SGPC ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਧਾਮੀ ਨੇ ਕਿਹਾ- ਸਿਰਫ ਸੰਸਦ ਹੀ ਐਕਟ ਵਿੱਚ ਕਰ ਸਕਦੀ ਹੈ ਸੋਧ

SGPC ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਧਾਮੀ ਨੇ ਕਿਹਾ- ਸਿਰਫ ਸੰਸਦ ਹੀ ਐਕਟ ਵਿੱਚ ਕਰ ਸਕਦੀ ਹੈ ਸੋਧ

ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਹੋ ਕੇ ਸਿੱਖਾਂ ਦੇ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰ ਰਹੀ ਹੈ।


ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਗਵੰਤ ਮਾਨ ਸਰਕਾਰ ਦੀ ਨੀਤੀਆਂ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇੱਕ ਵਫ਼ਦ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਿਆ। ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਪਾਸ ਕੀਤੇ ਸਿੱਖ ਗੁਰਦੁਆਰਾ ਸੋਧ ਬਿੱਲ-2023 ਨੂੰ ਮਨਜ਼ੂਰੀ ਨਾ ਦੇਵੇ।

ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਕੇ ਸ਼੍ਰੋਮਣੀ ਕਮੇਟੀ ਦੀਆਂ ਵਿਵਸਥਾਵਾਂ ਵਿੱਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਗੈਰ-ਸੰਵਿਧਾਨਕ ਹੈ ਅਤੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਨੂੰ ਵਿਸਥਾਰ ਨਾਲ ਸੁਣਨ ਤੋਂ ਬਾਅਦ ਰਾਜਪਾਲ ਨੇ ਭਰੋਸਾ ਦਿੱਤਾ ਕਿ ਉਹ ਇਸ ਬਿੱਲ ਦੀ ਸੰਵਿਧਾਨ ਅਨੁਸਾਰ ਪੜਤਾਲ ਕਰਨਗੇ ਅਤੇ ਬੇਇਨਸਾਫ਼ੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਹੋ ਕੇ ਸਿੱਖਾਂ ਦੇ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰ ਰਹੀ ਹੈ।

ਸਰਕਾਰ ਨੇ ਵਿਧਾਨ ਸਭਾ ਵਿੱਚ ਗੁਰਬਾਣੀ ਪ੍ਰਸਾਰਣ ਦਾ ਮੁੱਦਾ ਉਠਾ ਕੇ ਸਿੱਖ ਗੁਰਦੁਆਰਾ ਐਕਟ 1925 ਵਿੱਚ ਦਖ਼ਲਅੰਦਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਵਿੱਚ ਕੋਈ ਵੀ ਸੋਧ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਹੀ ਕਰ ਸਕਦੀ ਹੈ। ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਪੂਰੀ ਤਰ੍ਹਾਂ ਪ੍ਰਬੰਧਕੀ ਹੈ, ਜਿਸਨੂੰ ਆਮ ਆਦਮੀ ਪਾਰਟੀ ਆਪਣੇ ਸਿਆਸੀ ਹਿੱਤਾਂ ਲਈ ਵਰਤ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਦਾ ਮਕਸਦ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਹੈ, ਪਰ ਸਿੱਖ ਕੌਮ ਅਜਿਹਾ ਨਹੀਂ ਹੋਣ ਦੇਵੇਗੀ।