ ਹਰਮਨ ਪਿਆਰੇ ਆਗੂ ਹਨ। ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਹੈ।
ਪੰਜਾਬ ਵਿਚ ਲੋਕਸਭਾ ਚੋਣਾਂ ਤੋਂ ਪਹਿਲਾ ਕੁਝ ਆਗੂਆਂ ਦਾ ਆਪਣੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਸ਼ਾਮਿਲ ਹੋਣ ਦਾ ਦੌਰ ਜਾਰੀ ਹੈ। ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਆਮ ਆਦਮੀ ਪਾਰਟੀ (ਆਪ) ਨੂੰ ਕਾਫੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸ਼ੁੱਕਰਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ। ਤਲਬੀਰ ਗਿੱਲ ਅੰਮ੍ਰਿਤਸਰ ਦੇ ਬਹੁਤ ਹਰਮਨ ਪਿਆਰੇ ਆਗੂ ਹਨ। ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਹੈ। ਉਹ 2022 ਵਿਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ ‘ਤੇ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਅਕਾਲੀ ਦਲ ਦੀਆਂ ਗਲਤ ਨੀਤੀਆਂ ਅਤੇ ਭਾਈ-ਭਤੀਜਾਵਾਦ ਕਾਰਨ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।
ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਇਸ ਨੂੰ 13 ਲੋਕ ਸਭਾ ਸੀਟਾਂ ‘ਤੇ ਵੀ ਇਸ ਚੋਣ ਵਿਚ ਉਮੀਦਵਾਰ ਨਹੀਂ ਮਿਲ ਰਹੇ। ਕੋਈ ਵੀ ਅਕਾਲੀ ਆਗੂ ਚੋਣ ਲੜਨ ਲਈ ਤਿਆਰ ਨਹੀਂ ਕਿਉਂਕਿ ਉਸ ਨੂੰ ਪਤਾ ਹੈ ਕਿ ਉਸ ਦੀ ਹਾਰ ਯਕੀਨੀ ਹੈ। ਤਲਬੀਰ ਗਿੱਲ ਆਪਣੇ ਸਾਥੀ ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਬ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖੀ, ਰੁਸਤਮ ਸਿੰਘ ਸੰਧੂ ਅਤੇ ਜਸਬੀਰ ਸਿੰਘ ਸਮੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।