- ਪੰਜਾਬ
- No Comment
RDF ‘ਤੇ ਸੀਐੱਮ ਨੂੰ ਪੰਜਾਬ ਦੇ ਰਾਜਪਾਲ ਦਾ ਜਵਾਬ, ਪੁਰੋਹਿਤ ਨੇ ਕਿਹਾ-ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰੋਂ ਤੇ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਬਾਰੇ ਵੀ ਜਾਣਕਾਰੀ ਦਿਓ

ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ‘ਆਪ’ ਦੇ ਰਾਜ ਦੌਰਾਨ ਪੰਜਾਬ ਸਿਰ ਕਰਜ਼ਾ ਕਰੀਬ 50 ਹਜ਼ਾਰ ਕਰੋੜ ਰੁਪਏ ਵਧ ਗਿਆ ਹੈ। ਇਸ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਸ ਵੱਡੀ ਰਕਮ ਦੀ ਵਰਤੋਂ ਬਾਰੇ ਜਾਣਕਾਰੀ ਮੰਗੀ ਹੈ, ਤਾਂ ਜੋ ਉਹ ਪ੍ਰਧਾਨ ਮੰਤਰੀ ਨੂੰ ਫੰਡਾਂ ਦੀ ਸਹੀ ਵਰਤੋਂ ਦਾ ਭਰੋਸਾ ਦੇ ਸਕਣ।
ਪੰਜਾਬ ਦੇ ਰਾਜਪਾਲ ਅਤੇ ਭਗਵੰਤ ਮਾਨ ਵਿਚਾਲੇ ਅਕਸਰ ਕਿਸੇ ਨੇ ਕਿਸੇ ਮੁੱਦੇ ਨੂੰ ਲੈ ਕੇ ਬਿਆਨਬਾਜ਼ੀ ਹੁੰਦੀ ਰਹਿੰਦੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਤੋਂ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰਨ ਦੀ ਮੰਗ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ, ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।
ਰਾਜਪਾਲ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ‘ਆਪ’ ਦੇ ਰਾਜ ਦੌਰਾਨ ਪੰਜਾਬ ਸਿਰ ਕਰਜ਼ਾ ਕਰੀਬ 50 ਹਜ਼ਾਰ ਕਰੋੜ ਰੁਪਏ ਵਧ ਗਿਆ ਹੈ। ਇਸ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਤੋਂ ਇਸ ਵੱਡੀ ਰਕਮ ਦੀ ਵਰਤੋਂ ਬਾਰੇ ਜਾਣਕਾਰੀ ਮੰਗੀ ਹੈ, ਤਾਂ ਜੋ ਉਹ ਪ੍ਰਧਾਨ ਮੰਤਰੀ ਨੂੰ ਫੰਡਾਂ ਦੀ ਸਹੀ ਵਰਤੋਂ ਦਾ ਭਰੋਸਾ ਦੇ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ 21 ਸਤੰਬਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਸੀ।
ਇਸ ਵਿੱਚ ਉਨ੍ਹਾਂ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਦੇ 5637.4 ਕਰੋੜ ਰੁਪਏ ਦੇ ਆਰਡੀਐਫ ਫੰਡ ਦਾ ਮੁੱਦਾ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਉਠਾਇਆ ਜਾਵੇ ਅਤੇ ਇਸ ਨੂੰ ਜਾਰੀ ਕਰਵਾਇਆ ਜਾਵੇ। ਮੁੱਖ ਮੰਤਰੀ ਮਾਨ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਕਿ ਪੰਜਾਬ ਮੰਡੀ ਬੋਰਡ/ਪੇਂਡੂ ਵਿਕਾਸ ਬੋਰਡ ਮੌਜੂਦਾ ਕਰਜ਼ੇ ਦੀ ਅਦਾਇਗੀ ਕਰਨ ਵਿੱਚ ਅਸਮਰੱਥ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਮਡੀਐਫ ਫੰਡ ਨੂੰ ਤਿੰਨ ਫੀਸਦੀ ਤੋਂ ਘਟਾ ਕੇ ਦੋ ਫੀਸਦੀ ਕਰਨ ਕਾਰਨ ਪੰਜਾਬ ਨੂੰ ਦੋ ਸੀਜ਼ਨਾਂ ਵਿੱਚ 400 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਸੀਜ਼ਨ 2023-24 ਲਈ ਆਰਜ਼ੀ ਖਰੀਦ ਸ਼ੀਟ ਜਾਰੀ ਕਰਦਿਆਂ ਐਮਡੀਐਫ ਨੂੰ ਤਿੰਨ ਫੀਸਦੀ ਤੋਂ ਘਟਾ ਕੇ ਦੋ ਫੀਸਦੀ ਕਰ ਦਿੱਤਾ ਹੈ। ਨਤੀਜੇ ਵਜੋਂ ਪੰਜਾਬ ਨੂੰ 265 ਕਰੋੜ ਰੁਪਏ ਦਾ ਵਾਧੂ ਨੁਕਸਾਨ ਝੱਲਣਾ ਪਿਆ। ਇਸ ਕਾਰਨ ਦੋ ਸੀਜ਼ਨਾਂ ਵਿੱਚ ਕੁੱਲ ਘਾਟਾ 440 ਕਰੋੜ ਰੁਪਏ (175 ਕਰੋੜ+265 ਕਰੋੜ) ਤੱਕ ਪਹੁੰਚ ਗਿਆ। ਉਨ੍ਹਾਂ ਕਿਹਾ ਕਿ ਇਸ ਪੜਾਅ ‘ਤੇ ਇਹ ਫੰਡ ਜਾਰੀ ਨਾ ਹੋਣ ਨਾਲ ਪੇਂਡੂ ਬੁਨਿਆਦੀ ਢਾਂਚੇ ਅਤੇ ਆਰਥਿਕਤਾ ‘ਤੇ ਮਾੜਾ ਪ੍ਰਭਾਵ ਪਵੇਗਾ।