‘ਖੇਡਾਂ ਵਤਨ ਪੰਜਾਬ ਦੀਆਂ’-3 : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਗੋ ਅਤੇ ਟੀ-ਸ਼ਰਟ ਕੀਤੀ ਲਾਂਚ

‘ਖੇਡਾਂ ਵਤਨ ਪੰਜਾਬ ਦੀਆਂ’-3 : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਗੋ ਅਤੇ ਟੀ-ਸ਼ਰਟ ਕੀਤੀ ਲਾਂਚ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆ’ ਵਿੱਚ ਪੈਰਾ ਖੇਡਾਂ ਵਿੱਚ ਐਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਐਥਲੀਟ ਪੈਰਿਸ ਪੈਰਾ ਓਲੰਪਿਕ ਵਿੱਚ ਭਾਗ ਲੈ ਰਹੇ ਹਨ।

ਪੰਜਾਬ ਸਰਕਾਰ ਨੇ ਖੇਡਾਂ ਨੂੰ ਅਗੇ ਵਧਾਉਣ ਲਈ ਸਰਕਾਰ ਬਣਨ ‘ਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਹਰ ਸਾਲ ਆਯੋਜਨ ਕਰਨ ਦਾ ਫੈਸਲਾ ਲਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ 29 ਅਗਸਤ ਤੋਂ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਲਈ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਰਾਸ਼ਟਰੀ ਖੇਡ ਦਿਵਸ ਮਨਾਉਣ ਦੇ ਨਾਲ 29 ਅਗਸਤ ਨੂੰ ਇਸ ਮੈਗਾ ਖੇਡ ਮੁਕਾਬਲੇ ਦੀ ਸ਼ੁਰੂਆਤ ਕੀਤੀ ਜਾਵੇਗੀ।

ਦੋ ਮਹੀਨੇ ਤੋਂ ਵੱਧ ਸਮਾਂ ਚੱਲਣ ਵਾਲਾ ਇਹ ਖੇਡ ਮੇਲਾ ਸੰਗਰੂਰ ਦੇ ਵਾਰ ਹੀਰੋ ਸਟੇਡੀਅਮ ਤੋਂ ਸ਼ੁਰੂ ਹੋਵੇਗਾ। ਮਾਨ ਨੇ ਕਿਹਾ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆ’ ਵਿੱਚ ਪੈਰਾ ਖੇਡਾਂ ਵਿੱਚ ਐਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਐਥਲੀਟ ਪੈਰਿਸ ਪੈਰਾ ਓਲੰਪਿਕ ਵਿੱਚ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਦੇ ਪੰਜ ਲੱਖ ਖਿਡਾਰੀ ਤਗਮਿਆਂ ਲਈ ਭਿੜਨਗੇ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਇਸ ਵੱਡੇ ਖੇਡ ਸਮਾਗਮ ਦਾ ਉਦੇਸ਼ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਨਾ ਹੈ, ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 15 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਖੇਡਾਂ ਵਤਨ ਪੰਜਾਬ ਦੀਆਂ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ।