ਪੰਜਾਬ ‘ਚ ਟਰੇਨੀ ਪਟਵਾਰੀਆਂ ਦੀ ਬੱਲੇ ਬੱਲੇ : CM ਮਾਨ ਨੇ ਤਿੰਨ ਗੁਣਾ ਵਧਾਇਆ ਭੱਤਾ, ਹੁਣ 18000 ਰੁਪਏ ਪ੍ਰਤੀ ਮਹੀਨਾ ਮਿਲਣਗੇ

ਪੰਜਾਬ ‘ਚ ਟਰੇਨੀ ਪਟਵਾਰੀਆਂ ਦੀ ਬੱਲੇ ਬੱਲੇ : CM ਮਾਨ ਨੇ ਤਿੰਨ ਗੁਣਾ ਵਧਾਇਆ ਭੱਤਾ, ਹੁਣ 18000 ਰੁਪਏ ਪ੍ਰਤੀ ਮਹੀਨਾ ਮਿਲਣਗੇ
ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਆਪਣੀ ਕਲਮ ਨੂੰ ਲੋਕਾਂ ਦੀ ਭਲਾਈ ਲਈ ਵਰਤਣ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਹੜਤਾਲ ਦੀ ਆੜ ਵਿੱਚ ਆਪਣੇ ਭ੍ਰਿਸ਼ਟ ਸਾਥੀਆਂ ਦੀ ਮਦਦ ਲਈ ਕਲਮ ਛੱਡ ਕੇ ਜਨਤਾ ਨੂੰ ਪ੍ਰੇਸ਼ਾਨ ਕਰ ਰਹੇ ਹਨ। 

ਭਗਵੰਤ ਮਾਨ ਨੇ ਪਿੱਛਲੇ ਦਿਨੀ ਹੜਤਾਲ ‘ਤੇ ਜਾਣ ਵਾਲੇ ਪਟਵਾਰੀਆਂ ਨੂੰ ਚੇਤਾਵਨੀ ਦਿਤੀ ਸੀ, ਕਿ ਉਹ ਹੜਤਾਲ ‘ਤੇ ਨਾ ਜਾਣ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰੇਨੀ ਪਟਵਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਭਗਵੰਤ ਮਾਨ ਨੇ ਪਟਵਾਰੀਆਂ ਦੇ ਸਿਖਲਾਈ ਭੱਤੇ ਵਿੱਚ ਤਿੰਨ ਗੁਣਾ ਤੋਂ ਵੱਧ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਹੁਣ ਸਿਖਿਆਰਥੀ ਪਟਵਾਰੀਆਂ ਨੂੰ 5000 ਰੁਪਏ ਪ੍ਰਤੀ ਮਹੀਨਾ ਦੀ ਬਜਾਏ 18000 ਰੁਪਏ ਮਿਲਣਗੇ।

ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਨਵੇਂ ਭਰਤੀ ਹੋਏ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਸਮਾਗਮ ਵਿੱਚ ਮੁੱਖ ਮਹਿਮਾਨ ਭਗਵੰਤ ਮਾਨ ਨੇ ਕਿਹਾ ਕਿ ਇਹ ਵਾਧਾ ਸਮੇਂ ਦੀ ਲੋੜ ਹੈ, ਤਾਂ ਜੋ ਸਿਖਲਾਈ ਲੈ ਰਹੇ ਪਟਵਾਰੀ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਆਪਣੀ ਡਿਊਟੀ ਸੁਚਾਰੂ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪਟਵਾਰੀਆਂ ਨੂੰ ਮਿਲਣ ਵਾਲਾ 5000 ਰੁਪਏ ਮਹੀਨਾ ਭੱਤਾ ਬਹੁਤ ਘੱਟ ਹੈ, ਕਿਉਂਕਿ ਇਹ ਬਹੁਤ ਹੀ ਸਖ਼ਤ ਮੁਕਾਬਲੇ ਵਿੱਚੋਂ ਲੰਘ ਕੇ ਸੇਵਾ ਵਿੱਚ ਆਉਂਦੇ ਹਨ, ਜਿਸ ਕਾਰਨ ਸਰਕਾਰ ਨੇ ਇਸ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਨੇ ਪਟਵਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਆਪਣੀ ਕਲਮ ਨੂੰ ਲੋਕਾਂ ਦੀ ਭਲਾਈ ਲਈ ਵਰਤਣ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੁਝ ਲੋਕ ਹੜਤਾਲ ਦੀ ਆੜ ਵਿੱਚ ਆਪਣੇ ਭ੍ਰਿਸ਼ਟ ਸਾਥੀਆਂ ਦੀ ਮਦਦ ਲਈ ਕਲਮ ਛੱਡ ਕੇ ਜਨਤਾ ਨੂੰ ਪ੍ਰੇਸ਼ਾਨ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਬੇਲੋੜਾ ਹੈ, ਕਿਉਂਕਿ ਸੂਬਾ ਸਰਕਾਰ ਆਮ ਲੋਕਾਂ ਦੇ ਹਿਤਾਂ ਦੇ ਖਿਲਾਫ ਕੋਈ ਸਮਝੌਤਾ ਨਹੀਂ ਕਰੇਗੀ।

ਭਗਵੰਤ ਮਾਨ ਨੇ ਪ੍ਰਦਰਸ਼ਨ ਕਰ ਰਹੇ ਪਟਵਾਰੀਆਂ ਦੇ ਅੜੀਅਲ ਰਵੱਈਏ ‘ਤੇ ਕਿਹਾ ਕਿ ਇਹ ਲੋਕ ਆਮ ਜਨਤਾ ਨੂੰ ਪ੍ਰੇਸ਼ਾਨ ਕਰਕੇ ਸੂਬਾ ਸਰਕਾਰ ਨੂੰ ਬਲੈਕਮੇਲ ਕਰਨਾ ਚਾਹੁੰਦੇ ਹਨ। ਪੁਲਿਸ ਫੋਰਸ ਦੀ ਸਾਲਾਨਾ ਭਰਤੀ ਵਾਂਗ ਸੀ.ਐਮ.ਭਗਵੰਤ ਮਾਨ ਨੇ ਪਟਵਾਰੀਆਂ ਦੀ ਸਾਲਾਨਾ ਭਰਤੀ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ 586 ਨਵੇਂ ਪਟਵਾਰੀਆਂ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਰੈਗੂਲਰ ਭਰਤੀ ਨਾਲ ਮਾਲ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਹੋ ਜਾਵੇਗਾ। ਉੱਥੇ ਲੋਕਾਂ ਨੂੰ ਵੱਡੀਆਂ ਸਹੂਲਤਾਂ ਮਿਲਣਗੀਆਂ। ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਭਰਤੀ ਸਾਲਾਨਾ ਆਧਾਰ ‘ਤੇ ਕਰਨ ਦਾ ਪ੍ਰਬੰਧ ਕੀਤਾ ਜਾਵੇਗਾ।