- ਸਿਹਤ
- No Comment
ਪੰਜਾਬ ਸਰਕਾਰ ਐੱਚਆਈਵੀ ਪੀੜਤਾਂ ਨੂੰ ਮੁਫਤ ਯਾਤਰਾ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰ ਸਕਦੀ ਹੈ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਐਚ.ਆਈ.ਵੀ ਤੋਂ ਪੀੜਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਅਤੇ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਬਾਰੇ ਵਿਚਾਰ ਕਰ ਰਹੀ ਹੈ।
ਪੰਜਾਬ ਸਰਕਾਰ ਨੇ ਐੱਚਆਈਵੀ ਪੀੜਤਾਂ ਦੀ ਮਦਦ ਦਾ ਐਲਾਨ ਕੀਤਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਐਚ.ਆਈ.ਵੀ ਤੋਂ ਪੀੜਤ ਅਤੇ ਪ੍ਰਭਾਵਿਤ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਅਤੇ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਬਾਰੇ ਵਿਚਾਰ ਕਰ ਰਹੀ ਹੈ। ਸਿਹਤ ਮੰਤਰੀ ਨੇ ਇਹ ਜਾਣਕਾਰੀ ਏਡਜ਼ ਬਾਰੇ ਸਟੇਟ ਕੌਂਸਲ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਸਿਹਤ ਮੰਤਰੀ ਨੇ ਕਿਹਾ ਕਿ ਰਾਜ ਪ੍ਰੀਸ਼ਦ ਨੇ ਸੰਕਰਮਿਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਇਲਾਜ ਸਹੂਲਤ (ਐਂਟੀ-ਰੇਟਰੋਵਾਇਰਲ ਥੈਰੇਪੀ) ਕੇਂਦਰ ਤੱਕ ਮਹੀਨੇ ਵਿੱਚ ਇੱਕ ਵਾਰ ਮੁਫਤ ਯਾਤਰਾ ਦੀ ਸਹੂਲਤ ਪ੍ਰਦਾਨ ਕਰਨ ਦਾ ਪ੍ਰਸਤਾਵ ਵੀ ਰੱਖਿਆ ਹੈ। ਉਨ੍ਹਾਂ ਨੇ ਪੀੜਤਾਂ ਲਈ ਦੋਸਤਾਨਾ ਪ੍ਰੋਗਰਾਮ ਤਿਆਰ ਕਰਨ ਲਈ ਟਾਸਕ ਫੋਰਸ ਬਣਾਉਣ ‘ਤੇ ਜ਼ੋਰ ਦਿੱਤਾ। ਇਸ ਦਾ ਉਦੇਸ਼ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਉਣ ਦੇ ਯੋਗ ਬਣਾਉਣਾ ਹੈ।
ਮੀਟਿੰਗ ਵਿੱਚ ਸਿਹਤ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਲਈ ਐਂਟੀ-ਰੇਟਰੋਵਾਇਰਲ ਥੈਰੇਪੀ ਸੈਂਟਰ (ਏ.ਆਰ.ਟੀ. ਸੈਂਟਰ) ਦੇ ਮੈਡੀਕਲ ਅਫ਼ਸਰ ਵੱਲੋਂ ਪ੍ਰਮਾਣਿਤ ਦਸਤਾਵੇਜ਼ਾਂ ਨੂੰ ਸਵੀਕਾਰ ਕਰਨ ਲਈ ਵੀ ਸਹਿਮਤੀ ਪ੍ਰਗਟਾਈ। ਡਾ. ਬਲਬੀਰ ਸਿੰਘ ਨੇ ਉਦਯੋਗਾਂ ਅਤੇ ਕਿਰਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਉਦਯੋਗਿਕ ਅਦਾਰਿਆਂ ਵਿੱਚ ਐਚ.ਆਈ.ਵੀ ਨਾਲ ਸਬੰਧਤ ਨੀਤੀ ਨੂੰ ਲਾਗੂ ਕਰਨ ਦੇ ਨਾਲ-ਨਾਲ 100 ਜਾਂ ਇਸ ਤੋਂ ਵੱਧ ਕਰਮਚਾਰੀ ਰੱਖਣ ਵਾਲੇ ਸਾਰੇ ਉਦਯੋਗਾਂ ਵਿੱਚ ਪੀੜਤਾਂ ਨਾਲ ਸਬੰਧਤ ਵਿਤਕਰੇ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਸ਼ਿਕਾਇਤ ਅਧਿਕਾਰੀ ਨਿਯੁਕਤ ਕਰਨਾ ਯਕੀਨੀ ਬਣਾਉਣ।