SYL : ਪੰਜਾਬ ‘ਚ SYL ਨੂੰ ਲੈ ਕੇ ਇਕ ਵਾਰ ਫੇਰ ਸਿਆਸਤ ਗਰਮਾਈ, ਅਕਾਲੀ ਦਲ ਅਤੇ ਕਾਂਗਰਸ ਨੇ ‘ਆਪ’ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

SYL : ਪੰਜਾਬ ‘ਚ SYL ਨੂੰ ਲੈ ਕੇ ਇਕ ਵਾਰ ਫੇਰ ਸਿਆਸਤ ਗਰਮਾਈ, ਅਕਾਲੀ ਦਲ ਅਤੇ ਕਾਂਗਰਸ ਨੇ ‘ਆਪ’ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਗੰਭੀਰ ਮੁੱਦੇ ਬਾਰੇ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ।

ਲੋਕਸਭਾ 2024 ਚੋਣਾਂ ਤੋਂ ਪਹਿਲਾਂ SYL ਦਾ ਮੁੱਦਾ ਇਕ ਵਾਰ ਫੇਰ ਗਰਮਾਉਣਾ ਸ਼ੁਰੂ ਹੋ ਗਿਆ ਹੈ। ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਨਿਰਮਾਣ ਨੂੰ ਲੈ ਕੇ ਸੁਪਰੀਮ ਕੋਰਟ ਦੀ ਤਾਜ਼ਾ ਟਿੱਪਣੀ ਤੋਂ ਬਾਅਦ ਪੰਜਾਬ ਵਿੱਚ ਇਸ ਮੁੱਦੇ ‘ਤੇ ਸਿਆਸਤ ਗਰਮਾ ਗਈ ਹੈ। ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਸੂਬੇ ਦੀ ‘ਆਪ’ ਸਰਕਾਰ ਤੋਂ ਇਸ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੇ ਨਾਲ-ਨਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।

ਅਕਾਲੀ ਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਦੇ ਦਾਅਵਿਆਂ ਬਾਰੇ ਡੈੱਥ ਵਾਰੰਟ ‘ਤੇ ਦਸਤਖਤ ਕੀਤੇ ਹਨ। ਪਾਰਟੀ ਨੇ ਕਿਹਾ ਕਿ ਪੰਜਾਬੀ ਅਤੇ ਅਕਾਲੀ ਦਲ ਅਰਵਿੰਦ ਕੇਜਰੀਵਾਲ ਦੀ ਸੂਬੇ ਦੇ ਦਰਿਆਈ ਪਾਣੀ ਹਰਿਆਣਾ ਨੂੰ ਸੌਂਪਣ ਦੀ ਸਾਜ਼ਿਸ਼ ਨੂੰ ਕਿਸੇ ਵੀ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਣਗੇ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਗੰਭੀਰ ਮੁੱਦੇ ਬਾਰੇ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਇਸ ਏਜੰਡੇ ‘ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਣਾ ਚਾਹੀਦਾ ਹੈ ਤਾਂ ਜੋ ਅਗਲੀ ਰਣਨੀਤੀ ਤੈਅ ਕੀਤੀ ਜਾ ਸਕੇ।

ਐਸਵਾਈਐਲ ਨਹਿਰ ਦੀ ਉਸਾਰੀ ਲਈ ਕਦਮ ਨਾ ਚੁੱਕਣ ‘ਤੇ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਪੰਜਾਬ ਨੂੰ ਇਸ ਪ੍ਰਕਿਰਿਆ ਵਿੱਚ ਸਹਿਯੋਗ ਕਰਨਾ ਹੋਵੇਗਾ। ਵਿਰੋਧੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ‘ਚ ਸਖ਼ਤ ਕਾਨੂੰਨੀ ਦਲੀਲਾਂ ਦੇ ਕੇ ਨਾਕਾਮ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਪਰੀਮ ਕੋਰਟ ਵੱਲੋਂ ਐਸਵਾਈਐਲ ਲਈ ਪੰਜਾਬ ਦੀ ਜ਼ਮੀਨ ਦਾ ਸਰਵੇ ਕਰਨ ਦੇ ਹੁਕਮਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ, ਇਸ ਲਈ ਸਰਵੇਖਣ ਕਰਵਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਗੰਭੀਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਇਸ ਮੁੱਦੇ ‘ਤੇ ਦੋਗਲਾ ਰਵੱਈਆ ਰੱਖ ਚੁੱਕੀ ਹੈ।