ਕਾਂਗਰਸ-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਜ਼ਿੰਮੇਵਾਰੀ ਦੇਣ ‘ਤੇ ਨਾਰਾਜ਼ ਭਾਜਪਾ ਨੇਤਾ ਸੁਖਮਿੰਦਰਪਾਲ ਨੇ ਕਿਹਾ- ਇਹ ਪੁਰਾਣੇ ਵਰਕਰਾਂ ਨਾਲ ਧੱਕਾ

ਕਾਂਗਰਸ-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਜ਼ਿੰਮੇਵਾਰੀ ਦੇਣ ‘ਤੇ ਨਾਰਾਜ਼ ਭਾਜਪਾ ਨੇਤਾ ਸੁਖਮਿੰਦਰਪਾਲ ਨੇ ਕਿਹਾ- ਇਹ ਪੁਰਾਣੇ ਵਰਕਰਾਂ ਨਾਲ ਧੱਕਾ

ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਪਹਿਲੀ ਕਾਰਜਕਾਰਨੀ ਵਿੱਚ ਸੀਨੀਅਰ ਆਗੂਆਂ ਦੀ ਵੱਡੇ ਪੱਧਰ ’ਤੇ ਅਣਗਹਿਲੀ ਕੀਤੀ ਗਈ।

ਪੰਜਾਬ ਭਾਜਪਾ ਨੇ ਨਵੇਂ ਪ੍ਰਧਾਨ ਸੁਨੀਲ ਜਾਖੜ ਜਿਥੇ ਪਾਰਟੀ ਨੂੰ ਮਜਬੂਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ, ਉਥੇ ਹੀ ਭਾਜਪਾ ਦੇ ਪੁਰਾਣੇ ਵਰਕਰ ਨਾਰਾਜ਼ ਨਜ਼ਰ ਆ ਰਹੇ ਹਨ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ।

ਪੰਜਾਬ ਭਾਜਪਾ ਨੇ ਵੀ ਕੱਲ੍ਹ ਆਪਣੀ ਪਹਿਲੀ ਕਾਰਜਕਾਰਨੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਅਤੇ ਬਾਅਦ ਵਿੱਚ ਕਾਂਗਰਸ ਅਤੇ ਅਕਾਲੀ ਦਲ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੰਤਰੀ ਅਤੇ ਆਗੂ ਸ਼ਾਮਲ ਹਨ। ਪੰਜਾਬ ਭਾਜਪਾ ਦੇ ਪੁਰਾਣੇ ਆਗੂ ਕਾਂਗਰਸ ਦੇ ਸਾਰੇ ਮੰਤਰੀਆਂ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੇ ਜਾਣ ਤੋਂ ਨਾਰਾਜ਼ ਹਨ। ਇਹੀ ਕਾਰਨ ਹੈ ਕਿ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਤੇ ਕੁਝ ਹੋਰਾਂ ਨੇ ਖੁੱਲ੍ਹ ਕੇ ਇਤਰਾਜ਼ ਜਤਾਇਆ ਹੈ, ਕਿਉਂਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸਾਬਕਾ ਕਾਂਗਰਸੀ ਮੰਤਰੀਆਂ ਅਤੇ ਅਕਾਲੀ ਦਲ ਦੇ ਆਗੂਆਂ ਨੂੰ ਕਾਰਜਕਾਰਨੀ ਵਿੱਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ। ਉਨ੍ਹਾਂ ਨੂੰ ਸੂਬਾ ਕੋਰ ਕਮੇਟੀ ਵਿੱਚ ਸ਼ਾਮਲ ਕਰਨ ਦੇ ਨਾਲ-ਨਾਲ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਕਾਂਗਰਸੀ ਮੰਤਰੀ ਅਤੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਨ੍ਹਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਸਾਬਕਾ ਮੰਤਰੀ ਸੁਨੀਲ ਜਾਖੜ ਖੁਦ ਵੀ ਸ਼ਾਮਲ ਹਨ।

ਭਾਜਪਾ ਨੇ ਅਕਾਲੀ ਦਲ ਤੋਂ ਸਾਬਕਾ ਲੋਕ ਸਭਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨੂੰ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਹੈ। ਉਹ ਜਲੰਧਰ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਆਗੂ ਅਮਨਜੋਤ ਕੌਰ ਰਾਮੂਵਾਲੀਆ, ਜੋ ਹਾਲ ਹੀ ਵਿੱਚ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਈ ਸੀ, ਨੂੰ ਵੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਅਕਾਲੀ ਦਲ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਅਵਿਨਾਸ਼ ਚੰਦਰ ਨੂੰ ਵੀ ਕੋਰ ਗਰੁੱਪ ਵਿੱਚ ਥਾਂ ਦਿੱਤੀ ਗਈ ਹੈ। ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪਹਿਲੀ ਕਾਰਜਕਾਰਨੀ ਵਿੱਚ ਸੀਨੀਅਰ ਆਗੂਆਂ ਦੀ ਵੱਡੇ ਪੱਧਰ ’ਤੇ ਅਣਗਹਿਲੀ ਅਤੇ ਅਪਮਾਨ ਦੀ ਗੱਲ ਕੀਤੀ। ਉਨ੍ਹਾਂ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਸੂਬੇ ਭਰ ਦੇ ਸਾਰੇ ਭਾਜਪਾ ਆਗੂਆਂ ਦੀ ਮੀਟਿੰਗ ਵੀ ਬੁਲਾਈ ਅਤੇ ਸਾਰਿਆਂ ਦੀ ਰਾਏ ਲੈ ਕੇ ਅਗਲੀ ਰਣਨੀਤੀ ਤੈਅ ਕਰਨ ਲਈ ਕਿਹਾ।