- ਪੰਜਾਬ
- No Comment
ਪਟਿਆਲਾ ਲਾਅ ਯੂਨੀਵਰਸਿਟੀ ‘ਚ ਧਰਨਾ ਜਾਰੀ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ
ਚੇਅਰਪਰਸਨ ਨੇ ਕਿਹਾ ਕਿ ਕਮੇਟੀ ਵਿੱਚ ਵਿਦਿਆਰਥੀਆਂ ਦੇ ਆਪਣੇ ਨੁਮਾਇੰਦੇ ਹੋਣਗੇ ਅਤੇ ਉਨ੍ਹਾਂ ਦੀ ਪਸੰਦ ਦੇ ਫੈਕਲਟੀ ਮੈਂਬਰ ਵੀ ਸ਼ਾਮਲ ਹੋਣਗੇ। ਜੇਕਰ ਵਿਦਿਆਰਥਣਾਂ ਚਾਹੁਣ ਤਾਂ ਕਮੇਟੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕ ਨੁਮਾਇੰਦਾ ਵੀ ਲਿਆ ਜਾਵੇਗਾ।
ਪਟਿਆਲਾ ਲਾਅ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦਾ ਧਰਨਾ ਲਗਾਤਾਰ ਜਾਰੀ ਹੈ। ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ ਵੀਸੀ ਖ਼ਿਲਾਫ਼ ਵਿਦਿਆਰਥਣਾਂ ਦਾ ਧਰਨਾ ਜਾਰੀ ਹੈ। ਬੁੱਧਵਾਰ ਨੂੰ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਯੂਨੀਵਰਸਿਟੀ ਪਹੁੰਚ ਕੇ ਅੰਦੋਲਨਕਾਰੀ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਪਰਸਨ ਨੇ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਕਮੇਟੀ ਬਣਾਉਣ ਦਾ ਫੈਸਲਾ ਲਿਆ ਗਿਆ ਹੈ।
ਕਮੇਟੀ ਵਿੱਚ ਵਿਦਿਆਰਥੀਆਂ ਦੇ ਆਪਣੇ ਨੁਮਾਇੰਦੇ ਹੋਣਗੇ ਅਤੇ ਉਨ੍ਹਾਂ ਦੀ ਪਸੰਦ ਦੇ ਫੈਕਲਟੀ ਮੈਂਬਰ ਵੀ ਸ਼ਾਮਲ ਹੋਣਗੇ। ਜੇਕਰ ਵਿਦਿਆਰਥਣਾਂ ਚਾਹੁਣ ਤਾਂ ਕਮੇਟੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਇੱਕ ਨੁਮਾਇੰਦਾ ਵੀ ਲਿਆ ਜਾਵੇਗਾ। ਉਮੀਦ ਹੈ ਕਿ ਕਮੇਟੀ ਵੱਲੋਂ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਇਸ ਮਸਲੇ ਨੂੰ ਜਲਦੀ ਹੱਲ ਕਰ ਲਿਆ ਜਾਵੇਗਾ। ਚੇਅਰਪਰਸਨ ਨੇ ਕਿਹਾ ਕਿ ਵਿਦਿਆਰਥਣਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੋ ਗਲਤ ਗੱਲਾਂ ਹੋਈਆਂ ਹਨ, ਉਨ੍ਹਾਂ ਦੇ ਜਵਾਬ ਮੰਗੇ ਜਾਣਗੇ, ਕਿਉਂਕਿ ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਕਿਸੇ ਵੀ ਕੀਮਤ ’ਤੇ ਖ਼ਰਾਬ ਨਹੀਂ ਹੋਣ ਦਿੱਤੀ ਜਾਵੇਗੀ।
ਉਨ੍ਹਾਂ ਵਿਦਿਆਰਥਣਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨਾਲ ਕੋਈ ਵੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਨਿੱਜਤਾ ਨਾਲ ਸਬੰਧਤ ਟਿੱਪਣੀਆਂ ਅਤੇ ਫੀਸਾਂ ਨਾਲ ਸਬੰਧਤ ਸਾਰੇ ਮੁੱਦੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਦਰਸ਼ਨ ਕਰਨਾ ਵਿਦਿਆਰਥੀਆਂ ਦਾ ਅਧਿਕਾਰ ਹੈ ਅਤੇ ਵਿਦਿਆਰਥੀਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਜਵਾਬ ਲੈਣਾ ਲਾਜ਼ਮੀ ਹੈ ਅਤੇ ਉਹ ਹੀ ਮਿਲਣਗੇ।