ਲੋਕਸਭਾ ਚੋਣਾਂ 2024 : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ

ਲੋਕਸਭਾ ਚੋਣਾਂ 2024 : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ

ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਵੱਲੋਂ ਚੋਣ ਲੜਨ ਦੀ ਪੇਸ਼ਕਸ਼ ਸੀ, ਪਰ ‘ਛੋਟੇ ਸਿੱਧੂ’ ਦੀ ਆਮਦ ਨੂੰ ਦੇਖਦੇ ਹੋਏ ਉਨ੍ਹਾਂ ਨੇ ਚੋਣ ਮੈਦਾਨ ਵਿੱਚ ਉਤਰਨ ਦਾ ਫੈਸਲਾ ਵਾਪਸ ਲੈ ਲਿਆ ਸੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਵਿਚ ਲੋਕਸਭਾ ਚੋਣਾਂ ਵਿਚ ਪ੍ਰਚਾਰ ਕਰਨ ਦਾ ਐਲਾਨ ਕਰ ਦਿਤਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ ਹੈ।

‘ਛੋਟੇ ਸਿੱਧੂ’ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਬਲਕੌਰ ਸਿੱਧੂ ਨੇ ਕਿਹਾ ਕਿ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਅਤੇ ਲੁਧਿਆਣਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਉਨ੍ਹਾਂ ਦੇ ਬਹੁਤ ਕਰੀਬੀ ਹਨ। ਉਹ ਦੋ-ਤਿੰਨ ਦਿਨਾਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਉਨ੍ਹਾਂ ਨੂੰ ਕਾਂਗਰਸ ਵੱਲੋਂ ਵੀ ਚੋਣ ਲੜਨ ਦੀ ਪੇਸ਼ਕਸ਼ ਸੀ ਪਰ ‘ਛੋਟੇ ਸਿੱਧੂ’ ਦੀ ਆਮਦ ਨੂੰ ਦੇਖਦੇ ਹੋਏ ਉਨ੍ਹਾਂ ਨੇ ਚੋਣ ਮੈਦਾਨ ਵਿੱਚ ਉਤਰਨ ਦਾ ਫੈਸਲਾ ਵਾਪਸ ਲੈ ਲਿਆ। ਸਿੱਧੂ ਮੂਸੇਵਾਲਾ ਨੇ 2022 ‘ਚ ਮਾਨਸਾ ਤੋਂ ਕਾਂਗਰਸ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜੀ ਸੀ। ‘ਆਪ’ ਉਮੀਦਵਾਰ ਨੇ ਮੂਸੇਵਾਲਾ ਨੂੰ ਕਰਾਰੀ ਹਾਰ ਦਿੱਤੀ ਸੀ।

‘ਆਪ’ ਉਮੀਦਵਾਰ ਡਾ. ਵਿਜੇ ਸਿੰਗਲਾ ਨੂੰ ਇੱਕ ਲੱਖ ਤੋਂ ਵੱਧ ਵੋਟਾਂ ਮਿਲੀਆਂ ਸਨ। ਜਦਕਿ ਸਿੱਧੂ ਨੂੰ ਕੁੱਲ 36,700 ਵੋਟਾਂ ਮਿਲੀਆਂ ਸਨ। 2022 ਦੀਆਂ ਪੰਜਾਬ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਧਮਾਲ ਮਚਾ ਦਿੱਤੀ ਸੀ। ਪ੍ਰਕਾਸ਼ ਸਿੰਘ ਬਾਦਲ, ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਕੈਪਟਨ ਅਮਰਿੰਦਰ ਸਿੰਘ ਵਰਗੇ ਦਿੱਗਜਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਤੁਹਾਨੂੰ ਦੱਸ ਦੇਈਏ ਕਿ 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੰਨ੍ਹੇਵਾਹ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।