ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਦੇ ਦਿੱਤੇ ਹੁਕਮ, ਕਿਹਾ- ਬਿਨਾਂ ਕਿਸੇ ਦਬਾਅ ਦੇ ਕੰਮ ਕਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਦੇ ਦਿੱਤੇ ਹੁਕਮ, ਕਿਹਾ- ਬਿਨਾਂ ਕਿਸੇ ਦਬਾਅ ਦੇ ਕੰਮ ਕਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਨਸ਼ੇ ਦੀ ਸਪਲਾਈ ਲਾਈਨ ਤੋੜ ਚੁੱਕੀ ਹੈ।

ਸੀਐਮ ਮਾਨ ਪੰਜਾਬ ਵਿਚ ਨਸ਼ੇ ਨੂੰ ਖਤਮ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਪੂਰੀ ਜੰਗ ਛੇੜਨ ਦੇ ਹੁਕਮ ਦਿੱਤੇ ਹਨ। ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਕੰਮ ਕਰਨ ਲਈ ਕਿਹਾ ਹੈ।

ਅਧਿਕਾਰੀਆਂ ਨੂੰ ਕਿਹਾ ਗਿਆ ਕਿ ਫਿਰੌਤੀ ਦੇ ਮਾਮਲਿਆਂ ਨੂੰ ਰੋਕਣ ਅਤੇ ਹੱਲ ਕਰਨ ਵੱਲ ਵਧੇਰੇ ਧਿਆਨ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਨਸ਼ੇ ਦੀ ਸਪਲਾਈ ਲਾਈਨ ਤੋੜ ਚੁੱਕੀ ਹੈ। ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਇਸ ਮੁਹਿੰਮ ਨੂੰ ਸਖ਼ਤੀ ਨਾਲ ਜਾਰੀ ਰੱਖਿਆ ਜਾਵੇ ਅਤੇ ਹੇਠਲੇ ਪੱਧਰ ‘ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਨੂੰ ਨਸ਼ਾ ਤਸਕਰੀ ਦੀ ਕਮਾਈ ਤੋਂ ਬਣੀ ਸਮੱਗਲਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨੀ ਚਾਹੀਦੀ ਹੈ। ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨਿਭਾਉਂਦੇ ਹੋਏ ਹਰ ਸਮੇਂ ਆਪਣਾ ਸ਼ਾਨਦਾਰ ਰਿਕਾਰਡ ਕਾਇਮ ਰੱਖਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਪੁਲਿਸ ਅਧਿਕਾਰੀਆਂ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ। ਸੰਗਠਿਤ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਆਪਣੀ ਡਿਊਟੀ ਨਿਰਪੱਖਤਾ ਅਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਐਸਐਸਪੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦਾ ਦੌਰਾ ਕਰਨ ਦੇ ਆਦੇਸ਼ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਕਿਹਾ। ਇਸ ਨਾਲ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਹੋਵੇਗੀ। ਜਿਸ ਨਾਲ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਕਾਫੀ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੇ ਭੀੜ-ਭੜੱਕੇ ਵਾਲੇ ਖੇਤਰਾਂ ਖਾਸ ਕਰਕੇ ਬਾਜ਼ਾਰਾਂ ਵਿੱਚ ਨਿਗਰਾਨੀ ਵਧਾਉਣ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਵਿਰੋਧੀ ਤਾਕਤਾਂ ਨੂੰ ਨੱਥ ਪਾ ਕੇ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਣਾ ਚਾਹੀਦਾ ਹੈ।