- ਪੰਜਾਬ
- No Comment
ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ, ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ‘ਚੋਂ ਬਰੀ
ਡੇਰਾ ਮੁਖੀ ਰਾਮ ਰਹੀਮ ਨੂੰ ਬਰੀ ਕੀਤੇ ਜਾਣ ‘ਤੇ ਰਣਜੀਤ ਸਿੰਘ ਦੇ ਪੁੱਤਰ ਜਗਸੀਰ ਨੇ ਨਿਰਾਸ਼ਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।
ਡੇਰਾ ਮੁਖੀ ਰਾਮ ਰਹੀਮ ਲਈ ਇਕ ਵੱਡੀ ਰਾਹਤ ਭਰੀ ਖਬਰ ਸਾਹਮਣੇ ਆ ਰਹੀ ਹੈ। ਬਹੁਚਰਚਿਤ ਰਣਜੀਤ ਸਿੰਘ ਕਤਲ ਕੇਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਉਸਨੂੰ ਬੇਕਸੂਰ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਗੁਰਮੀਤ ਰਾਮ ਰਹੀਮ ਦੇ ਵਕੀਲ ਜਤਿੰਦਰ ਖੁਰਾਣਾ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਬਦਲ ਦਿੱਤਾ ਹੈ ਅਤੇ ਇਸ ਵਿਚ ਸ਼ਾਮਲ ਸਾਰੇ ਪੰਜ ਲੋਕਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਅਸੀਂ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਰਾਮ ਰਹੀਮ ਨੇ ਉਮਰ ਕੈਦ ਦੀ ਸਜ਼ਾ ਦੇ ਖਿਲਾਫ ਹਾਈਕੋਰਟ ‘ਚ ਅਪੀਲ ਦਾਇਰ ਕੀਤੀ ਸੀ। ਮੰਗਲਵਾਰ ਨੂੰ ਉਸਦੀ ਅਪੀਲ ‘ਤੇ ਆਪਣਾ ਫੈਸਲਾ ਦਿੰਦੇ ਹੋਏ ਹਾਈਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਵਿਸਥਾਰਤ ਆਦੇਸ਼ ਆਉਣਾ ਬਾਕੀ ਹੈ।
ਹਾਈ ਕੋਰਟ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਬਰੀ ਕੀਤੇ ਜਾਣ ‘ਤੇ ਰਣਜੀਤ ਸਿੰਘ ਦੇ ਪੁੱਤਰ ਜਗਸੀਰ ਨੇ ਨਿਰਾਸ਼ਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੀਬੀਆਈ ਅਦਾਲਤ ਨੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਸੀ, ਪਰ ਹੁਣ ਹਾਈ ਕੋਰਟ ਨੇ ਡੇਰਾ ਮੁਖੀ ਨੂੰ ਬਰੀ ਕਰ ਦਿੱਤਾ ਹੈ। ਰਣਜੀਤ ਸਿੰਘ ਸਿਰਸਾ ਡੇਰੇ ਦਾ ਮੈਨੇਜਰ ਸੀ। ਰਣਜੀਤ ਸਿੰਘ ਦਾ 22 ਸਾਲ ਪਹਿਲਾਂ ਕਤਲ ਹੋਇਆ ਸੀ। ਰਣਜੀਤ ਸਿੰਘ ਕੁਰੂਕਸ਼ੇਤਰ ਹਰਿਆਣਾ ਦਾ ਰਹਿਣ ਵਾਲਾ ਸੀ।