ਪੰਜਾਬ : ਸਿਹਤ ਮੰਤਰੀ ਦਾ ਐਲਾਨ, ਪੁਲਿਸ ਝੜਪ ‘ਚ ਜ਼ਖਮੀ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ

ਪੰਜਾਬ : ਸਿਹਤ ਮੰਤਰੀ ਦਾ ਐਲਾਨ, ਪੁਲਿਸ ਝੜਪ ‘ਚ ਜ਼ਖਮੀ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ

ਸਿਹਤ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਕਿਸਾਨ ਅੰਦੋਲਨ ਨੇ ਇਕ ਵਾਰ ਫਿਰ ਦੇਸ਼ ਵਿਚ ਰਫਤਾਰ ਫੜਨੀ ਸ਼ੁਰੂ ਕਰ ਦਿਤੀ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੁਲਿਸ ਕਾਰਵਾਈ ‘ਚ ਜ਼ਖਮੀ ਹੋਏ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ। ਸਿਹਤ ਮੰਤਰੀ ਬੁੱਧਵਾਰ ਨੂੰ ਹਰਿਆਣਾ ਪੁਲਿਸ ਦੀ ਕਾਰਵਾਈ ਵਿੱਚ ਜ਼ਖਮੀ ਹੋਏ ਕਿਸਾਨਾਂ ਨੂੰ ਮਿਲਣ ਲਈ ਸਰਹੱਦ ਦੇ ਨਾਲ ਲੱਗਦੇ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚੇ।

ਇਸ ਦੌਰਾਨ ਉਨ੍ਹਾਂ ਹਸਪਤਾਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਸਿਹਤ ਮੰਤਰੀ ਵੱਲੋਂ ਜਿਨ੍ਹਾਂ ਹਸਪਤਾਲਾਂ ਦਾ ਦੌਰਾ ਕੀਤਾ ਗਿਆ, ਉਨ੍ਹਾਂ ਵਿੱਚ ਮੋਹਾਲੀ ਸਥਿਤ ਡਾ. ਬੀ.ਆਰ.ਅੰਬੇਦਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਸੀ.ਐਚ.ਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਸ਼ਾਮਲ ਹਨ। ਸਿਹਤ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਸਰਕਾਰੀ ਸਿਹਤ ਸਹੂਲਤਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਹੀ ਹਾਜ਼ਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਸਰਹੱਦ ‘ਤੇ ਐਂਬੂਲੈਂਸਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ 14 ਐਂਬੂਲੈਂਸਾਂ ਨੂੰ ਲੋੜੀਂਦੇ ਸਟਾਫ਼ ਅਤੇ ਦਵਾਈਆਂ ਨਾਲ ਤਿਆਰ ਰੱਖਣ।

ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਰਾਜਪੁਰਾ ਸ਼ੰਭੂ ਸਰਹੱਦ ਦੇ ਨੇੜੇ ਹੋਣ ਕਾਰਨ ਇੱਥੇ ਘੱਟੋ-ਘੱਟ 40 ਜ਼ਖ਼ਮੀਆਂ ਨੂੰ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਦੋ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਹੜਤਾਲ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਮੁਫ਼ਤ ਮੈਡੀਕਲ ਸਹਾਇਤਾ ਯਕੀਨੀ ਬਣਾਏਗੀ।