ਪੰਜਾਬ ਵਿੱਚ ਗੰਨੇ ਦੀ ਕੀਮਤ ਦੇਸ਼ ਵਿੱਚ ਸਭ ਤੋਂ ਵੱਧ ਹੋਵੇਗੀ : ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਵਿੱਚ ਗੰਨੇ ਦੀ ਕੀਮਤ ਦੇਸ਼ ਵਿੱਚ ਸਭ ਤੋਂ ਵੱਧ ਹੋਵੇਗੀ : ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਖੰਡ ਮਿੱਲ ਮਾਲਕਾਂ ਨਾਲ ਮੀਟਿੰਗ ਕਰਕੇ ਸੂਬਾ ਸਰਕਾਰ ਜਲਦੀ ਹੀ ਭਾਅ ਵਧਾ ਕੇ ਕਿਸਾਨਾਂ ਨੂੰ ਖੁਸ਼ਖਬਰੀ ਦੇਵੇਗੀ।

ਪੰਜਾਬ ਦੇ ਗੰਨੇ ਕਿਸਾਨਾਂ ਲਈ ਇਕ ਖੁਸ਼ੀ ਦੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਗੰਨਾ ਕਿਸਾਨਾਂ ਨੂੰ ਵਧੀਆ ਭਾਅ ਦਿੰਦੀ ਰਹੇਗੀ। ਸ਼ੁੱਕਰਵਾਰ ਨੂੰ ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨੇ ਦੇ ਕਿਸਾਨਾਂ ਨੂੰ ਵੱਧ ਭਾਅ ਦੇਣ ਵਿੱਚ ਹਮੇਸ਼ਾ ਹੀ ਪਹਿਲੇ ਸਥਾਨ ‘ਤੇ ਰਹੀ ਹੈ ਅਤੇ ਹੁਣ ਵੀ ਇਹੀ ਸਿਲਸਿਲਾ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਤਹਿਤ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਹੈ, ਜੋ ਕਿ ਹੁਣ ਤੱਕ ਦੇਸ਼ ਵਿੱਚ ਸਭ ਤੋਂ ਵੱਧ ਸੀ, ਪਰ ਹਰਿਆਣਾ ਨੇ ਹਾਲ ਹੀ ਵਿੱਚ ਇਹ ਕੀਮਤ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਖੰਡ ਮਿੱਲ ਮਾਲਕਾਂ ਨਾਲ ਮੀਟਿੰਗ ਕਰਕੇ ਸੂਬਾ ਸਰਕਾਰ ਜਲਦੀ ਹੀ ਭਾਅ ਵਧਾ ਕੇ ਕਿਸਾਨਾਂ ਨੂੰ ਖੁਸ਼ਖਬਰੀ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਛੱਡੇ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਅਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਲ 16 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚੋਂ 9 ਸਹਿਕਾਰੀ ਖੇਤਰ ਨਾਲ ਸਬੰਧਤ ਹਨ ਅਤੇ ਬਾਕੀ ਨਿੱਜੀ ਖੇਤਰ ਨਾਲ ਸਬੰਧਤ ਹਨ। ਮਾਨ ਨੇ ਕਿਹਾ ਕਿ ਫਗਵਾੜਾ ਅਤੇ ਧੂਰੀ ਦੀਆਂ ਸਿਰਫ਼ ਦੋ ਨਿੱਜੀ ਮਿੱਲਾਂ ਕੋਲ ਬਕਾਇਆ ਅਦਾਇਗੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿੱਲਾਂ ਤੋਂ ਪੈਸੇ ਦੀ ਵਸੂਲੀ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਮਿੱਲਾਂ ਦੀਆਂ ਜਾਇਦਾਦਾਂ ਵੇਚ ਕੇ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸਮਾਜ ਦੇ ਕਿਸੇ ਵੀ ਵਰਗ ਨਾਲ ਗੱਲਬਾਤ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ, ਪਰ ਧਰਨੇ ਦੇ ਨਾਂ ‘ਤੇ ਆਮ ਆਦਮੀ ਦੀਆਂ ਸਮੱਸਿਆਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਰੋਕਣ ਦੀ ਲੋੜ ਹੈ। ਇਸ ਨਾਲ ਆਮ ਲੋਕਾਂ ਨੂੰ ਪ੍ਰਦਰਸ਼ਨਾਂ ਕਾਰਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਕਿਸਾਨ ਜਥੇਬੰਦੀਆਂ ਨੇ ਇਸ ਦਾ ਹਾਂ-ਪੱਖੀ ਸਮਰਥਨ ਕੀਤਾ ਹੈ।