ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੜੇਗਾ ਲੋਕ ਸਭਾ ਚੋਣ, ਮਾਤਾ ਬਲਵਿੰਦਰ ਕੌਰ ਨੇ ਕੀਤਾ ਐਲਾਨ, ਨਾਮਜ਼ਦਗੀ ਦੀ ਪ੍ਰਕਿਰਿਆ ਅਸਾਮ ਜੇਲ੍ਹ ਤੋਂ ਕੀਤੀ ਜਾਵੇਗੀ ਪੂਰੀ

ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੜੇਗਾ ਲੋਕ ਸਭਾ ਚੋਣ, ਮਾਤਾ ਬਲਵਿੰਦਰ ਕੌਰ ਨੇ ਕੀਤਾ ਐਲਾਨ, ਨਾਮਜ਼ਦਗੀ ਦੀ ਪ੍ਰਕਿਰਿਆ ਅਸਾਮ ਜੇਲ੍ਹ ਤੋਂ ਕੀਤੀ ਜਾਵੇਗੀ ਪੂਰੀ

ਅਮ੍ਰਿਤਪਾਲ ਦੀ ਮਾਤਾ ਨੇ ਕਿਹਾ ਕਿ ਅਮ੍ਰਿਤਪਾਲ ਦੇ ਨਾਲ ਜੇਲ੍ਹ ਵਿਚ ਹੋਰ ਲੋਕ ਵੀ ਹਨ ਅਤੇ ਉਹ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਨ੍ਹਾਂ ਨੇ ਸੰਗਤਾਂ ਨੂੰ ਚੋਣਾਂ ਵਿੱਚ ਅਮ੍ਰਿਤਪਾਲ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ ਕਰ ਦਿਤਾ ਹੈ। ਸ਼ੁੱਕਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਕਿ ਉਹ ਸਾਰੀ ਉਮਰ ਜੇਲ੍ਹ ਵਿਚ ਰਹਿ ਸਕਦਾ ਹੈ, ਪਰ ਉਸਦੇ ਨਾਲ ਜੇਲ੍ਹ ਵਿਚ ਹੋਰ ਲੋਕ ਵੀ ਹਨ ਅਤੇ ਉਹ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।

ਉਨ੍ਹਾਂ ਨੇ ਸੰਗਤਾਂ ਨੂੰ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅਜੇ ਤੱਕ ਖਡੂਰ ਸਾਹਿਬ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ‘ਆਪ’ ਨੇ ਇਸ ਹਲਕੇ ਤੋਂ ਕੈਬਨਿਟ ਮੰਤਰੀ ਤੇ ਪੱਟੀ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਸੂਤਰਾਂ ਅਨੁਸਾਰ ਮੁੱਖ ਧਾਰਾ ਦੀ ਇੱਕ ਪਾਰਟੀ ਅੰਮ੍ਰਿਤਪਾਲ ਸਿੰਘ ਨੂੰ ਬਾਹਰੋਂ ਸਮਰਥਨ ਦੇਣ ਬਾਰੇ ਵਿਚਾਰ ਕਰ ਰਹੀ ਹੈ। ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ 1 ਜੂਨ ਨੂੰ ਇੱਕੋ ਪੜਾਅ ‘ਚ ਵੋਟਾਂ ਪੈਣਗੀਆਂ। ਅੰਮ੍ਰਿਤਪਾਲ, ਜੋ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਹੈ, ਨੂੰ ਪਿਛਲੇ ਸਾਲ 23 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਉਹ ਆਪਣੇ ਨੌਂ ਸਾਥੀਆਂ ਸਮੇਤ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅੰਮ੍ਰਿਤਪਾਲ ਦੇ ਕਾਨੂੰਨੀ ਸਲਾਹਕਾਰ ਰਾਜਦੇਵ ਸਿੰਘ ਖਾਲਸਾ ਨੇ ਵੀ ਅਮ੍ਰਿਤਪਾਲ ਦੇ ਚੋਣ ਲੜਨ ਦਾ ਦਾਅਵਾ ਕੀਤਾ ਸੀ। ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ, ਜੋ ਕਿ ਅੰਮ੍ਰਿਤਪਾਲ ਅਤੇ ਹੋਰ ਨੌਂ ਐਨਐਸਏ ਨਜ਼ਰਬੰਦਾਂ ਨੂੰ ਪੰਜਾਬ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਅਣਮਿੱਥੇ ਸਮੇਂ ਲਈ ਧਰਨੇ ‘ਤੇ ਬੈਠੀ ਹੈ, ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਸਿੱਖ ਕੌਮ ਨੂੰ ਦਰਪੇਸ਼ ਮੁੱਦਿਆਂ ਲਈ ਲੜਨ ਲਈ ਚੋਣ ਮੈਦਾਨ ਵਿੱਚ ਉਤਰਨ ਦਾ ਫੈਸਲਾ ਕੀਤਾ ਹੈ।