- ਪੰਜਾਬ
- No Comment
ਪੰਜਾਬ ‘ਚ ਪੰਚਾਇਤੀ ਚੋਣਾਂ ਦੀ ਤਿਆਰੀ ਹੋਈ ਤੇਜ਼, ਕਾਰਜਕਾਲ ਜਨਵਰੀ ‘ਚ ਹੋ ਰਿਹਾ ਖਤਮ
ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈ ਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਰਾਜ ਚੋਣ ਕਮਿਸ਼ਨ (ਸੀਈਸੀ) ਵੱਲੋਂ 9 ਦਸੰਬਰ ਨੂੰ ਉਕਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਕਾਰਜਕਾਲ ਜਨਵਰੀ ‘ਚ ਖਤਮ ਹੋ ਰਿਹਾ ਹੈ । ਪੰਜਾਬ ਸਰਕਾਰ ਨੇ ਅਗਲੇ ਸਾਲ ਜਨਵਰੀ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਰਾਜ ਚੋਣ ਕਮਿਸ਼ਨ (ਸੀਈਸੀ) ਨੇ ਸਾਰੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਜਾਰੀ ਕਰਕੇ ਪੰਚਾਇਤੀ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਕੰਮ 18 ਦਸੰਬਰ ਤੱਕ ਮੁਕੰਮਲ ਕਰਨ ਲਈ ਕਿਹਾ ਹੈ ਤਾਂ ਜੋ ਅੰਤਿਮ ਵੋਟਰ ਸੂਚੀਆਂ 7 ਜਨਵਰੀ 2024 ਨੂੰ ਪ੍ਰਕਾਸ਼ਿਤ ਕੀਤੀਆਂ ਜਾ ਸਕਣ।
ਮੰਨਿਆ ਜਾ ਰਿਹਾ ਹੈ ਕਿ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਸੂਬੇ ਵਿੱਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਦਾ ਕਾਰਜਕਾਲ ਵੀ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਸਾਲ 10 ਅਗਸਤ ਨੂੰ ਸੂਬੇ ਦੀਆਂ ਪੰਚਾਇਤਾਂ ਦਾ ਕਾਰਜਕਾਲ ਖਤਮ ਹੋਣ ਤੋਂ 6 ਮਹੀਨੇ ਪਹਿਲਾਂ ਸਰਕਾਰ ਨੇ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦਾ ਹੁਕਮ ਜਾਰੀ ਕੀਤਾ ਸੀ। ਹਾਲਾਂਕਿ ਸਰਕਾਰ ਨੇ ਇਹ ਫੈਸਲਾ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29-ਏ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਦੀ ਇਜਾਜ਼ਤ ਨਾਲ ਲਿਆ ਸੀ, ਪਰ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਇਸ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਤੋਂ ਬਾਅਦ ਸਰਕਾਰ ਨੂੰ ਇਸ ਫੈਸਲੇ ਨੂੰ ਵਾਪਸ ਲੈਣਾ ਪਿਆ।
ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਨਵੇਂ ਨੋਟੀਫਿਕੇਸ਼ਨ ਵਿੱਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕੀਤਾ ਜਾਣਾ ਹੈ ਅਤੇ ਡਰਾਫਟ ਨੋਟੀਫਿਕੇਸ਼ਨ ਵਿੱਚ ਦਾਅਵੇ ਅਤੇ ਇਤਰਾਜ਼ 5 ਜਨਵਰੀ, 2024 ਤੱਕ ਸੋਧੇ ਜਾਣ ਤਾਂ ਜੋ ਅੰਤਿਮ ਵੋਟਰ ਸੂਚੀ 7 ਜਨਵਰੀ 2024 ਨੂੰ ਐਲਾਨੀ ਜਾਵੇ।
ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈ ਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਰਾਜ ਚੋਣ ਕਮਿਸ਼ਨ (ਸੀਈਸੀ) ਵੱਲੋਂ 9 ਦਸੰਬਰ ਨੂੰ ਉਕਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪੰਜਾਬ ਵਿੱਚ ਜਨਵਰੀ 2019 ਵਿੱਚ ਗ੍ਰਾਮ ਪੰਚਾਇਤ ਚੋਣਾਂ ਹੋਈਆਂ ਸਨ ਅਤੇ ਸਰਪੰਚਾਂ ਨੇ ਚਾਰਜ ਸੰਭਾਲ ਲਿਆ ਸੀ। ਇਨ੍ਹਾਂ ਗ੍ਰਾਮ ਪੰਚਾਇਤਾਂ ਦਾ ਕਾਰਜਕਾਲ ਹੁਣ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਨਿਯਮਾਂ ਮੁਤਾਬਕ ਇਸ ਤੋਂ ਪਹਿਲਾਂ ਚੋਣਾਂ ਕਰਵਾਉਣੀਆਂ ਜ਼ਰੂਰੀ ਹਨ, ਪਰ ਚੋਣਾਂ ਕਰਵਾਉਣ ‘ਚ ਢਿੱਲ-ਮੱਠ ‘ਤੇ ਹਾਈ ਕੋਰਟ ਦੇ ਸਖਤ ਰਵੱਈਏ ਤੋਂ ਬਾਅਦ ਰਾਜ ਚੋਣ ਕਮਿਸ਼ਨ ਨੇ ਇਸ ਪ੍ਰਕਿਰਿਆ ‘ਚ ਤੇਜ਼ੀ ਲਿਆਂਦੀ ਹੈ। ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ, ਜਿਨ੍ਹਾਂ ਵਿੱਚ ਚੋਣਾਂ ਹੋਣੀਆਂ ਹਨ, 13,268 ਹੈ।