ਬਲਵੰਤ ਸਿੰਘ ਰਾਜੋਆਣਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ, SGPC ਨੇ ਬੁਲਾਈ ਮੀਟਿੰਗ

ਬਲਵੰਤ ਸਿੰਘ ਰਾਜੋਆਣਾ ਨੇ ਸ਼ੁਰੂ ਕੀਤੀ ਭੁੱਖ ਹੜਤਾਲ, SGPC ਨੇ ਬੁਲਾਈ ਮੀਟਿੰਗ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜੋਆਣਾ ਦੀ ਭੁੱਖ ਹੜਤਾਲ ਨੂੰ ਕੇਂਦਰ ਸਰਕਾਰ ਦੇ ਸਖ਼ਤ ਅਤੇ ਨਾਂਹ-ਪੱਖੀ ਰਵੱਈਏ ਅਤੇ ਪੰਜਾਬ ਸਰਕਾਰ ਦੇ ਅੱਤਿਆਚਾਰਾਂ ਦਾ ਨਤੀਜਾ ਦੱਸਿਆ ਹੈ।

ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਮੰਗਲਵਾਰ ਸਵੇਰੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਨੇ ਬੁੱਧਵਾਰ ਨੂੰ ਐਮਰਜੇਂਸੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਨੂੰ ਬੁਲਾਇਆ ਗਿਆ ਹੈ। ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹੋਵੇਗੀ।

ਇਸ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਖਾਸ ਕਰਕੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਸਿੰਘ ਸਾਹਿਬਾਨ ਵੀ ਸਰਬਸੰਮਤੀ ਨਾਲ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦਾ ਹੁਕਮ ਜਾਰੀ ਕਰ ਸਕਦੇ ਹਨ। ਇਸ ਤੋਂ ਇਲਾਵਾ ਬੰਦੀ ਸਿੱਖਾਂ ਦੀ ਰਿਹਾਈ ਲਈ 20 ਦਸੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਸ਼ੁਰੂ ਕੀਤੇ ਜਾ ਰਹੇ ਅੰਦੋਲਨ ਸਬੰਧੀ ਵੀ ਭਾਈਚਾਰੇ ਅਤੇ ਸਿੱਖ ਜਥੇਬੰਦੀਆਂ ਨੂੰ ਹੁਕਮ ਜਾਰੀ ਕੀਤੇ ਜਾ ਸਕਦੇ ਹਨ।

ਦੂਜੇ ਪਾਸੇ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨੂੰ ਮਿਲਣ ਲਈ ਉਸਦੀ ਭੈਣ ਕਮਲਦੀਪ ਕੌਰ ਆਈ ਸੀ। ਮੀਟਿੰਗ ਤੋਂ ਬਾਅਦ ਕਮਲਦੀਪ ਨੇ ਦੱਸਿਆ ਕਿ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਕੇਂਦਰ ਸਰਕਾਰ ਨੂੰ ਭੇਜੀ ਅਪੀਲ ’ਤੇ ਫੈਸਲੇ ਤੋਂ ਬਾਅਦ ਹੁਣ ਉਸ ਦਾ ਭਰਾ ਭੁੱਖ ਹੜਤਾਲ ਖ਼ਤਮ ਕਰੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜੋਆਣਾ ਦੀ ਭੁੱਖ ਹੜਤਾਲ ਨੂੰ ਕੇਂਦਰ ਸਰਕਾਰ ਦੇ ਸਖ਼ਤ ਅਤੇ ਨਾਂਹ-ਪੱਖੀ ਰਵੱਈਏ ਅਤੇ ਪੰਜਾਬ ਸਰਕਾਰ ਦੇ ਅੱਤਿਆਚਾਰਾਂ ਦਾ ਨਤੀਜਾ ਦੱਸਿਆ ਹੈ।

ਇਸਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ 4 ਦਸੰਬਰ ਨੂੰ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਕੇਂਦਰੀ ਜੇਲ੍ਹ ਪਟਿਆਲਾ ਪੁੱਜੇ ਸਨ। ਮਜੀਠੀਆ ਨੇ ਦਾਅਵਾ ਕੀਤਾ ਕਿ ਉਸ ਕੋਲ ਸੀਨੀਅਰ ਜੇਲ੍ਹ ਅਧਿਕਾਰੀਆਂ ਤੋਂ ਲਈ ਗਈ ਲਿਖਤੀ ਪ੍ਰਵਾਨਗੀ ਦੀ ਕਾਪੀ ਸੀ। ਇਸ ਤੋਂ ਬਾਅਦ ਵੀ ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਨੇ ਉਸ ਨੂੰ ਮਿਲਣ ਨਹੀਂ ਦਿੱਤਾ। ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਵੱਲੋਂ ਮਨ੍ਹਾ ਕੀਤੇ ਜਾਣ ’ਤੇ ਮਜੀਠੀਆ ਅਤੇ ਉਨ੍ਹਾਂ ਦੇ ਸਾਰੇ ਸੀਨੀਅਰ ਆਗੂ ਵਾਪਸ ਪਰਤ ਗਏ ਸਨ।