ਟੂਰਿਸਟ ਵੀਜ਼ੇ ‘ਤੇ ਰੂਸ ਗਏ ਸੱਤ ਭਾਰਤੀਆਂ ਨੂੰ ਜ਼ਬਰਦਸਤੀ ਜੰਗ ਦੇ ਮੈਦਾਨ ‘ਚ ਉਤਾਰਿਆ ਗਿਆ, ਪ੍ਰਨੀਤ ਕੌਰ ਨੇ ਕੀਤੀ ਦਖਲ ਦੀ ਮੰਗ

ਟੂਰਿਸਟ ਵੀਜ਼ੇ ‘ਤੇ ਰੂਸ ਗਏ ਸੱਤ ਭਾਰਤੀਆਂ ਨੂੰ ਜ਼ਬਰਦਸਤੀ ਜੰਗ ਦੇ ਮੈਦਾਨ ‘ਚ ਉਤਾਰਿਆ ਗਿਆ, ਪ੍ਰਨੀਤ ਕੌਰ ਨੇ ਕੀਤੀ ਦਖਲ ਦੀ ਮੰਗ

ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਸਾਰੇ ਸੱਤ ਭਾਰਤੀਆਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਰੂਸੀ ਅਧਿਕਾਰੀਆਂ ਕੋਲ ਮਾਮਲਾ ਉਠਾਉਣ ਦੀ ਅਪੀਲ ਕੀਤੀ ਹੈ।

ਪ੍ਰਨੀਤ ਕੌਰ ਨੂੰ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਟਿਆਲਾ ਲੋਕਸਭਾ ਸੀਟ ਤੋਂ ਟਿਕਟ ਦਿਤੀ ਗਈ ਹੈ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਰੂਸ-ਯੂਕਰੇਨ ਜੰਗ ਵਿੱਚ ਪਟਿਆਲਾ ਦੇ ਇੱਕ ਨੌਜਵਾਨ ਸਮੇਤ ਸੱਤ ਭਾਰਤੀਆਂ ਨੂੰ ਜਬਰੀ ਫੌਜ ਵਿੱਚ ਭਰਤੀ ਕਰਨ ਅਤੇ ਉਨ੍ਹਾਂ ਨੂੰ ਜੰਗ ਦੇ ਮੈਦਾਨ ਵਿੱਚ ਭੇਜਣ ਦੇ ਮਾਮਲੇ ਵਿੱਚ ਵੱਡਾ ਕਦਮ ਚੁੱਕਿਆ ਹੈ।

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸੱਤ ਭਾਰਤੀਆਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਂਦਾ ਜਾਵੇ। ਪ੍ਰਨੀਤ ਕੌਰ ਨੇ ਪੱਤਰ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਸੰਸਦੀ ਹਲਕੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਡਕਾਲਾ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਜਨਵਰੀ ਵਿੱਚ ਟੂਰਿਸਟ ਵੀਜ਼ੇ ’ਤੇ ਰੂਸ ਗਿਆ ਸੀ। ਉਹ ਉਨ੍ਹਾਂ ਸੱਤ ਭਾਰਤੀ ਨਾਗਰਿਕਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੂੰ ਰੂਸੀਆਂ ਨੇ ਫੜ ਲਿਆ ਸੀ। ਰੂਸੀ ਨਾਗਰਿਕਾਂ ਨੇ ਇਨ੍ਹਾਂ ਸੱਤ ਭਾਰਤੀਆਂ ਨੂੰ ਰੂਸੀ ਫੌਜ ਦੇ ਹਵਾਲੇ ਕਰ ਦਿੱਤਾ।

ਇਸ ਤੋਂ ਬਾਅਦ, ਇਨ੍ਹਾਂ ਭਾਰਤੀਆਂ ਨੂੰ ਜ਼ਬਰਦਸਤੀ ਸਿਖਲਾਈ ਦਿੱਤੀ ਗਈ, ਫੌਜ ਵਿੱਚ ਭਰਤੀ ਕੀਤਾ ਗਿਆ ਅਤੇ ਯੂਕਰੇਨ ਵਿਰੁੱਧ ਲੜਨ ਲਈ ਜੰਗ ਦੇ ਮੈਦਾਨ ਵਿੱਚ ਭੇਜਿਆ ਗਿਆ। ਪ੍ਰਨੀਤ ਕੌਰ ਨੇ ਪੱਤਰ ਵਿੱਚ ਦੱਸਿਆ ਕਿ ਗੁਰਪ੍ਰੀਤ ਦਾ ਪਰਿਵਾਰ ਆਰਥਿਕ ਤੌਰ ’ਤੇ ਕਮਜ਼ੋਰ ਹੈ ਅਤੇ ਉਹ ਰਸੋਈਏ ਜਾਂ ਡਰਾਈਵਰ ਵਜੋਂ ਨੌਕਰੀ ਮਿਲਣ ਦੀ ਆਸ ਵਿੱਚ ਰੂਸ ਗਿਆ ਸੀ। ਉਸ ਦਾ ਪਰਿਵਾਰ ਆਇਆ ਅਤੇ ਮੈਨੂੰ ਮਿਲਿਆ ਅਤੇ ਆਪਣੇ ਪੁੱਤਰ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਮਦਦ ਮੰਗੀ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਇਨ੍ਹਾਂ ਸੱਤ ਲੜਕਿਆਂ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ ਬਚਾਉਣ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਸਾਰੇ ਸੱਤ ਭਾਰਤੀਆਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਉਣ ਲਈ ਰੂਸੀ ਅਧਿਕਾਰੀਆਂ ਕੋਲ ਮਾਮਲਾ ਉਠਾਉਣ ਦੀ ਅਪੀਲ ਕੀਤੀ ਹੈ।