ਸੀਐੱਮ ਭਗਵੰਤ ਮਾਨ ਦਾ ਵੱਡਾ ਐਲਾਨ : ਪੰਜਾਬ ‘ਚ ਬਣੇਗੀ ਫਿਲਮ ਸਿਟੀ, ਅੰਮ੍ਰਿਤਸਰ ‘ਚ ਬਣੇਗਾ ਸੈਲੀਬ੍ਰੇਸ਼ਨ ਪੁਆਇੰਟ

ਸੀਐੱਮ ਭਗਵੰਤ ਮਾਨ ਦਾ ਵੱਡਾ ਐਲਾਨ : ਪੰਜਾਬ ‘ਚ ਬਣੇਗੀ ਫਿਲਮ ਸਿਟੀ, ਅੰਮ੍ਰਿਤਸਰ ‘ਚ ਬਣੇਗਾ ਸੈਲੀਬ੍ਰੇਸ਼ਨ ਪੁਆਇੰਟ

ਮੁੱਖ ਮੰਤਰੀ ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਟੂਰਿਜ਼ਮ ਦੀ ਦਿਸ਼ਾ ਵਿੱਚ ਕੰਮ ਕਰਨ ਬਾਰੇ ਸੋਚਿਆ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਨੰਬਰ ਇਕ ਬਣਾਉਣਾ ਹੈ ਤਾਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਪਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਸੁਪਨਾ ਗਤੀਸ਼ੀਲ ਅਤੇ ਗੁਰੂ ਸ਼ਾਸਿਤ ਪੰਜਾਬ ਦੇ ਲੁਕਵੇਂ ਪਹਿਲੂਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਇਸ ਨਾਲ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀ ਆਕਰਸ਼ਿਤ ਹੋਣਗੇ। ਸੂਬਾ ਸਰਕਾਰ ਨੇ ਪੰਜਾਬ ਨੂੰ ਆਲਮੀ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਯੋਜਨਾਬੱਧ ਪਹਿਲਕਦਮੀ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਬਾਹਰੀ ਇਲਾਕੇ ਨੂੰ ਸੈਲੀਬ੍ਰੇਸ਼ਨ ਡੇਸਟੀਨੇਸ਼ਨ ਵਜੋਂ ਵਿਕਸਤ ਕਰਨ ਤੋਂ ਇਲਾਵਾ ਪੰਜਾਬ ਵਿੱਚ ਇੱਕ ਫਿਲਮ ਸਿਟੀ ਬਣਾਉਣ ਦਾ ਐਲਾਨ ਕੀਤਾ।

ਮੋਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਉਦਘਾਟਨੀ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਆਏ ਲੋਕਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਸਮਾਗਮ ਨਹੀਂ ਹੈ, ਸਗੋਂ ਇਹ ਇਕ ਅਜਿਹਾ ਸਮਾਗਮ ਹੈ, ਜੋ ਰੂਹ, ਮਿੱਟੀ ਅਤੇ ਦਿਲ ਨਾਲ ਜੁੜਿਆ ਹੋਇਆ ਹੈ।

ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਦਿਸ਼ਾ ਵਿੱਚ ਕੰਮ ਕਰਨ ਬਾਰੇ ਸੋਚਿਆ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਨੰਬਰ ਇਕ ਬਣਾਉਣਾ ਹੈ ਤਾਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਕਿਉਂਕਿ ਸੂਬੇ ਨੂੰ ਕੁਦਰਤੀ ਤੋਹਫ਼ੇ ਦੀ ਬਖਸ਼ਿਸ਼ ਹੈ।

ਇਸ ਤੋਂ ਇਲਾਵਾ ਫਿਲਮਾਂ ਦੀ ਸ਼ੂਟਿੰਗ, ਪੋਸਟ-ਪ੍ਰੋਡਕਸ਼ਨ ਅਤੇ ਰਿਲੀਜ਼ ਲਈ ਪੰਜਾਬ ਵਿੱਚ ਇੱਕ ਫਿਲਮ ਸਿਟੀ ਵਿਕਸਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿੱਚ 50 ਤੋਂ 100 ਏਕੜ ਜ਼ਮੀਨ ‘ਤੇ ‘ਸੈਲੀਬ੍ਰੇਸ਼ਨ ਡੈਸਟੀਨੇਸ਼ਨ’ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਖੁਸ਼ੀ ਦੇ ਮੌਕਿਆਂ ਨੂੰ ਮਨਾਉਣ ਲਈ ‘ਸੈਲੀਬ੍ਰੇਸ਼ਨ ਪੁਆਇੰਟ’ ‘ਤੇ ਬੈਂਕੁਇਟ ਹਾਲ ਬਣਾਏ ਜਾਣਗੇ। ਆਪਣੀ ਕਿਸਮ ਦਾ ਇਹ ਪਹਿਲਾ ‘ਸੈਲੀਬ੍ਰੇਸ਼ਨ ਪੁਆਇੰਟ’ ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਰੋਜ਼ ਇੱਕ ਲੱਖ ਸ਼ਰਧਾਲੂ ਅੰਮ੍ਰਿਤਸਰ ਆਉਂਦੇ ਹਨ ਅਤੇ ਹੁਣ ਸੂਬਾ ਸਰਕਾਰ ਦਾ ਧਿਆਨ ਪੰਜਾਬ ਦੇ ਹੋਰ ਸਥਾਨਾਂ ਦੇ ਵਿਸ਼ੇਸ਼ ਪਹਿਲੂਆਂ ਨੂੰ ਉਜਾਗਰ ਕਰਨਾ ਹੈ। ਪੰਜਾਬ ਦੇ ਹਰ ਪਿੰਡ ਵਿੱਚ ਸ਼ਹੀਦਾਂ ਦੀਆਂ ਯਾਦਗਾਰਾਂ ਹਨ, ਜਿਨ੍ਹਾਂ ਨੇ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਉਨ੍ਹਾਂ ਬਾਰੇ ਦੁਨੀਆਂ ਨੂੰ ਦੱਸਣ ਦੀ ਲੋੜ ਹੈ।