ਬਿਸ਼ਨ ਸਿੰਘ ਬੇਦੀ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ, ਕਿਹਾ- ਸਪਿਨਰਾਂ ਦੇ ਸੁਨਹਿਰੀ ਯੁੱਗ ਦਾ ਅੰਤ

ਬਿਸ਼ਨ ਸਿੰਘ ਬੇਦੀ ਦੇ ਦਿਹਾਂਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ, ਕਿਹਾ- ਸਪਿਨਰਾਂ ਦੇ ਸੁਨਹਿਰੀ ਯੁੱਗ ਦਾ ਅੰਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਿਸ਼ਨ ਸਿੰਘ ਬੇਦੀ ਨੂੰ ਭਾਰਤੀ ਕ੍ਰਿਕਟ ਵਿੱਚ ਬੇਮਿਸਾਲ ਯੋਗਦਾਨ ਲਈ ਖੇਡ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਪ੍ਰਸਿੱਧ ਸਪਿਨਰ ਬਿਸ਼ਨ ਸਿੰਘ ਬੇਦੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਦੇਹਾਂਤ ਹੋ ਗਿਆ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਮਹਾਨ ਸਪਿਨਰ ਦੀ ਮੌਤ ਨੂੰ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਅਤੇ ਕਿਹਾ ਕਿ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਬੇਦੀ ਨੂੰ ਆਪਣੀ ਮਾਰੂ ਸਪਿੰਨ ਗੇਂਦਬਾਜ਼ੀ ਦੇ ਲਈ ‘ਸਰਦਾਰ ਆਫ ਸਪਿਨ’ ਵਜੋਂ ਜਾਣਿਆ ਜਾਂਦਾ ਸੀ।

ਮਾਨ ਨੇ ਕਿਹਾ ਕਿ ਬਿਸ਼ਨ ਸਿੰਘ ਬੇਦੀ ਦਾ ਦਿਹਾਂਤ ਵਿਸ਼ਵ ਕ੍ਰਿਕਟ ਵਿੱਚ ਭਾਰਤੀ ਸਪਿਨਰਾਂ ਦੇ ਸੁਨਹਿਰੀ ਯੁੱਗ ਦਾ ਅੰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਸਿੱਧ ਸਪਿਨਰ ਨੂੰ ਭਾਰਤੀ ਕ੍ਰਿਕਟ ਵਿੱਚ ਬੇਮਿਸਾਲ ਯੋਗਦਾਨ ਲਈ ਖੇਡ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ, ਸਨੇਹੀਆਂ ਅਤੇ ਰਿਸ਼ਤੇਦਾਰਾਂ ਅਤੇ ਹਜ਼ਾਰਾਂ ਕ੍ਰਿਕਟ ਪ੍ਰੇਮੀਆਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਭਗਵੰਤ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

25 ਸਤੰਬਰ 1946 ਨੂੰ ਅੰਮ੍ਰਿਤਸਰ ਵਿੱਚ ਜਨਮੇ ਬਿਸ਼ਨ ਸਿੰਘ ਬੇਦੀ ਨੇ ਸਖ਼ਤ ਮਿਹਨਤ ਕਰਕੇ ਆਪਣਾ ਅਤੇ ਦੇਸ਼ ਦਾ ਮਾਣ ਵਧਾਇਆ। ਅੰਮ੍ਰਿਤਸਰ ਦਾ ਗਾਂਧੀ ਗਰਾਊਂਡ ਇਸ ਗੱਲ ਦਾ ਗਵਾਹ ਹੈ ਕਿ ਬੇਦੀ ਇਸ ਗਰਾਊਂਡ ਵਿੱਚ ਅਭਿਆਸ ਵੀ ਕਰਦੇ ਰਹੇ ਅਤੇ ਸਮੇਂ-ਸਮੇਂ ‘ਤੇ ਨਵੇਂ ਖਿਡਾਰੀਆਂ ਨੂੰ ਅਭਿਆਸ ਦੌਰਾਨ ਚੰਗੇ ਖਿਡਾਰੀ ਬਣਨ ਦੇ ਗੁਰ ਵੀ ਸਿਖਾਉਂਦੇ ਰਹੇ।