- ਪੰਜਾਬ
- No Comment
1984 ਸਿੱਖ ਕਤਲੇਆਮ ਮਾਮਲੇ ‘ਚ ਜਗਦੀਸ਼ ਟਾਈਟਲਰ ‘ਤੇ ਦੋਸ਼ ਤੈਅ, ਚਲੇਗਾ ਮੁਕੱਦਮਾ
ਪੀੜਤ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਕਈ ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਹੁਣ ਇੱਕ ਉਮੀਦ ਜਾਗੀ ਹੈ, ਅਸੀਂ ਚਾਹੁੰਦੇ ਹਾਂ ਕਿ ਸਾਨੂੰ ਇਨਸਾਫ਼ ਮਿਲੇ।
1984 ਦੇ ਸਿੱਖ ਕਤਲੇਆਮ ਮਾਮਲੇ ‘ਚ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ‘ਤੇ ਦੋਸ਼ ਤੈਅ ਕਰ ਦਿੱਤੇ ਹਨ। ਅਦਾਲਤ ਨੇ ਕਾਂਗਰਸੀ ਆਗੂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਹਨ। ਸੀਬੀਆਈ ਨੇ 20 ਮਈ 2023 ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਪਹਿਲਾਂ 19 ਜੁਲਾਈ ਨੂੰ ਵਿਸ਼ੇਸ਼ ਜੱਜ ਨੇ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।
ਸੀਬੀਆਈ ਨੂੰ ਘਟਨਾ ਦੇ 39 ਸਾਲ ਬਾਅਦ ਟਾਈਟਲਰ ਖ਼ਿਲਾਫ਼ ਨਵੇਂ ਸਬੂਤ ਮਿਲੇ ਹਨ। ਸੀਬੀਆਈ ਨੇ ਟਾਈਟਲਰ ਦੇ ਭਾਸ਼ਣ ਦੀ ਆਡੀਓ ਕਲਿੱਪ ਜਾਂਚ ਲਈ ਸੀਐਫਐਸਐਲ ਲੈਬ ਨੂੰ ਭੇਜੀ ਸੀ। ਸੀਐਫਐਸਐਲ ਲੈਬ ਵਿੱਚ ਟਾਈਟਲਰ ਦੀਆਂ ਆਡੀਓ ਕਲਿੱਪਾਂ ਦਾ ਮੇਲ ਹੋਇਆ ਸੀ। ਮੰਨਿਆ ਜਾਂਦਾ ਹੈ ਕਿ ਕਿਸੇ ਵੀ ਵਿਅਕਤੀ ਦੀ ਆਵਾਜ਼ ਕਈ ਸਾਲਾਂ ਬਾਅਦ ਵੀ ਉਹੀ ਰਹਿੰਦੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ ਨੂੰ ਹੋਵੇਗੀ। ਪੀੜਤ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਕਈ ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਹੁਣ ਇੱਕ ਉਮੀਦ ਜਾਗੀ ਹੈ। ਅਸੀਂ ਚਾਹੁੰਦੇ ਹਾਂ ਕਿ ਸਾਨੂੰ ਇਨਸਾਫ਼ ਮਿਲੇ।
ਇਸ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ 40 ਸਾਲਾਂ ਦੀ ਲੜਾਈ ਦਾ ਵੱਡਾ ਸੰਘਰਸ਼ ਸੀ ਅਤੇ ਇਸ ਸੰਘਰਸ਼ ਦੌਰਾਨ ਕਈ ਲੋਕ ਆਏ ਅਤੇ ਕਈ ਲੋਕ ਇਸ ਜੀਵਨ ਨੂੰ ਛੱਡ ਗਏ। ਅਸੀਂ ਇਹ ਲੜਾਈ ਲਗਾਤਾਰ ਲੜ ਰਹੇ ਸੀ ਅਤੇ ਅੱਜ ਮਿਲੀ ਰਾਹਤ ਪੀੜਤ ਪਰਿਵਾਰ ਲਈ ਵੱਡੀ ਰਾਹਤ ਹੈ। ਆਉਣ ਵਾਲੇ ਸਮੇਂ ਵਿੱਚ ਇਹ ਤੈਅ ਹੈ ਕਿ ਜਗਦੀਸ਼ ਟਾਈਟਲਰ ਵੀ ਸੱਜਣ ਕੁਮਾਰ ਵਾਂਗ ਸਲਾਖਾਂ ਪਿੱਛੇ ਹੋਵੇਗਾ।