- ਪੰਜਾਬ
- No Comment
ਟਿਕਟ ਨਾ ਮਿਲਣ ਤੋਂ ਨਾਰਾਜ਼ ਸਾਬਕਾ ਵਿਧਾਇਕ ਜਸਬੀਰ ਖੰਗੂੜਾ ਨੇ ਛੱਡੀ ਆਮ ਆਦਮੀ ਪਾਰਟੀ
ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ ਅਤੇ ਸਿਰਫ ਦੋ ਸਾਲ ਤੱਕ ਆਮ ਆਦਮੀ ਪਾਰਟੀ ਦਾ ਹਿੱਸਾ ਰਹੇ।
ਪੰਜਾਬ ਵਿਚ ਕੁਝ ਆਗੂਆਂ ਦਾ ਆਪਣੀ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿਚ ਜਾਣਾ ਜਾਰੀ ਹੈ। ਲੁਧਿਆਣਾ ਦੇ ਹੋਟਲ ਕਾਰੋਬਾਰੀ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਬੁੱਧਵਾਰ ਨੂੰ ‘ਆਪ’ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਸਨ ਅਤੇ ਸਿਰਫ ਦੋ ਸਾਲ ਤੱਕ ਆਮ ਆਦਮੀ ਪਾਰਟੀ ਦਾ ਹਿੱਸਾ ਰਹੇ।
ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਉਹ ਮੁੜ ਕਾਂਗਰਸ ਵਿੱਚ ਵਾਪਸੀ ਕਰ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰਾਂ ‘ਚ ਸ਼ਾਮਲ ਹੋਣਗੇ। ਮਾਹਿਰਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਦੋਂ ਉਹ ‘ਆਪ’ ਵਿੱਚ ਸ਼ਾਮਲ ਹੋਏ ਸਨ ਤਾਂ ਉਹ ਟਿਕਟ ਦੇ ਉਮੀਦਵਾਰ ਸਨ, ਪਰ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਟਿਕਟ ਦੇਣ ਦਾ ਭਰੋਸਾ ਦਿੱਤਾ ਸੀ, ਪਰ ਹੁਣ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦੇ ਦਿਤੀ ਹੈ । ਅਜਿਹੇ ‘ਚ ਜੱਸੀ ਪਾਰਟੀ ਹਾਈਕਮਾਂਡ ਤੋਂ ਨਾਰਾਜ਼ ਸਨ ਅਤੇ ਉਨ੍ਹਾਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।
ਜਸਬੀਰ ਸਿੰਘ ਜੱਸੀ ਖੰਗੂੜਾ ਨੇ ਸਾਲ 2007 ‘ਚ ਕਾਂਗਰਸ ਦੀ ਟਿਕਟ ‘ਤੇ ਕਿਲਾ ਰਾਏਪੁਰ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਸੀ ਅਤੇ ਜਿੱਤ ਕੇ ਵਿਧਾਇਕ ਬਣੇ ਸਨ। ਇਸ ਤੋਂ ਬਾਅਦ ਉਨ੍ਹਾਂ ਸਾਲ 2012 ਵਿੱਚ ਹਲਕਾ ਦਾਖਾ ਤੋਂ ਵਿਧਾਨ ਸਭਾ ਚੋਣ ਲੜੀ ਅਤੇ ਹਾਰ ਗਏ। ਖੰਗੂੜਾ ਪਰਿਵਾਰ ਇੱਕ ਪੁਰਾਣਾ ਰੂੜ੍ਹੀਵਾਦੀ ਕਾਂਗਰਸੀ ਪਰਿਵਾਰ ਹੈ। ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਕਰੀਬੀ ਸਨ। ਜੱਸੀ ਦਾ ਕਹਿਣਾ ਹੈ ਕਿ ਉਸਨੂੰ ਦੋ ਸਾਲ ਆਮ ਆਦਮੀ ਪਾਰਟੀ ਵਿੱਚ ਰਹਿਣ ਦਾ ਮੌਕਾ ਮਿਲਿਆ ਅਤੇ ਇਸ ਦੌਰਾਨ ਬਹੁਤ ਕੁਝ ਸਿੱਖਣ ਨੂੰ ਮਿਲਿਆ। ਉਸਨੇ ਆਪਣੀ ਅਗਲੀ ਪਾਰੀ ਬਾਰੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਹੈ।