ਅਧਿਆਪਕ ਦਿਵਸ ‘ਤੇ ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਆਉਣ ਵਾਲੇ ਦਿਨਾਂ ਵਿੱਚ ਅਧਿਆਪਕਾਂ ਦੀ ਕੀਤੀ ਜਾਵੇਗੀ ਭਰਤੀ

ਅਧਿਆਪਕ ਦਿਵਸ ‘ਤੇ ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਆਉਣ ਵਾਲੇ ਦਿਨਾਂ ਵਿੱਚ ਅਧਿਆਪਕਾਂ ਦੀ ਕੀਤੀ ਜਾਵੇਗੀ ਭਰਤੀ

ਸੀ.ਐਮ ਮਾਨ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਪੰਜਾਬੀ ਦੇ ਨਾਲ-ਨਾਲ ਹੋਰ ਵਿਸ਼ਿਆਂ ਲਈ ਵੀ ਅਧਿਆਪਕ ਹੋਣਗੇ ਭਰਤੀ।

ਸੀ.ਐਮ ਭਗਵੰਤ ਮਾਨ ਅਧਿਆਪਕ ਦਿਵਸ ਮੌਕੇ ਹੁਸ਼ਿਆਰਪੁਰ ਪਹੁੰਚੇ ਸਨ। ਇੱਥੇ ਉਨ੍ਹਾਂ ਅਧਿਆਪਕ ਦਿਵਸ ਮੌਕੇ ਕਰਵਾਏ ਰਾਜ ਪੱਧਰੀ ਪ੍ਰੋਗਰਾਮ ਵਿੱਚ 77 ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਉਨ੍ਹਾਂ 55 ਅਧਿਆਪਕਾਂ ਨੂੰ ਸਟੇਟ ਐਵਾਰਡ, 10 ਨੂੰ ਯੰਗ ਟੀਚਰ ਐਵਾਰਡ, 5 ਅਧਿਆਪਕਾਂ ਨੂੰ ਮੈਨੇਜਮੈਂਟ ਐਵਾਰਡ ਅਤੇ 7 ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ।

ਇਸ ਦੌਰਾਨ ਸੀ.ਐਮ ਮਾਨ ਨੇ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਪੰਜਾਬੀ ਦੇ ਨਾਲ-ਨਾਲ ਹੋਰ ਵਿਸ਼ਿਆਂ ਲਈ ਵੀ ਅਧਿਆਪਕ ਹੋਣਗੇ। ਸੀ.ਐਮ. ਮਾਨ ਨੇ ਕਿਹਾ ਕਿ ਸਿੰਗਾਪੁਰ ਤੋਂ ਪੜ੍ਹਾਉਣ ਦਾ ਤਰੀਕਾ ਸਿੱਖਣ ਲਈ ਪੰਜਾਬ ਦੇ ਸੈਂਕੜੇ ਅਧਿਆਪਕ ਸਿਖਲਾਈ ਲੈ ਕੇ ਆਏ ਹਨ। ਇਸ ਵਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਦਾਖ਼ਲ ਹੋ ਰਹੇ ਹਨ। ਸਾਡੇ ਕੋਲ ਅਧਿਆਪਕਾਂ ਦੀ ਕੋਈ ਕਮੀ ਨਹੀਂ ਹੈ, ਸਾਨੂੰ ਸਿਰਫ਼ ਸਿੱਖਣ ਲਈ ਮਾਹੌਲ ਚਾਹੀਦਾ ਹੈ। ਇਸ ਵਾਰ 158 ਸਰਕਾਰੀ ਬੱਚਿਆਂ ਨੇ ਜੇ.ਈ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਸਿਲੇਬਸ ਦੇ ਨਾਲ-ਨਾਲ ਜ਼ਿੰਦਗੀ ਦੀਆਂ ਗੱਲਾਂ ਸਿਖਾਉਣ ਵਾਲਾ ਅਧਿਆਪਕ ਬੱਚਿਆਂ ਦਾ ਚਹੇਤਾ ਹੁੰਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਕਹਿੰਦੇ ਹਨ ਕਿ ਸਾਨੂੰ ਆਪਣੇ ਅਧਿਆਪਕਾਂ ਦਾ ਹਮੇਸ਼ਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਨੇ ਸਾਨੂੰ ਬਹੁਤ ਕੁਝ ਸਿਖਾਇਆ ਹੈ। ਇਸ ਮੌਕੇ ਭਗਵੰਤ ਮਾਨ ਨੇ ਖ਼ਾਲੀ ਖ਼ਜ਼ਾਨੇ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪਹਿਲਾਂ ਅਧਿਆਪਕਾਂ ਨੂੰ ਪੜ੍ਹਾਉਣ ਤੋਂ ਇਲਾਵਾ ਹਰ ਕੰਮ ਕਰਨ ਲਈ ਕਿਹਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਪੜ੍ਹਾਈ ’ਤੇ ਧਿਆਨ ਦੇਣ। ਅਧਿਆਪਕਾਂ ਨੂੰ ਸਿਰਫ਼ ਪੜ੍ਹਾਈ ਦਾ ਹੀ ਧਿਆਨ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚੰਗੀ ਸਿੱਖਿਆ ਲਈ ਸਕੂਲਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਕੇਅਰ ਟੇਕਰ ਵੀ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਕੀਤਾ ਜਾਵੇ ਤਾਂ ਜੋ ਉਹ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦਾ ਮੁਕਾਬਲਾ ਕਰ ਸਕਣ।