ਚੰਡੀਗੜ੍ਹ ‘ਚ ਹੁਣ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ‘ਤੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹੋਵੇਗਾ ਮੁਕਾਬਲਾ

ਚੰਡੀਗੜ੍ਹ ‘ਚ ਹੁਣ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ‘ਤੇ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹੋਵੇਗਾ ਮੁਕਾਬਲਾ

ਇੰਡੀਆ ਅਲਾਇੰਸ ਦੇ ਫਾਰਮੂਲੇ ਤਹਿਤ ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਉਮੀਦਵਾਰਾਂ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਦੇ ਚੋਣ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਹੈ। ਉਮੀਦਵਾਰਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਮੇਅਰ ਦੇ ਚਾਰਜ ਸੰਭਾਲਣ ਤੱਕ ਇਹ ਚੋਣਾਂ ਨਾ ਕਰਵਾਈਆਂ ਜਾਣ

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ‘ਆਪ’ ਦੇ ਉਮੀਦਵਾਰ ਨੇ ਜਿੱਤ ਲਈ ਸੀ । ਸੁਪਰੀਮ ਕੋਰਟ ਤੋਂ ਫੈਸਲਾ ਆਉਣ ‘ਤੇ ਹੀ ਮਾਮਲਾ ਸੁਲਝ ਗਿਆ। ਪਰ ਹੁਣ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਭੰਬਲਭੂਸੇ ਦੀ ਸਥਿਤੀ ਪੈਦਾ ਹੋ ਗਈ ਹੈ। ਦਰਅਸਲ, ਨਗਰ ਨਿਗਮ ਦੇ ਨਿਯਮਾਂ ਅਨੁਸਾਰ ਨਵੇਂ ਨਿਯੁਕਤ ਮੇਅਰ ਬਤੌਰ ਪ੍ਰੀਜ਼ਾਈਡਿੰਗ ਅਫ਼ਸਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਉਂਦੇ ਹਨ।

ਇਸੇ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੋਵਾਂ ਅਹੁਦਿਆਂ ’ਤੇ ਚੋਣਾਂ ਕਰਵਾਉਣ ਲਈ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਪਰ ਇੰਡੀਆ ਅਲਾਇੰਸ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਅਜੇ ਤੱਕ ਚਾਰਜ ਨਹੀਂ ਸੰਭਾਲਿਆ। ਇਸ ਕਾਰਨ ਪ੍ਰੀਜ਼ਾਈਡਿੰਗ ਅਫ਼ਸਰ ਦੀ ਹਾਜ਼ਰੀ ਸਬੰਧੀ ਨਿਯਮ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ, ਇੰਡੀਆ ਅਲਾਇੰਸ ਦੇ ਫਾਰਮੂਲੇ ਤਹਿਤ ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਉਮੀਦਵਾਰਾਂ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਦੇ ਚੋਣ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਹੈ। ਉਮੀਦਵਾਰਾਂ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਮੇਅਰ ਦੇ ਚਾਰਜ ਸੰਭਾਲਣ ਤੱਕ ਇਹ ਚੋਣਾਂ ਨਾ ਕਰਵਾਈਆਂ ਜਾਣ, ਅੱਜ ਇਸ ਪਟੀਸ਼ਨ ‘ਤੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣੀ ਹੈ।

ਦਰਅਸਲ, ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਗਠਜੋੜ ਦਾ ਸਿਆਸੀ ਗਣਿਤ ਵਿਗੜ ਗਿਆ ਹੈ। ਇਸੇ ਕਾਰਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਰਸਮੀ ਤੌਰ ’ਤੇ ਮੇਅਰ ਦੀ ਨਿਯੁਕਤੀ ਕਰਨ ਵਿੱਚ ਦੇਰੀ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੂਰੇ ਮਾਮਲੇ ਨੂੰ ਹਾਈਕੋਰਟ ਵਿਚ ਲੈ ਕੇ ਜਾਣ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਕੁਝ ਦਿਨਾਂ ਲਈ ਟਾਲਣ ਦੀ ਰਣਨੀਤੀ ਵਜੋਂ ਵੀ ਦੇਖਿਆ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਦੇ ਸ਼ਾਮਲ ਹੋਣ ਤੋਂ ਬਾਅਦ ਭਾਜਪਾ ਕੋਲ ਹੁਣ 17 ਵੋਟਾਂ ਹੋ ਗਈਆਂ ਹਨ। ਇਸ ਤੋਂ ਇਲਾਵਾ ਜੇਕਰ ਅਸੀਂ ਇੱਕ ਸੰਸਦ ਮੈਂਬਰ ਦੀ ਵੋਟ ਅਤੇ ਇੱਕ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਦੀ ਵੋਟ ਨੂੰ ਜੋੜੀਏ ਤਾਂ ਭਾਜਪਾ ਕੋਲ ਹੁਣ ਕੁੱਲ 19 ਵੋਟਾਂ ਹਨ। ਇੱਥੇ ਕਾਂਗਰਸ ਗਠਜੋੜ ਕੋਲ 7 ਕੌਂਸਲਰ ਹਨ ਜਦੋਂਕਿ ਆਮ ਆਦਮੀ ਪਾਰਟੀ ਦੇ 13 ਵਿੱਚੋਂ 3 ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਹੁਣ ਸਿਰਫ਼ 10 ਕੌਂਸਲਰ ਹੀ ਰਹਿ ਗਏ ਹਨ। ਇਸ ਤਰ੍ਹਾਂ ਗਠਜੋੜ ਦੇ ਕੌਂਸਲਰਾਂ ਦੀ ਗਿਣਤੀ ਮਹਿਜ਼ 17 ਰਹਿ ਗਈ ਹੈ। ਅਜਿਹੇ ‘ਚ ਚੋਣਾਂ ਦੀ ਸਥਿਤੀ ‘ਚ ਭਾਜਪਾ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਜਿੱਤ ਸਕਦੀ ਹੈ।