- ਪੰਜਾਬ
- No Comment
ਪੰਜਾਬ ‘ਚ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਹੋਵੇਗੀ ਭਰਤੀ : ਮੁੱਖ ਮੰਤਰੀ ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਬਹੁ-ਪੱਖੀ ਰਣਨੀਤੀ ਬਣਾਈ ਹੈ, ਜਿਸ ਤਹਿਤ ਸਰਕਾਰ ਪੁਲਿਸ ਵਿਭਾਗ ਵਿੱਚ ਕਈ ਸੁਧਾਰ ਕਰਨ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਲੋਕਸਭਾ ਚੋਣਾਂ ਤੋਂ ਬਾਅਦ ਇਕ ਵਾਰ ਫਿਰ ਆਪਣੇ ਰੈਗੂਲਰ ਕੰਮਾਂ ਵਿਚ ਜੁੱਟ ਗਏ ਹਨ। ਪੁਲਿਸ ਦੀ ਕਾਰਜ ਸਮਰੱਥਾ ਵਧਾਉਣ ਲਈ ਵਿਭਾਗ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਬਣਾਈਆਂ ਜਾਣਗੀਆਂ ਅਤੇ ਭਰਤੀ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਸਾਰੇ ਐੱਸਐੱਸਪੀਜ਼ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਹੈ। ਇੱਕ ਪਾਸੇ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਅਪਰਾਧਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ।
ਸੀਐਮ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਇੱਕ ਹਫ਼ਤੇ ਦੇ ਅੰਦਰ ਜ਼ਬਤ ਕੀਤਾ ਜਾਵੇ। ਇਹ ਜਾਣਕਾਰੀ ਸੀਐਮ ਮਾਨ ਨੇ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਬਹੁ-ਪੱਖੀ ਰਣਨੀਤੀ ਬਣਾਈ ਹੈ, ਜਿਸ ਤਹਿਤ ਸਰਕਾਰ ਪੁਲਿਸ ਵਿਭਾਗ ਵਿੱਚ ਕਈ ਸੁਧਾਰ ਕਰਨ ਜਾ ਰਹੀ ਹੈ। ਪਤਾ ਲੱਗਾ ਹੈ ਕਿ ਨਸ਼ਾ ਤਸਕਰਾਂ ਨਾਲ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਮਿਲੀਭੁਗਤ ਹੈ। ਜਿਹੜੇ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਪਾਏ ਜਾਣਗੇ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇਗਾ।
ਸੀਐਮ ਮਾਨ ਨੇ ਕਿਹਾ ਕਿ ਜੇਕਰ ਕੋਈ ਨਸ਼ਾ ਤਸਕਰੀ ਕਰਦਾ ਫੜਿਆ ਗਿਆ ਤਾਂ ਉਸ ਦੀ ਜਾਇਦਾਦ ਜ਼ਬਤ ਕਰ ਲਈ ਜਾਵੇਗੀ। ਜੇਕਰ ਲੋੜ ਪਈ ਤਾਂ ਅਸੀਂ ਵਿਧਾਨ ਸਭਾ ਵਿੱਚ ਵੀ ਇਸ ਸਬੰਧੀ ਪ੍ਰਸਤਾਵ ਲਿਆਵਾਂਗੇ, ਤਾਂ ਜੋ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਵਿਵਸਥਾ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮਾਨ ਨੇ ਕਿਹਾ ਕਿ ਨਸ਼ੇ ਪੰਜਾਬ ਵਿੱਚ ਪੈਦਾ ਨਹੀਂ ਹੁੰਦੇ, ਸਗੋਂ ਨਸ਼ੇ ਦੂਜੇ ਰਾਜਾਂ ਅਤੇ ਸਰਹੱਦ ਪਾਰੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਜਦੋਂਕਿ ਅਸਲ ਵਿੱਚ ਮਹਾਰਾਸ਼ਟਰ ਅਤੇ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ।