ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਸੁਰੱਖਿਆ ਏਜੰਸੀਆਂ ਨੇ ਏਅਰਪੋਰਟ ‘ਤੇ ਰੋਕਿਆ, ਪੁੱਛਗਿੱਛ ਤੋਂ ਬਾਅਦ ਘਰ ਵਾਪਸ ਭੇਜ ਦਿੱਤਾ

ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਸੁਰੱਖਿਆ ਏਜੰਸੀਆਂ ਨੇ ਏਅਰਪੋਰਟ ‘ਤੇ ਰੋਕਿਆ, ਪੁੱਛਗਿੱਛ ਤੋਂ ਬਾਅਦ ਘਰ ਵਾਪਸ ਭੇਜ ਦਿੱਤਾ

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਕਤਰ ਦੀ ਰਾਜਧਾਨੀ ਦੋਹਾ ਜਾਣ ਵਾਲੇ ਸਨ ਹਾਲਾਂਕਿ ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। ਜਾਣਕਾਰੀ ਅਨੁਸਾਰ ਸੁਰੱਖਿਆ ਅਧਿਕਾਰੀਆਂ ਨੇ ਹਵਾਈ ਅੱਡੇ ‘ਤੇ ਤਰਸੇਮ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ।

‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆ ਮੁਸ਼ਕਿਲਾਂ ਘਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਸੁਰੱਖਿਆ ਏਜੰਸੀਆਂ ਨੇ ਬੁੱਧਵਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕ ਲਿਆ।

ਉਹ ਕਤਰ ਦੀ ਰਾਜਧਾਨੀ ਦੋਹਾ ਜਾਣ ਵਾਲੇ ਸਨ ਹਾਲਾਂਕਿ ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। ਜਾਣਕਾਰੀ ਅਨੁਸਾਰ ਸੁਰੱਖਿਆ ਅਧਿਕਾਰੀਆਂ ਨੇ ਹਵਾਈ ਅੱਡੇ ‘ਤੇ ਤਰਸੇਮ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਉਸ ਨੂੰ ਵਾਪਸ ਘਰ ਭੇਜ ਦਿੱਤਾ। ਤਰਸੇਮ ਸਿੰਘ ਬੁੱਧਵਾਰ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ।

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਦਿੱਲੀ ਅਤੇ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਤਿੰਨ ਵਾਰ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ। ਕਿਰਨਦੀਪ ਕੌਰ ਬ੍ਰਿਟਿਸ਼ ਨਾਗਰਿਕ ਹੈ। ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ ਵੱਡੀ ਮੁਹਿੰਮ ਛੇੜੀ ਸੀ। ਕਈ ਦਿਨਾਂ ਦੀ ਭਾਲ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਅੰਮ੍ਰਿਤਪਾਲ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਕਾਰਵਾਈ ਕੀਤੀ ਗਈ ਹੈ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ਨੇ ਲੁੱਟ ਅਤੇ ਅਗਵਾ ਦੇ ਦੋਸ਼ੀ ਆਪਣੇ ਸਾਥੀ ਮਨਦੀਪ ਸਿੰਘ ਉਰਫ ਤੂਫਾਨ ਨੂੰ ਛੁਡਾਉਣ ਲਈ ਇਸ ਸਾਲ ਫਰਵਰੀ ਮਹੀਨੇ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਐਸਪੀ ਸਮੇਤ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਬਾਬਾ ਬਕਾਲਾ ਥਾਣੇ ਵਿੱਚ ਹਥਿਆਰ ਰੱਖਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।