1 ਨਵੰਬਰ ਨੂੰ ਡਿਬੇਟ : ਸੀਐੱਮ ਭਗਵੰਤ ਮਾਨ ਨੇ ਕਿਹਾ, SYL ਦੇ ਨਾਲ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਹੋਵੇਗੀ ਗੱਲਬਾਤ

1 ਨਵੰਬਰ ਨੂੰ ਡਿਬੇਟ : ਸੀਐੱਮ ਭਗਵੰਤ ਮਾਨ ਨੇ ਕਿਹਾ, SYL ਦੇ ਨਾਲ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਹੋਵੇਗੀ ਗੱਲਬਾਤ

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਲਈ ਇਹ ਬਹਿਸ ਕਰਨੀ ਬਹੁਤ ਜ਼ਰੂਰੀ ਹੈ ਕਿ ਕਿਵੇਂ 1 ਨਵੰਬਰ 1966 ਨੂੰ ਪੰਜਾਬ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੀ ਖੇਤੀ ਵਿਗੜ ਗਈ ਅਤੇ ਕਿਵੇਂ ਖੇਤੀ ਘਾਟੇ ਦਾ ਧੰਦਾ ਬਣ ਗਈ ਹੈ।

ਸੀਐੱਮ ਭਗਵੰਤ ਮਾਨ ਵਲੋਂ ਸਦੀ ਗਈ ਡਿਬੇਟ ਨੂੰ ਪੰਜਾਬ ਦੇ ਕਈ ਨੇਤਾਵਾਂ ਨੇ ਸਵੀਕਾਰ ਕਰ ਲਿਆ ਹੈ ਅਤੇ ਕਈ ਨੇਤਾਵਾਂ ਨੇ ਇਸਤੋਂ ਦੂਰੀ ਬਣਾ ਲਈ ਹੈ। 1 ਨਵੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਕਾਰ ਪੰਜਾਬ ਦੇ ਭਖਦੇ ਮੁੱਦਿਆਂ ‘ਤੇ ਬਹਿਸ ਲਈ ਆਮ ਆਦਮੀ ਪਾਰਟੀ ਕਾਫੀ ਉਤਸੁਕ ਹੈ।

ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਨਵੰਬਰ ਪੰਜਾਬ ਦਾ ਦਿਨ ਹੈ। ਉਸ ਦਿਨ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਡੂੰਘੀ ਅਤੇ ਵਿਸਤ੍ਰਿਤ ਬਹਿਸ ਹੋਵੇਗੀ। ਮਾਨ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਨਾਲ ਸਿਰਫ਼ ਐਸਵਾਈਐਲ ‘ਤੇ ਨਹੀਂ ਸਗੋਂ ਸੂਬੇ ਦੇ ਸਾਰੇ ਮੁੱਦਿਆਂ ‘ਤੇ ਬਹਿਸ ਕਰਨਾ ਚਾਹੁੰਦੇ ਹਾਂ। ਪੰਜਾਬ ਲਈ ਇਹ ਬਹਿਸ ਕਰਨੀ ਬਹੁਤ ਜ਼ਰੂਰੀ ਹੈ ਕਿ ਕਿਵੇਂ 1 ਨਵੰਬਰ 1966 ਨੂੰ ਪੰਜਾਬ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੀ ਖੇਤੀ ਵਿਗੜ ਗਈ ਹੈ ਅਤੇ ਕਿਵੇਂ ਖੇਤੀ ਘਾਟੇ ਦਾ ਧੰਦਾ ਬਣ ਗਈ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਇਸ ਲਈ ਅਸੀਂ ਪਾਣੀਆਂ ਦੇ ਮੁੱਦੇ ‘ਤੇ ਵੀ ਚਰਚਾ ਕਰਾਂਗੇ ਅਤੇ ਕਿਸ ਤਰ੍ਹਾਂ ਸੂਬੇ ਦੇ ਪਾਣੀਆਂ ਦੀ ਲੁੱਟ ਕੀਤੀ ਗਈ। ਇਸ ਤੋਂ ਇਲਾਵਾ ਨਸ਼ਿਆਂ ਦੀ ਸਮੱਸਿਆ ਬਾਰੇ ਵੀ ਵਿਸਥਾਰ ਨਾਲ ਚਰਚਾ ਕਰਾਂਗੇ ਕਿ ਕਿਸ ਤਰ੍ਹਾਂ ਸੂਬੇ ਵਿੱਚ ਡਰੱਗ ਮਾਫੀਆ ਭਾਰੂ ਹੋ ਗਿਆ ਅਤੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ਵਿੱਚ ਕਿਵੇਂ ਫਸਾਇਆ ਗਿਆ। ਪੰਜਾਬ ਪਹਿਲਾਂ ਤਾਂ ਨਸ਼ਾ ਪੈਦਾ ਕਰਨ ਵਾਲਾ ਸੂਬਾ ਸੀ, ਪਰ ਛੇਤੀ ਹੀ ਇਹ ਸਭ ਤੋਂ ਵੱਧ ਨਸ਼ਾ ਖਪਤ ਕਰਨ ਵਾਲਾ ਸੂਬਾ ਬਣ ਗਿਆ ਹੈ।

ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਵਿਦੇਸ਼ਾਂ ਨੂੰ ਜਾ ਰਹੇ ਹਨ। ਆਖ਼ਰ ਕਿਹੜੀ ਮਜਬੂਰੀ ਹੈ ਕਿ ਉਨ੍ਹਾਂ ਨੂੰ ਆਪਣਾ ਦੇਸ਼ ਛੱਡ ਕੇ ਵਿਦੇਸ਼ ਜਾਣਾ ਪਿਆ? ਅਸੀਂ ਇਸ ਬਾਰੇ ਵੀ ਚਰਚਾ ਕਰਾਂਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਹਰ ਰੋਜ਼ ਸਰਕਾਰ ‘ਤੇ ਹਮਲਾ ਕਰਨ ਲਈ ਕੋਈ ਨਾ ਕੋਈ ਨਵੀਂ ਗੱਲ ਲੈ ਕੇ ਆਉਂਦੀਆਂ ਹਨ, ਜਿਸ ਕਾਰਨ ਕਾਫੀ ਸਮਾਂ ਬਰਬਾਦ ਹੁੰਦਾ ਹੈ। ਇਸ ਕਾਰਨ ਅਸੀਂ ਸੋਚਿਆ ਕਿ ਦਿਨ-ਬ-ਦਿਨ ਝਗੜੇ ਦੀ ਬਜਾਏ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਕਰਨੀ ਬਿਹਤਰ ਹੋਵੇਗੀ ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਜਨਤਾ ਦੇ ਸਾਹਮਣੇ ਆ ਜਾਵੇ।