ਲੋਕਸਭਾ ਚੋਣਾਂ ਵਿਚ ਅਕਾਲੀ ਦਲ ਦੀ ਹਾਰ ਦੇ ਕਾਰਨ ਪਾਰਟੀ ‘ਚ ਰੋਸ ਦੀਆਂ ਆਵਾਜ਼ਾਂ ਉੱਠਣ ਲੱਗੀਆਂ, ਮਨਪ੍ਰੀਤ ਇਆਲੀ ਨੇ ਵੀ ਪਾਰਟੀ ਤੋਂ ਬਣਾਈ ਦੂਰੀ

ਲੋਕਸਭਾ ਚੋਣਾਂ ਵਿਚ ਅਕਾਲੀ ਦਲ ਦੀ ਹਾਰ ਦੇ ਕਾਰਨ ਪਾਰਟੀ ‘ਚ ਰੋਸ ਦੀਆਂ ਆਵਾਜ਼ਾਂ ਉੱਠਣ ਲੱਗੀਆਂ, ਮਨਪ੍ਰੀਤ ਇਆਲੀ ਨੇ ਵੀ ਪਾਰਟੀ ਤੋਂ ਬਣਾਈ ਦੂਰੀ

ਮਨਪ੍ਰੀਤ ਇਆਲੀ ਨੇ ਕਿਹਾ ਹੈ ਕਿ ਉਹ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣਗੇ।

ਅਕਾਲੀ ਦਲ ਲੋਕਸਭਾ ਚੋਣਾਂ ਵਿਚ ਕੁਝ ਖਾਸ ਨਹੀਂ ਕਰ ਸਕਿਆ ਹੈ। ਲੋਕ ਸਭਾ ਚੋਣਾਂ (2024) ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲਣ ਅਤੇ ਇਸ ਦੇ 10 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਣ ਕਾਰਨ ਪਾਰਟੀ ਅੰਦਰ ਰੋਸ ਦੀਆਂ ਆਵਾਜ਼ਾਂ ਉੱਠਣ ਲੱਗ ਪਈਆਂ ਹਨ।

ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੋਂ ਬਾਅਦ ਹੁਣ ਵਿਧਾਨ ਸਭਾ ਵਿੱਚ ਪਾਰਟੀ ਆਗੂ ਮਨਪ੍ਰੀਤ ਇਆਲੀ ਨੇ ਵੀ ਕਿਹਾ ਹੈ ਕਿ ਉਹ ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣਗੇ। ਜਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਸੀ, ਜਿਸ ਨੇ 90 ਤੋਂ ਵੱਧ ਸੀਟਾਂ ਦਾ ਦੌਰਾ ਕਰਕੇ ਹਾਰ ਦੇ ਕਾਰਨਾਂ ਦੀ ਜਾਂਚ ਕੀਤੀ ਸੀ। ਇਸ ਵਿੱਚ ਉਨ੍ਹਾਂ ਨੇ ਕਈ ਸਿਫ਼ਾਰਸ਼ਾਂ ਕੀਤੀਆਂ ਸਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਡੀ ਸਿਫ਼ਾਰਸ਼ ਹੇਠਾਂ ਤੋਂ ਲੈ ਕੇ ਉੱਪਰ ਤੱਕ ਦੀ ਸਮੁੱਚੀ ਲੀਡਰਸ਼ਿਪ ਦੇ ਅਸਤੀਫ਼ੇ ਅਤੇ ਪਾਰਟੀ ਢਾਂਚੇ ਨੂੰ ਨਵੇਂ ਸਿਰਿਓਂ ਬਣਾਉਣ ਦੀ ਸੀ।

ਇਸ ਤੋਂ ਇਲਾਵਾ ਕਈ ਹੋਰ ਸਿਫ਼ਾਰਸ਼ਾਂ ਵਿੱਚ ਇੱਕ ਪਰਿਵਾਰ ਵਿੱਚੋਂ ਇੱਕ ਟਿਕਟ ਦੇਣਾ, ਐਮ.ਐਲ.ਏ ਜਾਂ ਐਮ.ਪੀ. ਦੀ ਚੋਣ ਲੜ ਰਹੇ ਵਿਅਕਤੀਆਂ ਨੂੰ ਸ਼੍ਰੋਮਣੀ ਕਮੇਟੀ ਦੀ ਟਿਕਟ ਨਾ ਦੇਣਾ ਆਦਿ ਵੀ ਸ਼ਾਮਲ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸਾਰੇ ਵਿੰਗਾਂ ਤੋਂ ਬਦਲਾਅ ਦੇ ਸੰਕੇਤ ਦਿੱਤੇ ਸਨ, ਪਰ ਇਹ ਜ਼ਿਆਦਾ ਅੱਗੇ ਨਹੀਂ ਵਧ ਸਕਿਆ। ਵਿਧਾਨ ਸਭਾ ਤੋਂ ਬਾਅਦ ਲੋਕ ਸਭਾ ਵਿੱਚ ਵੀ ਪਾਰਟੀ ਦੀ ਇਹੀ ਹਾਲਤ ਨੂੰ ਲੈ ਕੇ ਇੱਕ ਵਾਰ ਫਿਰ ਵਿਰੋਧੀ ਆਵਾਜ਼ਾਂ ਉੱਠਣ ਲੱਗੀਆਂ ਹਨ। ਵਿਧਾਨ ਸਭਾ ਵਿੱਚ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਇਆਲੀ ਨੇ ਆਪਣੇ ਇੰਟਰਨੈੱਟ ਮੀਡੀਆ ਅਕਾਊਂਟ ’ਤੇ ਪੋਸਟ ਪਾ ਕੇ ਕਿਹਾ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਉਹ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣਗੇ।