ਸੜਕ ਹਾਦਸੇ ‘ਚ ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ ਦਿੱਤੇ ਜਾਣਗੇ 2000 ਰੁਪਏ, ਪੰਜਾਬ ‘ਚ ਸ਼ੁਰੂ ਹੋਵੇਗੀ ਫਰਿਸ਼ਤੇ ਸਕੀਮ

ਸੜਕ ਹਾਦਸੇ ‘ਚ ਜ਼ਖਮੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ ਦਿੱਤੇ ਜਾਣਗੇ 2000 ਰੁਪਏ, ਪੰਜਾਬ ‘ਚ ਸ਼ੁਰੂ ਹੋਵੇਗੀ ਫਰਿਸ਼ਤੇ ਸਕੀਮ

ਇਸ ਯੋਜਨਾ ਦੇ ਤਹਿਤ, ਹਾਦਸੇ ਦੇ ਪਹਿਲੇ 48 ਘੰਟਿਆਂ ਵਿੱਚ ਜ਼ਖਮੀ ਹੋਏ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ, ਚਾਹੇ ਉਹ ਕਿਸੇ ਵੀ ਰਾਜ ਦੇ ਨਿਵਾਸੀ ਹੋਣ। ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰੇਗੀ।

ਪੰਜਾਬ ਸਰਕਾਰ ਨੇ ਸਿਹਤ ਦੇ ਮੁੱਦੇ ਨੂੰ ਲੈ ਕੇ ਇਕ ਅਹਿਮ ਐਲਾਨ ਕੀਤਾ ਹੈ। ਪੰਜਾਬ ਵਿੱਚ ਰਾਜ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ 2000 ਰੁਪਏ ਇਨਾਮ ਵਜੋਂ ਦੇਵੇਗੀ। ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵਿਅਕਤੀ ਤੋਂ ਉਦੋਂ ਤੱਕ ਪੁੱਛਗਿੱਛ ਨਹੀਂ ਕਰੇਗਾ, ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਇਹ ਐਲਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਯੋਜਨਾ ਦੇ ਤਹਿਤ, ਹਾਦਸੇ ਦੇ ਪਹਿਲੇ 48 ਘੰਟਿਆਂ ਵਿੱਚ ਜ਼ਖਮੀ ਹੋਏ ਲੋਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ, ਚਾਹੇ ਉਹ ਕਿਸੇ ਵੀ ਰਾਜ ਦੇ ਨਿਵਾਸੀ ਹੋਣ।

ਸਰਕਾਰ ਸੜਕ ਹਾਦਸਿਆਂ ਦੇ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰੇਗੀ। ਸਿਹਤ ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸੂਬੇ ਵਿੱਚ ਸਥਾਪਿਤ ਕੀਤੇ ਜਾ ਰਹੇ ਸਾਰੇ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਡਾ. ਬਲਬੀਰ ਸਿੰਘ ਨੇ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ ਵਿਖੇ ਸਥਾਪਿਤ ਕੀਤੀ ਜਾ ਰਹੀ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਮੈਨੇਜਮੈਂਟ ਸਹੂਲਤ ਦਾ ਵੀ ਜਾਇਜ਼ਾ ਲਿਆ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਮਾਰਗਦਰਸ਼ਨ ਲਈ ਸਰਕਾਰੀ ਸਿਹਤ ਸਹੂਲਤਾਂ ਵਿੱਚ ‘ਮਰੀਜ਼ ਸੁਵਿਧਾ ਕੇਂਦਰ’ ਸਥਾਪਤ ਕਰਨ ਦੀ ਤਿਆਰੀ ਕਰ ਰਹੀ ਹੈ। ਅਜਿਹਾ ਹੀ ਇੱਕ ਕੇਂਦਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਾਇਲਟ ਆਧਾਰ ‘ਤੇ ਸਥਾਪਿਤ ਕੀਤਾ ਜਾ ਰਿਹਾ ਹੈ।