ਭਾਰਤ ਸਿਤਾਰੇ ਵਾਂਗ ਚਮਕ ਰਿਹਾ ਹੈ, ਦੇਸ਼ ਦੇ ਲੋਕ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣਗੇ : ਗਜੇਂਦਰ ਸ਼ੇਖਾਵਤ

ਭਾਰਤ ਸਿਤਾਰੇ ਵਾਂਗ ਚਮਕ ਰਿਹਾ ਹੈ, ਦੇਸ਼ ਦੇ ਲੋਕ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣਗੇ : ਗਜੇਂਦਰ ਸ਼ੇਖਾਵਤ

ਭਾਜਪਾ ਦੇ ਸੂਬਾ ਸਕੱਤਰ ਦਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਵਿਕਾਸ ਕਾਰਜਾਂ ਵਿੱਚ ਭ੍ਰਿਸ਼ਟਾਚਾਰ ਦੀ ਹਰ ਸੰਭਾਵਨਾ ਨੂੰ ਖ਼ਤਮ ਕਰ ਦਿੱਤਾ ਹੈ।

ਦੇਸ਼ ਦੀਆ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਲੋਕਸਭਾ 2024 ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿਤੀ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦਾਅਵਾ ਕੀਤਾ ਕਿ ਦੇਸ਼ ਦੇ ਲੋਕ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਉਤਾਵਲੇ ਹਨ। ਭਾਜਪਾ ਦੇ ਸੂਬਾ ਸਕੱਤਰ ਦਮਨ ਥਿੰਦ ਬਾਜਵਾ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਵਿਕਾਸ ਕਾਰਜਾਂ ਵਿੱਚ ਭ੍ਰਿਸ਼ਟਾਚਾਰ ਦੀ ਹਰ ਸੰਭਾਵਨਾ ਨੂੰ ਖ਼ਤਮ ਕਰ ਦਿੱਤਾ ਹੈ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਤੋਂ ਬਾਅਦ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਰਫ਼ਤਾਰ ਕਈ ਗੁਣਾ ਵਧ ਗਈ ਹੈ। ਮੋਦੀ ਦੀ ਅਗਵਾਈ ‘ਚ ਦੇਸ਼ ਦੇ ਲੋਕਾਂ ਨੂੰ ਪਖਾਨੇ, ਬਿਜਲੀ, ਪਾਣੀ, ਐੱਲ.ਪੀ.ਜੀ. ਗੈਸ, ਆਯੁਸ਼ਮਾਨ ਬੀਮਾ ਯੋਜਨਾ ਮੁਹੱਈਆ ਕਰਵਾਉਣ ਦੀ ਪਹਿਲ ਕੀਤੀ ਗਈ ਹੈ। ਉਨ੍ਹਾਂ ਭਾਜਪਾ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਵਿੱਚ ਮਦਦ ਕਰਨ। ਇਸ ਸੰਘਰਸ਼ ਨੂੰ ਆਜ਼ਾਦੀ ਦੇ ਸੰਘਰਸ਼ ਦੇ ਬਰਾਬਰ ਵੀ ਮੰਨਿਆ ਜਾ ਸਕਦਾ ਹੈ।

ਕਿਸਾਨਾਂ ਨੂੰ ਵਿੱਤੀ ਲਾਭ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਭਾਰਤ ਸੰਕਲਪ ਯਾਤਰਾ ਰਾਹੀਂ ਲੋੜਵੰਦਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਕੈਂਪ ਲਗਾਏ ਜਾ ਰਹੇ ਹਨ। ਭਾਜਪਾ ਵਰਕਰਾਂ ਨੂੰ ਇਸ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ।

ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰ ਆਮ ਨਾਗਰਿਕ ਨੂੰ ਮਿਲਣਾ ਚਾਹੀਦਾ ਹੈ। ਭਾਰਤ ਦੁਨੀਆ ਦੇ ਨਕਸ਼ੇ ‘ਤੇ ਸਿਤਾਰੇ ਵਾਂਗ ਚਮਕ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਅਤੇ ਸਰਕਾਰੀ ਸਕੀਮਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਮੀਖਿਆ ਮੀਟਿੰਗ ਵੀ ਕੀਤੀ। ਸ਼ੇਖਾਵਤ ਨੇ ਕਿਹਾ ਕਿ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕੋਈ ਵੀ ਆਮ ਨਾਗਰਿਕ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਸਕੀਮਾਂ ਦਾ ਲਾਭ ਹਰ ਆਮ ਨਾਗਰਿਕ ਤੱਕ ਪਹੁੰਚਣਾ ਚਾਹੀਦਾ ਹੈ।