IIM ਅਹਿਮਦਾਬਾਦ ‘ਚ 50 ਮੁੱਖ ਅਧਿਆਪਕ ਲੈਣਗੇ ਟ੍ਰੇਨਿੰਗ, ਸੀਐੱਮ ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

IIM ਅਹਿਮਦਾਬਾਦ ‘ਚ 50 ਮੁੱਖ ਅਧਿਆਪਕ ਲੈਣਗੇ ਟ੍ਰੇਨਿੰਗ, ਸੀਐੱਮ ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਈਆਈਐਮ ਅਹਿਮਦਾਬਾਦ ਪ੍ਰਬੰਧਨ ਸਿਖਲਾਈ ਲਈ ਵਿਸ਼ਵ ਪ੍ਰਸਿੱਧ ਹੈ। ਇਸੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ।


ਪੰਜਾਬ ਸਰਕਾਰ ਨੇ ਸਿਖਿਆ ਅਤੇ ਸਿਹਤ ਦੇ ਮੁੱਦੇ ਨੂੰ ਮੁੱਖ ਰੱਖ ਕੇ ਚੋਣ ਲੜੀ ਸੀ। ਇਸੇ ਕੜੀ ‘ਚ ਹੁਣ ਪੰਜਾਬ ਸਰਕਾਰ ਨੇ ਐਤਵਾਰ ਨੂੰ, 50 ਮੁੱਖ ਅਧਿਆਪਕਾਂ ਨੂੰ ਰਾਜ ਸਰਕਾਰ ਦੁਆਰਾ ਵਿਸ਼ੇਸ਼ ਸਿਖਲਾਈ ਲਈ ਆਈਆਈਐਮ ਅਹਿਮਦਾਬਾਦ ਭੇਜਿਆ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਟੀਮ ਵਿੱਚ 22 ਮਹਿਲਾ ਅਤੇ 28 ਪੁਰਸ਼ ਅਧਿਆਪਕ ਸ਼ਾਮਲ ਹਨ, ਜਿਨ੍ਹਾਂ ਨੂੰ ਸੂਬੇ ਦੇ ਵੱਖ-ਵੱਖ ਥਾਵਾਂ ਤੋਂ ਚੁਣਿਆ ਗਿਆ ਹੈ। ਉਹ ਪੰਜ ਦਿਨਾਂ ਲਈ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਟੀਮ ਦਾ ਕੋਚ ਚੰਗਾ ਹੈ ਤਾਂ ਉਸ ਟੀਮ ਦੇ ਖਿਡਾਰੀ ਵੀ ਚੰਗਾ ਪ੍ਰਦਰਸ਼ਨ ਕਰਨਗੇ। ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪਹਿਲਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ। ਇਸ ਤੋਂ ਇਲਾਵਾ ਸੂਬੇ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਹਾਲ ਹੀ ਵਿੱਚ ਚੰਦਰਯਾਨ-3 ਨੂੰ ਲਾਈਵ ਲਾਂਚਿੰਗ ਦੇਖਣ ਲਈ ਭੇਜਿਆ ਗਿਆ ਸੀ।

ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਖੇਡ ਨੀਤੀ ਲਿਆਂਦੀ ਜਾ ਰਹੀ ਹੈ। ਪੀ.ਟੀ., ਯੋਗਾ ਅਤੇ ਹੋਰ ਖੇਡ ਅਧਿਆਪਕਾਂ ਦੀ ਜਲਦੀ ਹੀ ਭਰਤੀ ਕੀਤੀ ਜਾਵੇਗੀ। ਪਿਛਲੀਆਂ ਸਰਕਾਰਾਂ ਨੇ ਪੀ.ਟੀ.ਟੀਚਰ ਦੀਆਂ ਪੋਸਟਾਂ ਖਤਮ ਕਰ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਈਆਈਐਮ ਅਹਿਮਦਾਬਾਦ ਪ੍ਰਬੰਧਨ ਸਿਖਲਾਈ ਲਈ ਵਿਸ਼ਵ ਪ੍ਰਸਿੱਧ ਹੈ। ਇਸੇ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸਿੰਗਾਪੁਰ ਦੀ ਮਸ਼ਹੂਰ ਪ੍ਰਿੰਸੀਪਲ ਅਕੈਡਮੀ ਤੋਂ 138 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਸੀ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਮਨਪ੍ਰੀਤ ਬਾਦਲ 60 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਾਰ ਗਏ ਸਨ। ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਪਕੜ ਕਿੰਨੀ ਦੂਰ ਹੈ। ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸਰਕਾਰ ਵਿੱਚ ਰਹਿੰਦਿਆਂ ਆਪਣੇ ਚਹੇਤਿਆਂ ਨੂੰ ਸੂਬੇ ਦਾ ਪੈਸਾ ਵੰਡਿਆ ਹੈ, ਉਸ ਦਾ ਪੂਰਾ ਹਿਸਾਬ ਲਿਆ ਜਾਵੇਗਾ।