ਬਲਵਿੰਦਰ ਸਿੰਘ ਭੂੰਦੜ ਬਣੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ, ਸੁਖਬੀਰ ਬਾਦਲ ਨੇ ਸੋਂਪੀ ਅਹਿਮ ਜਿੰਮੇਵਾਰੀ

ਬਲਵਿੰਦਰ ਸਿੰਘ ਭੂੰਦੜ ਬਣੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ, ਸੁਖਬੀਰ ਬਾਦਲ ਨੇ ਸੋਂਪੀ ਅਹਿਮ ਜਿੰਮੇਵਾਰੀ

ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਇਸ ਨਾਲ ਪਾਰਟੀ ਵਿੱਚ ਫੁੱਟ ਹੋਰ ਵਧੇਗੀ। ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਬਣਾਉਣਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਸੁਖਬੀਰ ਬਾਦਲ ਨੂੰ ਤੁਰੰਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਸੁਖਬੀਰ ਬਾਦਲ ਨੇ ਇਕ ਅਹਿਮ ਫੈਸਲਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਆਪਸੀ ਖਿੱਚੋਤਾਣ ਦਰਮਿਆਨ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦਲਜੀਤ ਸਿੰਘ ਚੀਮਾ ਨੇ ਖੁਦ ਪਾਰਟੀ ਦੇ ਸੋਸ਼ਲ ਮੀਡੀਆ ਹੈਂਡਲ ‘ਤੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੋ ਵਾਰ ਰਾਜ ਸਭਾ ਮੈਂਬਰ ਰਹਿ ਚੁੱਕੇ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਜ਼ਿੰਮੇਵਾਰੀ ਮਿਲਣ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਮਿਲੀ ਹੈ, ਉਹ ਬਹੁਤ ਔਖੀ ਹੈ। ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਕਾਮਯਾਬੀ ਵੱਲ ਲੈ ਕੇ ਜਾਣਗੇ।

ਦੱਸ ਦੇਈਏ ਕਿ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 30 ਅਗਸਤ ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਸ ਤੋਂ ਠੀਕ ਪਹਿਲਾਂ ਸੁਖਬੀਰ ਬਾਦਲ ਵੱਲੋਂ ਲਏ ਗਏ ਇਸ ਫੈਸਲੇ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਪਾਰਟੀ ਦਾ ਬਾਗੀ ਧੜਾ ਅਜੇ ਵੀ ਇਸ ਫੈਸਲੇ ਤੋਂ ਖੁਸ਼ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਲਵਿੰਦਰ ਸਿੰਘ ਭੂੰਦੜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਬਹੁਤ ਕਰੀਬੀ ਹਨ, ਇਸ ਲਈ ਉਨ੍ਹਾਂ ਨੂੰ ਮਹਿਜ਼ ਮੋਹਰਾ ਬਣਾਇਆ ਗਿਆ ਹੈ।

ਬਾਗੀ ਧੜੇ ਦੀ ਆਗੂ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਇਸ ਨਾਲ ਪਾਰਟੀ ਵਿੱਚ ਫੁੱਟ ਹੋਰ ਵਧੇਗੀ। ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਬਣਾਉਣਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਸੁਖਬੀਰ ਬਾਦਲ ਨੂੰ ਤੁਰੰਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਕੁਝ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਖੁਦ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗ ਚੁੱਕੇ ਸਨ। ਜਿਸ ਨੂੰ ਬਾਅਦ ਵਿੱਚ ਜਨਤਕ ਕੀਤਾ ਗਿਆ ਸੀ। ਸੁਖਬੀਰ ਸਿੰਘ ਬਾਦਲ ਨੇ ਇੱਕ ਨਿਮਾਣੇ ਸਿੱਖ ਵਜੋਂ ਈਸ਼ਨਿੰਦਾ ਕੇਸ ਅਤੇ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫ਼ ਕਰਨ ਅਤੇ ਹੋਰ ਕਈ ਗੱਲਾਂ ਲਈ ਮੁਆਫ਼ੀ ਮੰਗੀ, ਜੋ ਅਜੇ ਵਿਚਾਰ ਅਧੀਨ ਹੈ।