- ਪੰਜਾਬ
- No Comment
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਦਾ ਵੱਡਾ ਐਲਾਨ, ਜਲਦ ਹੋਵੇਗੀ ਭਾਜਪਾ ‘ਚ ਸ਼ਾਮਿਲ
ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ। ਦੇਸ਼ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਭਾਜਪਾ ਵਿੱਚ ਸ਼ਾਮਲ ਹੋਵੇਗੀ।
ਲੋਕਸਭਾ 2024 ਚੋਣਾਂ ਵਿਚ ਬਹੁਤ ਘੱਟ ਸਮਾਂ ਰਹਿ ਗਿਆ ਹੈ ਅਤੇ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨੇ ਆਪਣੀ ਤਿਆਰੀ ਸ਼ੁਰੂ ਕਰ ਦਿਤੀ ਹੈ। ਪਿਛਲੇ ਲੰਮੇ ਸਮੇਂ ਤੋਂ ਮੁਅੱਤਲ ਚੱਲ ਰਹੇ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਐਮ.ਪੀ. ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਜਲਦੀ ਹੀ ਲੋਕ ਸਭਾ ਵਿੱਚ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਜਾਵੇਗੀ।
ਇਹ ਐਲਾਨ ਉਨ੍ਹਾਂ ਖ਼ੁਦ ਪਟਿਆਲਾ ਵਿੱਚ ਹੋਈ ਭਾਜਪਾ ਬੂਥ ਕਾਨਫਰੰਸ ਵਿੱਚ ਸ਼ਿਰਕਤ ਕਰਨ ਮਗਰੋਂ ਕੀਤਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਦਾ ਸਰਬਪੱਖੀ ਵਿਕਾਸ ਹੋ ਰਿਹਾ ਹੈ। ਦੇਸ਼ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਹ ਭਾਜਪਾ ਵਿੱਚ ਸ਼ਾਮਲ ਹੋਣਗੇ।
ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਵੱਡੀ ਗਿਣਤੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਪੰਜਾਬ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ, ਪ੍ਰਵੀਨ ਬਾਂਸਲ, ਅਨਿਲ ਸਰੀਨ ਸਮੇਤ ਹੋਰ ਵੀ ਕਈ ਆਗੂ ਹਾਜ਼ਰ ਸਨ। ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ, ਪ੍ਰਨੀਤ ਕੌਰ ਨੇ ਬਿਨਾਂ ਸ਼ੱਕ ਕਾਂਗਰਸ ਤੋਂ ਦੂਰੀ ਬਣਾ ਲਈ ਸੀ, ਪਰ ਤਕਨੀਕੀ ਤੌਰ ‘ਤੇ ਉਹ ਅਜੇ ਵੀ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਹਨ। ਜੇਕਰ ਉਹ ਭਾਜਪਾ ‘ਚ ਸ਼ਾਮਲ ਹੁੰਦੀ ਹੈ ਤਾਂ ਉਹ ਲੋਕ ਸਭਾ ਦੀ ਮੈਂਬਰਸ਼ਿਪ ਵੀ ਗੁਆ ਸਕਦੀ ਹੈ, ਕਿਉਂਕਿ ਲੋਕ ਸਭਾ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਹੁਣ ਸਮਾਂ ਆ ਗਿਆ ਹੈ ਕਿ ਉਹ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਜਾਣ।
ਇਸ ਤੋਂ ਪਹਿਲਾਂ ਵੀ ਕਈ ਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪ੍ਰਨੀਤ ਕੌਰ ‘ਤੇ ਤਿੱਖੇ ਹਮਲੇ ਕਰ ਚੁੱਕੇ ਹਨ ਅਤੇ ਸਪੱਸ਼ਟ ਕਰ ਚੁੱਕੇ ਹਨ ਕਿ ਪ੍ਰਨੀਤ ਕੌਰ ਲਈ ਕਾਂਗਰਸ ਦੇ ਦਰਵਾਜ਼ੇ ਬੰਦ ਹੋ ਚੁੱਕੇ ਹਨ। ਸੂਤਰਾਂ ਮੁਤਾਬਕ ਪ੍ਰਨੀਤ ਕੌਰ ਜਲਦੀ ਹੀ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋ ਜਾਵੇਗੀ। ਉਨ੍ਹਾਂ ਨੇ 14 ਫਰਵਰੀ ਨੂੰ ਪਾਰਟੀ ਵਿੱਚ ਸ਼ਾਮਲ ਹੋਣਾ ਸੀ, ਪਰ ਕਿਸਾਨ ਅੰਦੋਲਨ ਕਾਰਨ ਇਸ ਵਿੱਚ ਕੁਝ ਹੋਰ ਸਮਾਂ ਲੱਗ ਸਕਦਾ ਹੈ।