ਭਗਵੰਤ ਮਾਨ ਨੇ 251 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਨੌਕਰੀਆਂ ਦੇਣਾ ਸਾਡੀ ਸਰਕਾਰ ਦੀ ਤਰਜੀਹ

ਭਗਵੰਤ ਮਾਨ ਨੇ 251 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਨੌਕਰੀਆਂ ਦੇਣਾ ਸਾਡੀ ਸਰਕਾਰ ਦੀ ਤਰਜੀਹ

ਭਗਵੰਤ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਉਲਟਾ ਪਰਵਾਸ ਦਾ ਰੁਝਾਨ ਸ਼ੁਰੂ ਹੋਇਆ ਹੈ ਅਤੇ ਬਹੁਤ ਸਾਰੇ ਨੌਜਵਾਨ ਵਿਦੇਸ਼ ਛੱਡ ਕੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹਾਸਲ ਕਰ ਚੁੱਕੇ ਹਨ।

ਪੰਜਾਬ ਦੇ ਨੌਜਵਾਨਾਂ ਲਈ ਸ਼ੁਕਰਵਾਰ ਦਾ ਦਿਨ ਬਹੁਤ ਖਾਸ ਰਿਹਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ 251 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸੈਕਟਰ 35 ਸਥਿਤ ਮਿਉਂਸਪਲ ਭਵਨ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 37934 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਰੀਆਂ 37934 ਨਿਯੁਕਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਤੋਂ ਬਾਅਦ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੂੰ ਉੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਇਹ ਨੌਕਰੀਆਂ ਪ੍ਰਾਪਤ ਹੋਈਆਂ ਹਨ। ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਇੱਕੋ ਇੱਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਵੱਧ ਤੋਂ ਵੱਧ ਅਧਿਕਾਰ ਦੇਣਾ ਹੈ।

ਲੜਕੀਆਂ ਨੂੰ ਨੌਕਰੀਆਂ ਦੇ ਵੱਧ ਮੌਕੇ ਮਿਲਣ ‘ਤੇ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲੜਕੀਆਂ ਪ੍ਰਤੀ ਆਪਣੀ ਧਾਰਨਾ ਬਦਲਣੀ ਚਾਹੀਦੀ ਹੈ ਕਿਉਂਕਿ ਲੜਕੀਆਂ ਹਰ ਖੇਤਰ ਵਿੱਚ ਜਿੱਤ ਪ੍ਰਾਪਤ ਕਰ ਰਹੀਆਂ ਹਨ। ਪੰਜਾਬ ਦੀ ਮਹਾਨ ਧਰਤੀ ਨੂੰ ਛੱਡ ਕੇ ਵਿਦੇਸ਼ ਜਾਣ ਦੇ ਲੋਕਾਂ ਦੇ ਰੁਝਾਨ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਰੁਝਾਨ ਬਦਲ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਉਲਟਾ ਪਰਵਾਸ ਦਾ ਰੁਝਾਨ ਸ਼ੁਰੂ ਹੋਇਆ ਹੈ ਅਤੇ ਬਹੁਤ ਸਾਰੇ ਨੌਜਵਾਨ ਵਿਦੇਸ਼ ਛੱਡ ਕੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹਾਸਲ ਕਰ ਚੁੱਕੇ ਹਨ। ਪੰਜਾਬ ਦਾ ਖ਼ਜ਼ਾਨਾ ਖਾਲੀ ਹੋਣ ਦੀ ਗੱਲ ਕਹਿ ਕੇ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਝੋਕ ਰਹੇ ਆਗੂਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਖ਼ਜ਼ਾਨਾ ਕਦੇ ਵੀ ਖ਼ਾਲੀ ਨਹੀਂ ਹੁੰਦਾ, ਪਰ ਆਗੂਆਂ ਦੀ ਨੀਅਤ ਗ਼ਲਤ ਹੁੰਦੀ ਹੈ। ਇਹ ਆਗੂ ਲੋਕਾਂ ਦਾ ਪੈਸਾ ਆਪਣੇ ਚਾਚੇ, ਭਤੀਜੇ, ਭਾਣਜੇ ਅਤੇ ਭਰਜਾਈ ਦੇ ਦੋਂਵੇ ਹੱਥਾਂ ਤੋਂ ਲੁਟਾਉਂਦੇ ਸਨ। ਮਾਨ ਨੇ ਮੁੱਖ ਮੰਤਰੀ ਦੇ ਅਹੁਦੇ ਨੂੰ ਲੋਕ ਸੇਵਾ ਦਾ ਅਹੁਦਾ ਦੱਸਦਿਆਂ ਕਿਹਾ ਕਿ ਇਹ ਕੁਰਸੀ ਆਰਾਮ ਲਈ ਨਹੀਂ ਸਗੋਂ 24 ਘੰਟੇ ਲੋਕ ਸੇਵਾ ਨੂੰ ਸਮਰਪਿਤ ਹੈ।