- ਸਿਹਤ
- No Comment
ਪੰਜਾਬ ਸਰਕਾਰ ਵੱਲੋਂ ਹੁਣ ਬੱਚੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਬਣਾਇਆ ਗਿਆ ਸਰਲ
ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਲਾਗੂ ਕਰਕੇ ਵਿਭਾਗ ਨੇ 300 ਤੋਂ ਵੱਧ ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ ਗੋਦ ਲੈ ਕੇ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਪ੍ਰਦਾਨ ਕੀਤਾ ਹੈ।
ਪੰਜਾਬ ਵਿਚ ਬੱਚੇ ਗੋਦ ਲੈਣ ਵਾਲੇ ਮਾਂ ਪਿਓ ਲਈ ਇਕ ਖੁਸ਼ੀ ਭਰੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਬੱਚੇ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾ ਦਿੱਤਾ ਗਿਆ ਹੈ। ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ ਗੋਦ ਲੈਣ ਸਬੰਧੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਗੋਦ ਲੈਣ ਵਾਲੀਆਂ ਏਜੰਸੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ 172 ਨਵੀਆਂ ਅਸਾਮੀਆਂ ਬਣਾਈਆਂ ਜਾ ਰਹੀਆਂ ਹਨ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਵਿਖੇ ਅਡਾਪਸ਼ਨ ਰੈਗੂਲੇਸ਼ਨ, 2022 ਬਾਰੇ ਰਾਜ ਪੱਧਰੀ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅਨਾਥ ਬੱਚਿਆਂ ਦੀ ਦੇਖਭਾਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਬੇਸਹਾਰਾ ਅਤੇ ਅਨਾਥ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ, ਬਾਲ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ ਨੂੰ ਪ੍ਰਤੀ ਸਾਲ 26 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਲ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਲਾਗੂ ਕਰਕੇ ਵਿਭਾਗ ਨੇ 300 ਤੋਂ ਵੱਧ ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ ਗੋਦ ਲੈ ਕੇ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਪ੍ਰਦਾਨ ਕੀਤਾ ਹੈ।
ਉਨ੍ਹਾਂ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਰਾਜ ਵਿੱਚ ਬਾਲ ਗੋਦ ਲੈਣ ਦੀਆਂ ਅਰਜ਼ੀਆਂ ਦਾ ਨਿਸ਼ਚਿਤ ਸਮੇਂ ਵਿੱਚ ਨਿਪਟਾਰਾ ਯਕੀਨੀ ਬਣਾਉਣ। ਡਾ: ਬਲਜੀਤ ਕੌਰ ਨੇ ਰਾਜ ਦੇ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਬਾਲ ਗੋਦ ਲੈਣ ਸਬੰਧੀ ਦਰਖਾਸਤਾਂ ਦਾ ਨਿਪਟਾਰਾ ਯੋਗਤਾ ਦੇ ਆਧਾਰ ‘ਤੇ ਕੀਤਾ ਜਾਵੇ ਅਤੇ ਇਨ੍ਹਾਂ ਕੇਸਾਂ ਦਾ ਨਿਪਟਾਰਾ ਜ਼ਿਲ੍ਹਾ ਮੈਜਿਸਟ੍ਰੇਟਾਂ ਵੱਲੋਂ ਦਰੁਸਤ ਆਧਾਰ ‘ਤੇ ਕੀਤਾ ਜਾਵੇ । ਇਸ ਮੌਕੇ ਕੇਂਦਰੀ ਅਡਾਪਸ਼ਨ ਰਿਸੋਰਸ ਅਥਾਰਟੀ (ਸੀ.ਏ.ਆਰ.ਏ.) ਨਵੀਂ ਦਿੱਲੀ ਦੀ ਡਿਪਟੀ ਡਾਇਰੈਕਟਰ ਪੂਨਮ ਸ਼ਰਮਾ ਅਤੇ ਸਲਾਹਕਾਰ ਸ਼ਿਵਾਨੀ ਚੌਹਾਨ ਨੇ ਬੱਚੇ ਨੂੰ ਗੋਦ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਬੱਚੇ ਦੀ ਭਵਿੱਖੀ ਜ਼ਿੰਦਗੀ ਨੂੰ ਸੁਰੱਖਿਅਤ ਬਣਾਇਆ ਜਾ ਸਕੇ।