- ਰਾਸ਼ਟਰੀ
- No Comment
ਹਰਿਆਣਾ ਵਿਧਾਨਸਭਾ ਚੋਣਾਂ : ਹਰਿਆਣਾ ਕਾਂਗਰਸ ਦੀ ਦੂਜੀ ਸੂਚੀ ਜਾਰੀ, 9 ਉਮੀਦਵਾਰਾਂ ਦਾ ਕੀਤਾ ਐਲਾਨ
ਉਚਾਨਾ ਕਲਾਂ ਤੋਂ ਬ੍ਰਿਜੇਂਦਰ ਸਿੰਘ, ਬਾਦਸ਼ਾਹਪੁਰ ਤੋਂ ਯੂਥ ਕਾਂਗਰਸ ਦੇ ਕੌਮੀ ਸਕੱਤਰ ਵਰਧਨ ਯਾਦਵ ਅਤੇ ਗੁੜਗਾਓਂ ਸੀਟ ਤੋਂ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਮੋਹਿਤ ਗਰੋਵਰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਹਰਿਆਣਾ ਵਿਧਾਨਸਭਾ ਚੋਣਾਂ ਨੂੰ ਬਹੁਤ ਘਟ ਸਮਾਂ ਰਹਿ ਗਿਆ ਹੈ ਅਤੇ ਸਾਰੀਆਂ ਹੀ ਪਾਰਟੀਆਂ ਆਪਣੇ ਉਮੀਦਵਾਰਾਂ ਦੀ ਐਲਾਨ ਕਰ ਰਹੀਆਂ ਹਨ। ਕਾਂਗਰਸ ਨੇ ਐਤਵਾਰ ਦੇਰ ਰਾਤ ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਹਰਿਆਣਾ ਕਾਂਗਰਸ ਦੀ ਦੂਜੀ ਸੂਚੀ ਵਿੱਚ 9 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਉਚਾਨਾ ਕਲਾਂ ਤੋਂ ਬ੍ਰਿਜੇਂਦਰ ਸਿੰਘ, ਬਾਦਸ਼ਾਹਪੁਰ ਤੋਂ ਯੂਥ ਕਾਂਗਰਸ ਦੇ ਕੌਮੀ ਸਕੱਤਰ ਵਰਧਨ ਯਾਦਵ ਅਤੇ ਗੁੜਗਾਓਂ ਸੀਟ ਤੋਂ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਮੋਹਿਤ ਗਰੋਵਰ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਪਾਰਟੀ ਨੇ ਜੇਜੇਪੀ ਮੁਖੀ ਅਤੇ ਭਾਜਪਾ ਦੇ ਸਮਰਥਨ ਨਾਲ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਖਿਲਾਫ ਬੀਰੇਂਦਰ ਸਿੰਘ ਦੇ ਪੁੱਤਰ ਬ੍ਰਿਜੇਂਦਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 6 ਸਤੰਬਰ ਨੂੰ 32 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਪਾਰਟੀ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਗੜ੍ਹੀ ਸਾਂਪਲਾ-ਕਿਲੋਈ ਸੀਟ ਤੋਂ ਉਮੀਦਵਾਰ ਬਣਾਇਆ ਹੈ।
ਇਸ ਤੋਂ ਇਲਾਵਾ ਸੋਨੀਪਤ ਤੋਂ ਸੁਰਿੰਦਰ ਪੰਵਾਰ, ਜਗਬੀਰ ਸਿੰਘ ਮਲਿਕ ਨੂੰ ਗੋਹਾਨਾ ਤੋਂ ਅਤੇ ਭਾਰਤ ਭੂਸ਼ਣ ਬੱਤਰਾ ਨੂੰ ਰੋਹਤਕ ਤੋਂ ਟਿਕਟ ਦਿੱਤੀ ਗਈ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਨੂੰ ਲੈ ਕੇ ਵੀ ਗੱਲਬਾਤ ਚੱਲ ਰਹੀ ਹੈ। ਕਾਂਗਰਸ ਦੇ ਸੂਬਾ ਇੰਚਾਰਜ ਦੀਪਕ ਬਾਬਰੀਆ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੁਲਾਕਾਤ ਕੀਤੀ। ਇਸ ਮੀਟਿੰਗ ਤੋਂ ਬਾਅਦ ਦੋਵਾਂ ਆਗੂਆਂ ਨੇ ਕਿਹਾ ਹੈ ਕਿ ਗਠਜੋੜ ਨੂੰ ਜਲਦੀ ਹੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ।